ਪੁਲੀਸ ਨੇ ਅੰਮ੍ਰਿਤਪਾਲ ਸਿੰਘ ਨੂੰ ਸਾਥੀਆਂ ਸਣੇ ਗ੍ਰਿਫ਼ਤਾਰ ਕੀਤਾ, ਰਾਜ ’ਚ ਇੰਟਰਨੈੱਟ ਸੇਵਾਵਾਂ ਐਤਵਾਰ ਦੁਪਹਿਰ 12 ਵਜੇ ਤੱਕ ਬੰਦ

ਜਲੰਧਰ (ਸਮਾਜ ਵੀਕਲੀ): ਪੰਜਾਬ ਪੁਲੀਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਉਸ ਦੇ 6 ਸਾਥੀਆਂ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਕੁੱਝ ਸਾਥੀਆਂ ਨੂੰ ਆਪਣੀਆਂ ਗੱਡੀਆਂ ਰਾਹੀਂ ਸ਼ਾਹਕੋਟ ਥਾਣੇ ’ਚੋਂ ਲੈ ਕੇ ਰਵਾਨਾ ਹੋਈ। ਇਸ ਦੌਰਾਨ ਐੱਸਪੀ (ਡੀ) ਜਲੰਧਰ ਸਰਬਜੀਤ ਸਿੰਘ ਬਾਹੀਆ ਮੌਜੂਦ ਸਨ ਪਰ ਕਿਸੇ ਵੀ ਪੁਲੀਸ ਅਧਿਕਾਰੀ ਵੱਲੋਂ ਪੱਤਰਕਾਰਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਨੂੰ ਪੁਲੀਸ ਕਿਸੇ ਅਣਦੱਸੀ ਥਾਂ ‘ਤੇ ਲੈ ਗਈ ਹੈ। ਅੱਜ ਸਵੇਰ ਤੋਂ ਹੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਵਿੱਢੀ ਗਈ ਸੀ। ਮਹਿਤਪੁਰ, ਮਲਸੀਆਂ ਅਤੇ ਸ਼ਾਹਕੋਟ ਇਲਾਕੇ ਵਿੱਚ ਪੁਲੀਸ ਵੱਲੋਂ ਅੰਮ੍ਰਿਤਪਾਲ ਸਿੰਘ ਦਾ ਕਾਫ਼ਲਾ ਰੋਕਣ ਮਗਰੋਂ ਉਨ੍ਹਾਂ ਦੇ 6 ਸਾਥੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ ਪਰ ਅੰਮ੍ਰਿਤਪਾਲ ਸਿੰਘ ਮੌਕੇ ‘ਤੋਂ ਨਿਕਲਣ ਵਿੱਚ ਸਫ਼ਲ ਹੋ ਗਏ ਸਨ। ਪੁਲੀਸ ਨੇ ਉਨ੍ਹਾਂ ਦਾ ਲਗਾਤਾਰ ਪਿੱਛਾ ਕੀਤਾ। ਇਸ ਦੌਰਾਨ ਸਰਕਾਰ ਨੇ ਪੰਜਾਬ ਦੇ ਕਈ ਖੇਤਰਾਂ ਵਿੱਚ ਐਤਵਾਰ ਦੁਪਹਿਰ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ।

ਇਸੇ ਦੌਰਾਨ ਇਕ ਗੱਡੀ, ਜਿਸ ਵਿੱਚ ਸਮਝਿਆ ਜਾਂਦਾ ਹੈ ਕਿ ਅੰਮ੍ਰਿਤਪਾਲ ਸਿੰਘ ਆਪ ਮੌਜੂਦ ਸੀ, ਵਿੱਚੋਂ ਸੰਗਤ ਨੂੰ ਇਹ ਅਪੀਲ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਲੋਕੇਸ਼ਨ ਭੇਜੀ ਜਾ ਰਹੀ ਹੈ ਅਤੇ ਉਹ ਉਸ ਲੋਕੇਸ਼ਨ ‘ਤੇ ਪਹੁੰਚਣ। ਇਹ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਹੀ ਸਰਕਾਰ ਵੱਲੋਂ ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਤਾਂ ਜੋ ਲੋਕ ਕਿਤੇ ਵੀ ਇਕੱਤਰ ਨਾ ਹੋ ਸਕਣ ਅਤੇ ਦੂਜੇ ਇਸ ਮਾਮਲੇ ਵਿੱਚ ਸੋਸ਼ਲ ਮੀਡੀਆ ‘ਤੇ ਕੋਈ ਅਫ਼ਵਾਹਾਂ ਨਾ ਫ਼ੈਲਾਈਆਂ ਜਾ ਸਕਣ।

ਇਸ ਦੌਰਾਨ ਪੰਜਾਬ ਵਿੱਚ 19 ਮਾਰਚ ਤਕ ਦੁਪਹਿਰ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਹ ਆਦੇਸ਼ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਜਾਰੀ ਕੀਤੇ ਹਨ। ਦੂਜੇ ਪਾਸੇ ਪੰਜਾਬ ਪੁਲੀਸ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਪੁਲੀਸ ਜੋ ਵੀ ਕਰ ਰਹੀ ਹੈ, ਉਹ ਸੂਬੇ ’ਚ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਕਰ ਰਹੀ ਹੈ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleFairly widespread light to moderate rain likely in J&K
Next articleਮੈਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ: ਟਰੰਪ