ਅੰਤਰ ਵਿਭਾਗੀ ਸਹਿਯੋਗ ਦੀ ਮਹੱਤਤਾ ਦੀ ਲੋੜ ’ਤੇ ਜ਼ੋਰ
ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜੀਵ ਵਰਮਾ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਅੱਜ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੇ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਸਬੰਧੀ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜੀਵ ਵਰਮਾ ਨੇ ਸਿਹਤ ਅਧਿਕਾਰੀਆਂ ਸਮੇਤ ਵੱਖ-ਵੱਖ ਸਹਿਯੋਗੀ ਵਿਭਾਗਾਂ ਨੂੰ ਬਰਸਾਤ ਦੇ ਮੌਸਮ ਵਿਚ ਜ਼ਿਲ੍ਹੇ ਵਿਚ ਜੀਵਾਣੂਆਂ ਅਤੇ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਮੁਸਤੈਦ ਰਹਿਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜੀਵਾਣੂਆਂ ਅਤੇ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹੇ ਅੰਦਰ ਸਾਰੇ ਸਹਿਯੋਗੀ ਵਿਭਾਗ ਮਿਲ ਕੇ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਜੀਵਾਣੂਆਂ ਨਾਲ ਡੇਂਗੂ, ਮਲੇਰੀਆ ਤੇ ਚਿਕਨਗੁਣੀਆ ਅਤੇ ਦੂਸ਼ਿਤ ਪਾਣੀ ਨਾਲ ਦਸਤ, ਉਲਟੀਆਂ, ਹੈਜ਼ਾ, ਪੀਲੀਆ ਵਰਗੀਆਂ ਬਿਮਾਰੀਆਂ ਦੇ ਪ੍ਰਸਾਰ ਨੂੰ ਰੋਕਣ ਲਈ ਅੰਤਰ ਵਿਭਾਗੀ ਸਹਿਯੋਗ ਬਹੁਤ ਜ਼ਰੂਰਤ ਹੈ। ਉਨ੍ਹਾਂ ਸਿਹਤ ਅਫਸਰਾਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਨਗਰ ਕੌਂਸਲ, ਸਿੱਖਿਆ ਵਿਭਾਗ, ਏਕੀਕ੍ਰਿਤ ਬਾਲ ਵਿਕਾਸ ਵਿਭਾਗ ਸਮੇਤ ਸਾਰੇ ਸਹਿਯੋਗੀ ਵਿਭਾਗ ਆਪਸੀ ਤਾਲਮੇਲ ਰਾਹੀਂ ਬਿਮਾਰੀਆਂ ਦੀ ਰੋਕਥਾਮ ਲਈ ਤੁਰੰਤ ਉਪਾਵਾਂ ਨੂੰ ਅਮਲ ਵਿਚ ਲਿਆਉਣ ਲਈ ਕਾਰਵਾਈ ਕਰਨੀ ਯਕੀਨੀ ਬਣਾਉਣ ਤਾਂ ਜੋ ਸਮਾਂ ਰਹਿੰਦਿਆਂ ਤੁਰੰਤ ਉੱਚਿਤ ਉਪਾਵਾਂ ਰਾਹੀਂ ਇਨ੍ਹਾਂ ਬਿਮਾਰੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾ ਸਕੇ। ਅਜਿਹੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਨੂੰ ਸਮੂਹਿਕ ਜ਼ਿੰਮੇਵਾਰੀ ਦੱਸਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਕਾਇਮ ਵਟਸਐਪ ਗਰੁੱਪ ਵਿਚ ਹਰ ਵਿਭਾਗ ਆਪਣੀਆਂ ਗਤੀਵਿਧੀਆਂ ਨੂੰ ਅਪਡੇਟ ਕਰੇ। ਸ੍ਰੀ ਵਰਮਾ ਨੇ ਅੱਗੇ ਕਿਹਾ ਕਿ ਪਾਣੀ ਦੇ ਸੈਂਪਲਾਂ ਦੀ ਜਾਂਚ ਲਈ ਐੱਚ2ਐੱਸ ਵਾਇਲਾਂ ਦੀ ਉੱਚਿਤ ਸਪਲਾਈ ਦਾ ਸਮੇਂ ਸਿਰ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੀਮਤੀ ਮਨੁੱਖੀ ਜਾਨਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਿਰਧਾਰਿਤ ਟੀਚਿਆਂ ਅਨੁਸਾਰ ਪਾਣੀ ਦੇ ਸੈਂਪਲ ਇਕੱਤਰ ਕਰਕੇ ਲੈਬੋਰਟਰੀਆਂ ਵਿੱਚ ਭੇਜੇ ਜਾਣ ਅਤੇ ਸੈਂਪਲ ਫੇਲ ਆਉਣ ਦੀ ਸੂਰਤ ਵਿੱਚ ਹਰ ਸਹਿਯੋਗੀ ਵਿਭਾਗ ਦੁਆਰਾ ਤੁਰੰਤ ਐਕਸ਼ਨ ਲਿਆ ਜਾਵੇ। ਕਿਸੇ ਵੀ ਥਾਂ ‘ਤੇ ਬਿਮਾਰੀ ਦਾ ਆਊਟਬ੍ਰੇਕ ਹੋਣ ‘ਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਜ਼ਿਲ੍ਹੇ ਵਿਚ ਨਿਗਰਾਨੀ ਪ੍ਰਬੰਧਨ ਨੂੰ ਹੋਰ ਮਜ਼ਬੂਤ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਭਾਈਵਾਲ ਵਿਭਾਗਾਂ ਨਾਲ ਆਪਸੀ ਤਾਲਮੇਲ ਕਰਕੇ ਜੀਵਾਣੂਆਂ ਅਤੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਨੂੰ ਕਾਬੂ ਵਿੱਚ ਰੱਖਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇ, ਪੀਣ ਵਾਲੇ ਪਾਣੀ ਵਿੱਚ ਦੂਸ਼ਿਤ ਪਾਣੀ ਦੀ ਮਿਕਸਿੰਗ ਬਾਰੇ ਸਬੰਧਤ ਵਿਭਾਗਾਂ ਨੂੰ ਸੂਚਿਤ ਕੀਤਾ ਜਾਵੇ, ਅਣਢਕੇ ਫਲ/ਸਬਜ਼ੀਆਂ ਤੇ ਹੋਰ ਖਾਧ ਪਦਾਰਥਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਚੈਕਿੰਗ ਕੀਤੀ ਜਾਵੇ। ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਹੱਥ ਧੋਣ ਦੀ ਵਿਧੀ ਨੂੰ ਰੋਜ਼ਮਰਾ ਜ਼ਿੰਦਗੀ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਏਰੀਏ ਵਿਚ ਦੂਸ਼ਿਤ ਪਾਣੀ ਦੀ ਸਮੱਸਿਆ ਹੈ ਤਾਂ ਉਸ ਏਰੀਏ ਵਿਚ ਜਦੋਂ ਤੱਕ ਪਾਣੀ ਦੇ ਦੂਸ਼ਿਤ ਹੋਣ ਦਾ ਮਸਲਾ ਠੀਕ ਨਹੀਂ ਕੀਤਾ ਜਾਂਦਾ, ਉਦੋਂ ਤੱਕ ਆਮ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਬਦਲਵੇਂ ਸਰੋਤ ਤੋਂ ਕਰਨ ਲਈ ਸਬੰਧਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਅਜਿਹੇ ਕੇਸਾਂ ਨੂੰ ਹੋਰ ਵਧਣ ਤੋਂ ਰੋਕਿਆ ਜਾ ਸਕੇ।
ਉਨ੍ਹਾਂ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਦੀ ਸ਼ਹਿਰਾਂ ਅਤੇ ਕਸਬਿਆਂ ਵਿੱਚ ਤੇ ਪੰਚਾਇਤ ਵਿਭਾਗ ਦੀ ਪਿੰਡਾਂ ਵਿੱਚ ਨਿਯਮਤ ਵਕਫ਼ਿਆਂ ’ਤੇ ਫੌਗਿੰਗ ਕਰਵਾਉਣ ਦੀ ਜ਼ਿੰਮੇਵਾਰੀ ਹੈ। ਇਸ ਲਈ ਫੌਗਿੰਗ ਦਾ ਸ਼ਡਿਊਲ ਅਗਾਊਂ ਸਾਂਝਾ ਕੀਤਾ ਜਾਵੇ। ਸ੍ਰੀ ਰਾਜੀਵ ਵਰਮਾ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਵਿਚ ਭਰੂਣ ਹੱਤਿਆ ਦੀ ਰੋਕਥਾਮ ਲਈ ਗਰਭਵਤੀ ਔਰਤਾਂ ਦੀ ਸਮੇਂ ਸਿਰ ਰਜਿਸ਼ਟ੍ਰੇਸ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਨੂੰ ਨਿਗਰਾਨੀ ਸਿਸਟਮ ਵਿਚ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਹਰ ਇੱਕ ਉੱਚ ਜੋਖਿਮ ਵਾਲੀਆਂ ਮਾਵਾਂ ਦਾ ਵਿਸ਼ੇਸ਼ ਧਿਆਨ ਰੱਖ ਕੇ ਉਸਦਾ ਸੁਰੱਖਿਅਤ ਜਣੇਪਾ ਕਰਵਾਉਣ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਜਣੇਪੇ ਦੀ ਦਰ ਨੂੰ ਹੋਰ ਵਧਾਉਣ ਲਈ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਜਣੇਪਾ ਕਰਵਾਉਣ ਵਾਲੀਆਂ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਫੂਡ ਸੇਫਟੀ ਵਿੰਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਫੂਡ ਸੇਫਟੀ ਐਕਟ ਨੂੰ ਜ਼ਿਲ੍ਹੇ ਵਿੱਚ ਪੂਰਨ ਤੌਰ ’ਤੇ ਲਾਗੂ ਕੀਤਾ ਜਾਵੇ। ਜਿੱਥੇ ਕਿਤੇ ਕੋਈ ਮਿਲਾਵਟ ਦਾ ਸ਼ੱਕ ਹੋਵੇ ਤਾਂ ਉਸ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾਣ ਅਤੇ ਮਿਲਾਵਟ ਖੋਰਾ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਜ਼ਿਲ੍ਹੇ ਵਿਚ ਖਾਣ-ਪੀਣ ਵਾਲੀਆਂ ਵਸਤਾਂ ਦੇ ਮਿਆਰ ਤੇ ਸ਼ੁੱਧਤਾ ਨੂੰ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਯਕੀਨੀ ਬਣਾਈਆਂ ਜਾਣ। ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਵਿਚ ਦੂਸ਼ਿਤ ਪਾਣੀ ਨਾਲ ਦਸਤ, ਉਲਟੀਆਂ, ਹੈਜ਼ਾ, ਪੀਲੀਆ ਵਰਗੀਆਂ ਬਿਮਾਰੀਆਂ ਦੇ ਪ੍ਰਸਾਰ ਦੀ ਸੰਭਾਵਨਾ ਵਧ ਜਾਂਦੀ ਹੈ। ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਜ਼ਿਲ੍ਹਾ ਸਿਹਤ ਵਿਭਾਗ ਆਪਣੇ ਨਿਰਧਾਰਿਤ ਕੰਮਾਂ ਨੂੰ ਬਾਖੂਬੀ ਨਿਭਾ ਰਿਹਾ ਹੈ। ਜਦੋਂ ਵੀ ਕਿਸੇ ਖੇਤਰ ਵਿਚ ਦੂਸ਼ਿਤ ਪਾਣੀ ਦੀ ਸਮੱਸਿਆ ਦਾ ਪਤਾ ਲੱਗਦਾ ਹੈ ਤਾਂ ਇਸ ਸਬੰਧੀ ਤੁਰੰਤ ਸਬੰਧਤ ਵਿਭਾਗਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਤਾਂ ਜੋ ਅਜਿਹੇ ਕੇਸਾਂ ਨੂੰ ਹੋਰ ਵਧਣ ਤੋਂ ਰੋਕਿਆ ਜਾ ਸਕੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly