ਕਮਜ਼ੋਰ ਵਰਗਾਂ, ਬੇਰੁਜ਼ਗਾਰਾਂ ਅਤੇ ਸਵੈ-ਸਹਾਇਤਾ ਸਮੂਹਾਂ ਨੂੰ ਵੱਧ ਤੋਂ ਵੱਧ ਕਰਜ਼ੇ ਦੇਣ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ (ਸਮਾਜ ਵੀਕਲੀ)(ਸਤਨਾਮ ਸਿੰਘ ਸਹੂੰਗੜਾ)
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਜ਼ਿਲ੍ਹੇ ਦੀਆਂ ਵੱਖ-ਵੱਖ ਬੈਂਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸ ਸਬੰਧੀ ਜ਼ਿਲ੍ਹਾ ਸਲਾਹਕਾਰ ਕਮੇਟੀ ਅਤੇ ਜ਼ਿਲ੍ਹਾ ਪੱਧਰੀ ਸਮੀਖਿਆ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਬੈਂਕਾਂ ਨੂੰ ਸਮਾਜ ਦੇ ਕਮਜ਼ੋਰ ਵਰਗਾਂ, ਪੜ੍ਹੇ-ਲਿਖੇ ਬੇਰੁਜ਼ਗਾਰਾਂ ਅਤੇ ਸਵੈ-ਸਹਾਇਤਾ ਸਮੂਹਾਂ ਨੂੰ ਵੱਧ ਤੋਂ ਵੱਧ ਕਰਜ਼ੇ ਦੇਣ ਦੇ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਕਰਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਮੀਟਿੰਗ ਵਿਚ ਜ਼ਿਲ੍ਹੇ ਦੀ ਲੀਡ ਬੈਂਕ ਪੰਜਾਬ ਨੈਸ਼ਨਲ ਬੈਂਕ ਦੇ ਸਰਕਲ ਹੈੱਡ ਅਤੇ ਡੀ. ਜੀ. ਐਮ ਸੰਜੀਵ ਕੁਮਾਰ, ਜ਼ਿਲ੍ਹਾ ਲੀਡ ਮੈਨੇਜਰ ਰਾਜੇਸ਼ ਜੋਸ਼ੀ, ਆਰ. ਬੀ. ਆਈ ਦੇ ਐਲ. ਡੀ. ਓਸੰਜੀਵ ਸਿੰਘ, ਡੀ. ਡੀ. ਐਮ ਨਾਬਾਰਡ ਰਜਤ ਛਾਬੜਾ, ਜਨਰਲ ਮੈਨੇਜਰ ਡੀ. ਆਈ. ਸੀ ਅਰੁਣ ਕੁਮਾਰ ਅਤੇ ਵੱਖ-ਵੱਖ ਬੈਂਕਾਂ ਦੇ ਨੁਮਾਇੰਦੇ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਮੌਕੇ ਦੱਸਿਆ ਕਿ ਕਰਜ਼ਾ ਯੋਜਨਾ ਸਾਲ 2023-24 ਤਹਿਤ ਜ਼ਿਲ੍ਹੇ ਦੀਆਂ ਬੈਂਕਾਂ ਵੱਲੋਂ ਮਾਰਚ 2024 ਤੱਕ ਕੁੱਲ 14625.24 ਕਰੋੜ ਰੁਪਏ ਦੇ ਕਰਜ਼ੇ ਦਿੱਤੇ ਗਏ। ਇਸ ਵਿਚ ਤਰਜੀਹੀ ਖੇਤਰ ਨੂੰ 11040.75 ਕਰੋੜ ਰੁਪਏ ਦੇ ਕਰਜ਼ੇ ਦਿੱਤੇ ਗਏ ਜਦਕਿ ਗੈਰ-ਤਰਜੀਹੀ ਖੇਤਰ ਵਿਚ 3584.49 ਕਰੋੜ ਰੁਪਏ ਦੇ ਕਰਜ਼ੇ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਤਰਜੀਹੀ ਖੇਤਰ ਵਿਚ 6768.76 ਕਰੋੜ ਰੁਪਏ ਖੇਤੀਬਾੜੀ ਲਈ, 3884.25 ਕਰੋੜ ਰੁਪਏ ਗੈਰ ਖੇਤੀ ਖੇਤਰ ਲਈ ਅਤੇ 387.74 ਕਰੋੜ ਰੁਪਏ ਹੋਰਨਾਂ ਤਰਜੀਹੀ ਖੇਤਰਾਂ ਨੂੰ ਕਰਜ਼ ਵਜੋਂ ਦਿੱਤੇ ਗਏ। ਉਨ੍ਹਾਂ ਸੀ. ਡੀ ਰੇਸ਼ੋ ਵਧਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਬੈਂਕਾਂ ਨੂੰ ਇਸ ਵੱਲ ਧਿਆਨ ਦੇਣ ਲਈ ਕਿਹਾ, ਤਾਂ ਜੋ ਵੱਧ ਤੋਂ ਵੱਧ ਲੋਕ ਖਾਸ ਤੌਰ ’ਤੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਲੋਕ ਕਰਜ਼ੇ ਪ੍ਰਾਪਤ ਕਰਕੇ ਆਰਥਿਕ ਧੰਦੇ ਸ਼ੁਰੂ ਕਰਕੇ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ। ਡਿਪਟੀ ਕਮਿਸ਼ਨਰ ਨੇ ਸਵੈ-ਸਹਾਈ ਗਰੁੱਪਾਂ ਨੂੰ ਵੀ ਵੱਧ ਤੋਂ ਵੱਧ ਕਰਜ਼ਾ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਬੈਂਕਾਂ ਨੂੰ ਵੱਖ-ਵੱਖ ਸਕੀਮਾਂ ਅਧੀਨ ਲੋਕਾਂ ਨੂੰ ਜਾਣਕਾਰੀ ਦੇਣ ਅਤੇ ਖੇਤੀਬਾੜੀ ਅਤੇ ਲਘੂ ਉਦਯੋਗਾਂ, ਸੇਵਾ ਖੇਤਰ, ਸਰਕਾਰੀ ਪ੍ਰੋਗਰਾਮਾਂ, ਜਿਵੇਂ ਕਿ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ, ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ, ਪ੍ਰਧਾਨ ਸਵੈਨਿਧੀ ਯੋਜਨਾ, ਡੇਅਰੀ ਟਾਈ ਅੱਪ ਯੋਜਨਾ ਆਦਿ ਅਧੀਨ ਕਰਜ਼ੇ ਦੇਣ ਦੀ ਕਾਰਵਾਈ ਵਿਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਬੈਂਕਾਂ ਨੂੰ ਕਿਹਾ ਕਿ ਡੀ. ਆਰ. ਆਈ ਸਕੀਮ ਵਿਚ ਵੱਧ ਤੋਂ ਵੱਧ ਗਰੀਬ ਲੋਕਾਂ ਨੂੰ ਕਰਜ਼ਾ ਦਿੱਤਾ ਜਾਵੇ ਤਾਂ ਜੋ ਉਨ੍ਹਾਂ ਦੀ ਆਮਦਨ ਵਿਚ ਵਾਧਾ ਹੋ ਸਕੇ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਬੈਂਕਾਂ ਨੂੰ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਦੇ ਅਧੀਨ ਵੱਧ ਤੋਂ ਵੱਧ ਗ਼ਰੀਬ ਲੋਕਾਂ ਦਾ ਬੀਮਾ ਕੀਤਾ ਜਾਵੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਾਬ ਨੈਸ਼ਨਲ ਬੈਂਕ ਦੇ ਸਰਕਲ ਹੈੱਡ ਅਤੇ ਡੀ. ਜੀ. ਐਮ ਸੰਜੀਵ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਬੈਂਕਾਂ ਵਿਚ ਜਮ੍ਹਾ ਰਾਸ਼ੀ, ਜੋ ਕਿ ਮਾਰਚ 2023 ਵਿਚ 40291 ਕਰੋੜ ਸੀ, ਉਹ ਮਾਰਚ 2024 ਵਿਚ ਵੱਧ ਕੇ 44273 ਕਰੋੜ ਰੁਪਏ ਹੋ ਗਈ ਹੈ। ਇਸੇ ਤਰ੍ਹਾਂ ਬੈਂਕਾਂ ਵੱਲੋਂ ਦਿੱਤੇ ਗਏ ਕੁੱਲ ਕਰਜ਼ੇ ਦੀ ਰਾਸ਼ੀ ਜੋ ਕਿ ਮਾਰਚ 2023 ਵਿਚ 11336 ਕਰੋੜ ਰੁਪਏ ਸੀ, ਮਾਰਚ 2024 ਵਿਚ ਵੱਧ ਕੇ 13380 ਕਰੋੜ ਰੁਪਏ ਹੋ ਗਈ ਹੈ।
ਜ਼ਿਲ੍ਹਾ ਲੀਡ ਮੈਨੇਜਰ ਰਾਜੇਸ਼ ਜੋਸ਼ੀ ਨੇ ਇਸ ਮੌਕੇ ਦੱਸਿਅ ਕਿ ਜ਼ਿਲ੍ਹੇ ਦੀਆਂ ਬੈਂਕਾਂ ਵੱਲੋਂ 1822 ਕਿਸਾਨਾਂ ਨੂੰ 53.60 ਕਰੋੜ ਰੁਪਏ ਦੇ ਕਿਸਾਨ ਕਾਰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਬੈਂਕਾਂ ਨੂੰ ਸੀ. ਡੀ ਰੇਸ਼ੋ ਵਿਚ ਬਿਹਤਰੀ ਲਿਆਉਣ ਲਈ ਵੱਧ ਤੋਂ ਵੱਧ ਕਰਜ਼ੇ ਦੇਣ ਲਈ ਕਿਹਾ। ਉਨ੍ਹਾਂ ਬੈਂਕ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਨਵੇਂ ਕਾਰੋਬਾਰੀਆਂ ਨੂੰ ਵੱਧ ਤੋਂ ਵੱਧ ਕਰਜ਼ਾ ਪ੍ਰਦਾਨ ਕੀਤਾ ਜਾਵੇ, ਤਾਂ ਜੋ ਜ਼ਿਲ੍ਹੇ ਵਿਚ ਵੱਧ ਤੋਂ ਵੱਧ ਉਦਯੋਗ ਲੱਗ ਸਕਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਉਪਲਬੱਧ ਹੋ ਸਕਣ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦਾ ਬੈਂਕਾਂ ਨੂੰ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਮੀਟਿੰਗ ਵਿਚ ਜ਼ਿਲ੍ਹਾ ਉਦਯੋਗ ਵਿਭਾਗ, ਐਸ. ਆਰ. ਐਲ. ਐਮ/ਐਨ. ਯੂ. ਐਲ. ਐਮ ਆਦਿ ਦੇ ਅਧਿਕਾਰੀ ਅਤੇ ਸਾਰੇ ਬੈਂਕਾਂ ਦੇ ਡੀ. ਸੀ. ਓ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly