ਗਿਆਨੀ ਰਘਬੀਰ ਸਿੰਘ ਬਣੇ ਅਕਾਲ ਤਖ਼ਤ ਦੇ ਜਥੇਦਾਰ

 

  • ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਦੀ ਜ਼ਿੰਮੇਵਾਰੀ ਸੌਂਪੀ
  • ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਹੀ ਜ਼ਿੰਮੇਵਾਰੀ ਤੋਂ ਵੱਖ ਹੋਣ ਦਾ ਲਿਆ ਫ਼ੈਸਲਾ: ਧਾਮੀ

ਅੰਮ੍ਰਿਤਸਰ (ਸਮਾਜ ਵੀਕਲੀ): ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਕੋਲੋਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਸੌਂਪੀਆਂ ਵਾਧੂ ਸੇਵਾਵਾਂ ਵਾਪਸ ਲੈਂਦਿਆਂ ਅੱਜ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਦਾ ਨਿਯਮਤ ਜਥੇਦਾਰ ਨਿਯੁਕਤ ਕਰ ਦਿੱਤਾ ਹੈ। ਗਿਆਨੀ ਰਘਬੀਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਮੁੱਖ ਗ੍ਰੰਥੀ ਵਜੋਂ ਵੀ ਸੇਵਾ ਨਿਭਾਉਣਗੇ। ਇਹ ਫ਼ੈਸਲਾ ਸ਼੍ਰੋਮਣੀ ਕਮੇਟੀ ਵਲੋਂ ਸੱਦੀ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਵਿਚ ਲਿਆ ਗਿਆ। ਅੰਤ੍ਰਿੰਗ ਕਮੇਟੀ ਨੇ ਗਿਆਨੀ ਸੁਲਤਾਨ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਜ਼ਿੰਮੇਵਾਰੀ ਸੌਂਪੀ ਹੈ। ਉਂਜ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਆਪਣੀਆ ਸੇਵਾਵਾਂ ਜਾਰੀ ਰਖਣਗੇ। ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਕਈ ਵੱਡੇ ਫ਼ੈਸਲੇ ਲਏ ਗਏ ਅਤੇ ਲਗਪਗ 30 ਮਿੰਟਾਂ ਤੋਂ ਵੀ ਘੱਟ ਸਮੇਂ ਵਿਚ ਇਹ ਮੀਟਿੰਗ ਖ਼ਤਮ ਹੋ ਗਈ। ਮੀਟਿੰਗ ਮਗਰੋਂ ਅੰਤ੍ਰਿੰਗ ਕਮੇਟੀ ਦੇ ਫ਼ੈਸਲਿਆਂ ਦੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਧਾਮੀ ਨੇ ਦੱਸਿਆ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਇੱਛਾ ਨਾਲ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਦੀਆਂ ਵਾਧੂ ਸੇਵਾਵਾਂ ਨਿਭਾਉਣ ’ਚ ਅਸਮਰੱਥਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਦੀ ਥਾਂ ਪੱਕੇ ਜਥੇਦਾਰ ਦੀ ਨਿਯੁਕਤੀ ਕਰਨ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ।

ਉਨ੍ਹਾਂ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਸੇਵਾ ਦੇ ਨਾਲ ਹੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਤੌਰ ਗ੍ਰੰਥੀ ਵਜੋਂ ਆਪਣੀ ਸੇਵਾ ਜਾਰੀ ਰਖਣਗੇ। ਇਸ ਮੌਕੇ ਅੰਤ੍ਰਿੰਗ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ। ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ ਵਾਲੇ, ਜਿਨ੍ਹਾਂ ਨੂੰ ਕਾਰਜਕਾਰੀ ਹੈੱਡ ਗ੍ਰੰਥੀ ਦੀ ਸੇਵਾ ਸੌਂਪੀ ਸੀ, ਪਹਿਲਾਂ ਵਾਂਗ ਵਧੀਕ ਹੈੱਡ ਗ੍ਰੰਥੀ ਵਜੋਂ ਸੇਵਾ ਨਿਭਾਉਣਗੇ। ਜ਼ਿਕਰਯੋਗ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਪਿਛਲੇ ਕੁਝ ਸਮੇਂ ਤੋਂ ਵਿਵਾਦਾਂ ਦੇ ਘੇਰੇ ਵਿਚ ਸਨ। ਉਹ ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਦੇ ਮੰਗਣੀ ਸਮਾਗਮ ਵਿਚ ਸ਼ਿਰਕਤ ਕਰਨ ਗਏ ਸਨ ਅਤੇ ਉਸ ਤੋਂ ਬਾਅਦ ਹੀ ਸ਼੍ਰੋਮਣੀ ਅਕਾਲੀ ਦਲ ਵਲੋਂ ਇਤਰਾਜ਼ ਕੀਤਾ ਜਾ ਰਿਹਾ ਸੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ ’ਤੇ ਲੋਕਾਂ ਨਾਲ ਜੁੜਨ ਅਤੇ ਪਿੰਡਾਂ ਵੱਲ ਤੁਰਨ ਦੇ ਦਿੱਤੇ ਗਏ ਸੁਝਾਅ ਵੀ ਹਜ਼ਮ ਨਹੀਂ ਹੋਏ ਸਨ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਾਵਰਕਾਮ ਸੀ.ਐੱਚ.ਬੀ ਤੇ ਡਬਲਿਊ ਆਊਟਸੋਰਸਡ ਠੇਕਾ ਕਾਮੇ 19 ਜੂਨ ਨੂੰ ਵਿਧਾਨਸਭਾ ਵੱਲ ਕਰਨਗੇ ਮਾਰਚ ਅਤੇ ਲਗਾਉਣ ਗਏ ਲਗਾਤਾਰ ਧਰਨਾ:- ਬਲਿਹਾਰ ਸਿੰਘ
Next articleਮਨੀਪੁਰ ਹਿੰਸਾ: ਵਿਦੇਸ਼ ਰਾਜ ਮੰਤਰੀ ਦੇ ਘਰ ਦੀ ਭੰਨ-ਤੋੜ