ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਦਾ ਆਮ ਜਨਤਾ ਤੱਕ ਪਹੁੰਚਇਆ ਜਾਵੇ ਲਾਭ – ਬ੍ਰਹਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ)
ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸਾਰਿਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਦਾ ਆਮ ਲੋਕਾਂ ਤੱਕ ਲਾਭ ਪਹੁੰਚਾਇਆ ਜਾਵੇ ਅਤੇ ਸਮੇਂ ਸਿਰ ਨਾਗਰਿਕ ਸੇਵਾਵਾਂ ਦੇਣੀਆਂ ਯਕੀਨੀ ਬਣਾਈਆਂ ਜਾਣ। ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਲੋਕਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਨਾਗਰਿਕ ਸੇਵਾਵਾਂ ਦੇਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਰਕਾਰ ਦੇ ਪ੍ਰਤੀ ਵਿਸ਼ਵਾਸ ਹੁੰਦਾ ਹੈ ਅਤੇ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਉਸ ’ਤੇ ਖਰਾ ਉਤਰੀਏ। ਉਨ੍ਹਾਂ ਕਿਹਾ ਕਿ ਕਾਨੂੰਨ ਅਤੇ ਵਿਵਸਥਾ, ਨਸ਼ੇ ਦੇ ਖ਼ਾਤਮੇ ਅਤੇ ਸਿਹਤ ਸੇਵਾਵਾਂ ਵਿਚ ਸੁਧਾਰ ’ਤੇ ਠੋਸ ਕਦਮ ਚੁੱਕਣ ਦੀ ਲੋੜ ਹੈ।
ਬ੍ਰਹਮ ਸ਼ੰਕਰ ਜਿੰਪਾ ਨੇ ਐਸ.ਐਸ.ਪੀ ਹੁਸ਼ਿਆਰਪੁਰ ਨੂੰ ਨਿਰਦੇਸ਼ ਦਿੱਤੇ ਕਿ ਨਸ਼ੇ ’ਤੇ ਲਗਾਮ ਲਗਾਉਣ ਲਈ ਕੋਈ ਕਮੀ ਨਾ ਛੱਡੀ ਜਾਵੇ ਅਤੇ ਜੋ ਕੋਈ ਵੀ ਇਸ ਮਾਮਲੇ ਵਿਚ ਸ਼ਾਮਿਲ ਹਨ, ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਦੀ ਜਨਤਾ ਨੂੰ ਪੰਜਾਬ ਸਰਕਾਰ ਤੋਂ ਬਹੁਤ ਉਮੀਦ ਹੈ ਅਤੇ ਸਰਕਾਰ ਲੋਕਾਂ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕਰਨ ਪ੍ਰਤੀ ਵਚਨਬੱਧ ਹੈ। ਉਨ੍ਹਾਂ ਆਰ.ਟੀ.ਓ ਨੂੰ ਜਿਥੇ ਰੋਡ ਸੇਫਟੀ ਸਬੰਧੀ ਯੋਗ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ, ਉਥੇ ਮਾਈਨਿੰਗ ਅਧਿਕਾਰੀ ਨੂੰ ਹੜ੍ਹ ਸੁਰੱਖਿਆ ਪ੍ਰਬੰਧਾਂ ਤੋਂ ਇਲਾਵਾ ਭੰਗੀ ਚੋਅ ਦੀ ਸਫਾਈ ਸਬੰਧੀ ਵੀ ਹਦਾਇਤ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰੀ ਹਸਪਤਾਲ ਵਿਚ ਸਫ਼ਾਈ ਵਿਵਸਥਾ ਦਰੁੱਸਤ ਬਣਾਉਣ ਅਤੇ ਮਰੀਜ਼ਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਕਿਹਾ। ਇਸ ਦੌਰਾਨ ਉਨ੍ਹਾਂ ਨਗਰ ਸੁਧਾਰ ਟਰੱਸਟ, ਪੰਜਾਬ ਰੋਡਵੇਜ਼, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ, ਪੇਂਡੂ ਵਿਕਾਸ, ਟਾਊਨ ਪਲੈਨਿੰਗ, ਪਸ਼ੂ ਪਾਲਣ, ਸਹਿਕਾਰੀ ਸਭਾਵਾਂ, ਨੈਸ਼ਨਲ ਹਾਈਵੇਅ, ਫੂਡ ਸਪਲਾਈ, ਮੰਡੀ ਬੋਰਡ, ਨਗਰ ਨਿਗਮ, ਪਾਵਰ ਕਾਰਪੋਰੇਸ਼ਨ, ਲੋਕ ਨਿਰਮਾਣ ਵਿਭਾਗ, ਪਬਲਿਕ ਹੈਲਥ ਸਹਿਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕੈਬਨਿਟ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਜਾਵੇਗੀ ਅਤੇ ਮਾਨਯੋਗ ਮੁੱਖ ਮੰਤਰੀ ਦੇ ਵਿਜ਼ਨ ਨੂੰ ਜ਼ਿਲ੍ਹੇ ਵਿਚ ਪੂਰੀ ਤਰ੍ਹਾਂ ਨਾਲ ਲਾਗੂ ਕਰਵਾਉਣ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਪ੍ਰੀਤ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਸ਼ਾ ਵਿਭਾਗ ਵੱਲੋਂ ਕਰਵਾਏ ਜਾਣਗੇ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ
Next articleSUNDAY SAMAJ WEEKLY = 21/07/2024