ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਜ਼ਿਲ੍ਹੇ ਨੂੰ ਦਿੱਤੇ 7 ਕਰੋੜ ਰੁਪਏ

ਹਰੇਕ ਵਿਧਾਨ ਸਭਾ ਹਲਕੇ ’ਚ 1-1 ਕਰੋੜ ਰੁਪਏ ਨਾਲ ਸਕੂਲਾਂ ’ਚ ਕਰਵਾਏ ਜਾ ਸਕਣਗੇ ਵਿਕਾਸ ਕਾਰਜ

ਹੁਸ਼ਿਆਰਪੁਰ (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ)
ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰਧਾਨਗੀ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਚ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਇਕ ਮਹੱਤਵਪੂਰਨ ਮੀਟਿੰਗ ਹੋਈ। ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ, ਵਿਧਾਇਕ ਸ਼ਾਮ ਚੁਰਾਸੀ ਡਾ. ਰਵਜੋਤ ਸਿੰਘ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਮੌਜੂਦ ਸਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਜੋ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਚੇਅਰਮੈਨ ਹਨ, ਨੇ ਕਿਹਾ ਕਿ ਇਸ ਮੀਟਿੰਗ ਦਾ ਉਦੇਸ਼ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਹਾਜ਼ਰ ਕੈਬਨਿਟ ਮੰਤਰੀ ਜਿੰਪਾ, ਡਿਪਟੀ ਸਪੀਕਰ ਰੌੜੀ ਅਤੇ ਸਮੂਹ ਵਿਧਾਇਕਾਂ ਵੱਲੋਂ ਵੀ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦੇ ਬਾਰੇ ਵਿਚ ਜਾਣਕਾਰੀ ਹਾਸਲ ਕੀਤੀ ਗਈ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ 7 ਵਿਧਾਨ ਸਭਾ ਹਲਕਿਆਂ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ 7 ਕਰੋੜ ਰੁਪਏ (ਪ੍ਰਤੀ ਵਿਧਾਨ ਸਭਾ ਹਲਕਾ 1-1 ਕਰੋੜ ਰੁਪਏ) ਦਿੱਤੇ ਜਾ ਰਹੇ ਹਨ। ਉਨ੍ਹਾਂ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਅਤੇ ਸਬੰਧਤ ਅਧਿਕਾਰੀਆਂ ਤੋਂ ਪ੍ਰਗਤੀ ਰਿਪੋਰਟ ਮੰਗੀ। ਇਸ ਦੌਰਾਨ ਉਨ੍ਹਾਂ ਸਿੱਖਿਆ ਵਿਭਾਗ, ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਅਤੇ ਸੀਵਰੇਜ ਬੋਰਡ, ਮੰਡੀ ਬੋਰਡ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਉਦਯੋਗ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਨਾਲ-ਨਾਲ ਪੁਲਿਸ ਅਤੇ ਹੋਰਨਾਂ ਵਿਭਾਗਾਂ ਦੇ ਕੰਮਕਾਜ਼ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਕਦਮ ਚੁੱਕੇ ਜਾਣ ਅਤੇ ਨਸ਼ੇ ’ਤੇ ਲਗਾਮ ਲਗਾਉਣ ਲਈ ਨਸ਼ਾ ਤਸਕਰਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ।
ਹਰਜੋਤ ਸਿੰਘ ਬੈਂਸ ਨੇ ਸਾਰੇ ਅਧਿਕਾਰੀਆਂ ਨੂੰ ਟੀਮ ਭਾਵਨਾ ਨਾਲ ਮਿਲ ਕੇ ਕੰਮ ਕਰਨ ਅਤੇ ਜ਼ਿਲ੍ਹੇ ਦੇ ਵਿਕਾਸ ਨੂੰ ਪਹਿਲ ਦੇਣ ਦੀ ਬੇਨਤੀ ਕੀਤੀ। ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਬਣੀ ਰਹੇ। ਉਨ੍ਹਾਂ ਕਿਹਾ ਕਿ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੰਖਿਆ, ਭਾਸ਼ਾ ਅਤੇ ਸਕੂਲ ਸਿੱਖਿਆ ਦੇ ਖੇਤਰਾਂ ਵਿਚ ਜ਼ਿਲ੍ਹੇ ਨੂੰ ਮੋਹਰੀ ਬਣਾਉਣਾ ਉਨ੍ਹਾਂ ਦੀ ਤਰਜ਼ੀਹ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨ੍ਹਾਂ ਖੇਤਰਾਂ ਵਿਚ ਵਿਸ਼ੇਸ਼ ਧਿਆਨ ਦੇਣ ਅਤੇ ਵਿਦਿਆਰਥੀਆਂ ਲਈ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਸਿਖਲਾਈ ਸੁਵਿਧਾਵਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਵਿਕਾਸ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਹਰ ਮਹੀਨੇ ਇਸ ਤਰ੍ਹਾਂ ਦੀਆਂ ਮੀਟਿੰਗਾਂ ਆਯੋਜਿਤ ਹੁੰਦੀਆਂ ਰਹਿਣਗੀਆਂ, ਤਾਂ ਜੋ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਸਕੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਗੌਰਮਿੰਟ ਟੀਚਰ ਯੂਨੀਅਨ ਗੜ੍ਹਸ਼ੰਕਰ-1 ਅਤੇ ਗੜ੍ਹਸ਼ੰਕਰ-2 ਦੀਆ ਨਵੀਆਂ ਕਮੇਟੀਆਂ ਦੀ ਚੋਣ ਕੀਤੀ
Next articleਭਾਸ਼ਾ ਵਿਭਾਗ ਨੇ ਕਰਵਾਏ ਪੰਜਾਬੀ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਮੁਕਾਬਲੇ