ਸ਼ਰਧਾਲੂਆਂ ਵੱਲੋਂ ਦਰਸ਼ਨਾਂ ਲਈ ਭਾਰ ਢੋਹਣ ਵਾਲੇ ਵਾਹਨਾਂ ਦੀ ਵਰਤੋਂ ਨਾ ਕਰਨ ਦੀ ਕੀਤੀ ਅਪੀਲ
ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਅੱਜ ਸੰਯੁਕਤ ਰੂਪ ਨਾਲ ਮਾਤਾ ਚਿੰਤਪੁਰਨੀ ਮੇਲੇ ਦਾ ਦੌਰਾ ਕਰਦਿਆਂ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਮੇਲੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼ਰਧਾਲੂਆਂ ਦੀ ਸੁਵਿਧਾ ਦਾ ਪੂਰਾ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਰਿਲਾਇੰਸ ਇੰਡਸਟਰੀ ਦੇ ਨਾਲ ਬਣਾਏ ਗਏ ਕੰਟਰੋਲ ਰੂਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਕੰਟਰੋਲ ਰੂਮ ਦਾ ਨੰਬਰ 01882-290934 ਹੈ। ਜੇਕਰ ਕਿਸੇ ਸ਼ਰਧਾਲੂ ਨੂੰ ਕੋਈ ਸਮੱਸਿਆ ਆਉਂਦੀ ਹੈ, ਤਾਂ ਉਹ ਉਕਤ ਨੰਬਰ ‘ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਵਿਧਾ ਲਈ ਪ੍ਰਸ਼ਾਸਨ ਵੱਲੋਂ ਅਸਥਾਈ ਪਖ਼ਾਨੇ, ਡਸਟਬਿਨ, ਦਵਾਈਆਂ, ਫਾਇਰ ਬ੍ਰਿਗੇਡ ਤੋਂ ਇਲਾਵਾ ਹੋਰ ਕਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਟ੍ਰੈਫਿਕ ਕੰਟਰੋਲ ਅਤੇ ਸਾਫ-ਸਫਾਈ ਲਈ ਵੀ ਟੀਮਾਂ ਤਾਇਨਾਤ ਹਨ। ਉਨ੍ਹਾਂ ਲੰਗਰ ਕਮੇਟੀਆਂ ਨਾਲ ਵੀ ਸਫਾਈ ਵਿਵਸਥਾ ਬਣਾਈ ਰੱਖਣ ਅਤੇ ਨਿਰਵਿਘਨ ਆਵਾਜਾਈ ਲਈ ਸੜਕ ‘ਤੇ ਆ ਕੇ ਲੰਗਰ ਨਾ ਵੰਡਣ ਲਈ ਕਿਹਾ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਭਾਰ ਢੋਹਣ ਵਾਲੇ ਵਾਹਨਾਂ ‘ਤੇ ਮਾਤਾ ਦੇ ਦਰਸ਼ਨਾਂ ਲਈ ਨਾ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਭਾਰੀ ਵਾਹਨ ਅਤੇ ਟਿੱਪਰਾਂ ਨੂੰ ਹਿਮਾਚਲ ਤੋਂ ਡਾਈਵਰਟ ਕਰ ਦਿੱਤਾ ਜਾਵੇਗਾ ਅਤੇ ਹੁਸ਼ਿਆਰਪੁਰ ਤੋਂ ਜਾਣ ਵਾਲੇ ਭਾਰੀ ਵਾਹਨਾਂ ਅਤੇ ਟਿਪਰਾਂ ਨੂੰ ਭੰਗੀ ਚੋਅ ਤੋਂ ਡਾਇਵਰਟ ਕਰਦੇ ਹੋਏ ਊਨਾ ਭੇਜਿਆ ਜਾ ਰਿਹਾ ਹੈ। ਇਸ ਮੌਕੇ ਐਸ.ਪੀ ਮਨੋਜ ਠਾਕੁਰ, ਡੀ.ਐਸ ਪੀ ਅਮਰਨਾਥ, ਸੰਦੀਪ ਸ਼ਰਮਾ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly