ਜ਼ਿਲ੍ਹਾ ਟਾਸਕ ਫੋਰਸ ਨੇ ਜ਼ਿਲ੍ਹੇ ਵਿੱਚ ਬਾਲ ਭਿੱਖਿਆ ਅਤੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਚਲਾਈ ਮੁਹਿੰਮ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਡਿਪਟੀ ਕਮਿਸ਼ਨਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ (ਆਈ.ਏ.ਐਸ) ਅਤੇ ਡਾਇਰੈਕਟਰ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਬਾਲ ਭਿੱਖਿਆ ਅਤੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਜ਼ਿਲਾ ਟਾਸਕ ਫੋਰਸ ਵੱਲੋ ਮੁਹਿੰਮ ਚਲਾਈ ਜਾ ਰਹੀ ਹੈ। ਜਿਸਦੇ ਚਲਦੇ ਪਿਛਲੇ ਕੁਝ ਦਿਨਾਂ ਤੋਂ ਜ਼ਿਲ੍ਹੇ ਦੇ ਵੱਖ ਵੱਖ ਥਾਵਾਂ ਤੇ ਬਾਲ ਭਿਖਿਆ ਅਤੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਚੈਕਿੰਗ ਕੀਤੀ ਜਾ ਰਹੀ ਹੈ। ਇਹ ਚੈਕਿੰਗ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਬੰਗਾ ਬਲਾਕ ਦੇ ਮੇਨ ਰੋਡ, ਗੜਸ਼ੰਕਰ ਰੋੜ, ਬੱਸ ਸਟੈਂਡ ਰੋਡ ਅਤੇ ਮੇਨ ਬਾਜ਼ਾਰ ਵਿੱਚ ਚੈਕਿੰਗ ਕੀਤੀ ਗਈ ਅਤੇ ਟੀਮ ਵੱਲੋਂ ਬਾਲ ਮਜ਼ਦੂਰੀ ਕਰਦੇ ਹੋਏ ਕੋਈ ਵੀ ਬੱਚਾ ਨਹੀਂ ਪਾਇਆ ਗਿਆ ਪ੍ਰੰਤੂ ਚਾਰ ਬੱਚਿਆਂ ਨੂੰ ਭੀਖ ਮੰਗਦੇ ਹੋਏ ਪਾਇਆ ਗਿਆ ਜਿਨਾਂ ਦੀ ਉਮਰ ਛੇ ਸਾਲ ਤੋਂ 12 ਸਾਲ ਤੱਕ ਦੀ ਸੀ। ਟੀਮ ਵੱਲੋਂ ਬੱਚਿਆਂ ਨੂੰ ਰੈਸਕਿਊ ਕਰਨ ਉਪਰੰਤ ਬਾਲ ਭਲਾਈ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਸਨਮੁਖ ਪੇਸ਼ ਕੀਤਾ ਗਿਆ ਹੈ। ਕਮੇਟੀ ਵੱਲੋਂ ਬੱਚਿਆਂ ਦੇ ਦਸਤਾਵੇਜ ਵੈਰੀਫਾਈ ਕਰਨ ਉਪਰੰਤ ਯੋਗ ਕਾਰਵਾਈ ਕੀਤੀ ਜਾਵੇਗੀ। ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਨੇ ਦੱਸਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਹੁਕਮਾ ਅਨੁਸਾਰ ਬਾਲ ਮਜ਼ਦੂਰੀ ਅਤੇ ਬਾਲ ਭਿਖਿਆ ਸਬੰਧੀ ਚੈਕਿੰਗ ਪੂਰੇ ਪੰਜਾਬ ਵਿੱਚ ਕੀਤੀ ਜਾ ਰਹੀ ਹੈ ਤਾਂ ਜੋ ਦੂਜੇ ਰਾਜਾਂ ਤੋਂ ਆਏ ਹੋਏ ਪਰਵਾਸੀਆਂ ਨੂੰ ਪੰਜਾਬ ਵਿੱਚ ਭਿੱਖਿਆ ਕਰਨ ਤੋਂ ਰੋਕਿਆ ਜਾ ਸਕੇ ਅਤੇ ਭਿਖਿਆ ਵਿੱਚ ਲੱਗੇ ਹੋਏ ਬੱਚਿਆਂ ਨੂੰ ਸਿੱਖਿਆ ਨਾਲ ਜੋੜ ਕੇ ਉਹਨਾਂ ਦੇ ਭਵਿੱਖ ਨੂੰ ਉਜਵਲ ਬਣਾਇਆ ਜਾ ਸਕੇ।  ਜਿਲਾ ਬਾਲ ਸੁਰੱਖਿਆ ਅਫਸਰ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ 18 ਸਾਲ ਤੋਂ ਛੋਟੇ ਉਮਰ ਦੇ ਬੱਚਿਆਂ ਤੋਂ ਭੀਖ ਨਾ ਮੰਗਵਾਈ ਜਾਏ ਅਤੇ ਜੇਕਰ ਕੋਈ ਵੀ 18 ਸਾਲ ਤੋਂ ਘੱਟ ਉਮਰ ਦਾ ਬੱਚਾ ਭੀਖ ਮੰਗਦਾ ਹੋਇਆ ਨਜ਼ਰ ਆਉਂਦਾ ਹੈ ਤਾਂ ਉਸਦੀ ਜਾਣਕਾਰੀ ਜਿਲਾ ਬਾਲ ਸੁਰੱਖਿਆ ਯੂਨਿਟ ਜਾਂ ਚਾਇਲਡ ਹੈਲਪਲਾਈਨ ਨੰਬਰ 1098 ਤੇ ਦਿੱਤੀ ਜਾਵੇ। ਇਸ ਮੌਕੇ ‘ਤੇ ਹਾਜ਼ਰ ਰਜਿੰਦਰ ਕੌਰ ਬਾਲ ਰੱਖਿਆ ਅਫਸਰ ਵੱਲੋਂ ਦੱਸਿਆ ਗਿਆ ਕੀ ਜੀਰੋ ਤੋਂ 18 ਸਾਲ ਤੱਕ ਦੇ ਬੱਚਿਆਂ ਤੋਂ ਭੀਖ ਮੰਗਵਾਉਣ ਵਾਲੇ ਵਿਅਕਤੀ ਖਿਲਾਫ ਜੁਵੇਨਾਈਲ ਜਸਟਿਸ ਐਕਟ ਅਧੀਨ ਦੋ ਸਾਲ ਤੱਕ ਦੀ ਸਜ਼ਾ ਅਤੇ 1 ਲੱਖ ਰੁਪਏ ਜੁਰਮਾਨਾ ਹੋ ਸਕਦਾ ਹੈ। ਚੈਕਿੰਗ ਟੀਮ ਵਿੱਚ ਜਿਲਾ ਬਾਲ ਸੁਰੱਖਿਆ ਯੂਨਿਟ ਤੋਂ ਰਜਿੰਦਰ ਕੌਰ ਬਾਲ ਸੁਰੱਖਿਆ ਅਫਸਰ, ਸੰਤੋਸ਼ ਡੀ ਈ ਓ, ਸਿੱਖਿਆ ਵਿਭਾਗ ਤੋਂ ਟੀਚਰ ਓਂਕਾਰ ਸਿੰਘ, ਸੀਡੀਪੀਓ ਬੰਗਾ ਦਵਿੰਦਰ ਕੌਰ, ਹਰਵਿੰਦਰ ਸਿੰਘ ਲੇਬਰ ਇੰਸਪੈਕਟਰ, ਪੁਲਿਸ ਵਿਭਾਗ ਤੋਂ ਸੁਮੀਤ ਰਾਮ, ਸਿਹਤ ਵਿਭਾਗ ਤੋਂ ਹਰਿੰਦਰ ਸਿੰਘ, ਤਹਿਸੀਲ ਆਫਿਸ ਤੋਂ ਹਰਮੇਸ਼ ਸਿੰਘ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਆਈਲੈਟਸ  ਅਕੈਡਮੀ, ਕੰਸਲਟੈਂਟ ਇੰਸਟਿਟੂਟ ਅਤੇ ਟਰੈਵਲ ਏਜੰਟਸ ਦੇ ਲਾਇਸੰਸ ਕੀਤੇ ਰੱਦ
Next articleਕਮਿਸ਼ਨਰ ਨਗਰ ਨਿਗਮ ਵੱਲੋਂ  ਸਬਜ਼ੀ ਮੰਡੀ ਰਹੀਮਪੁਰ ਦੀ ਅਚਨਚੇਤ ਚੈਕਿੰਗ, ਰੇਹੜੀ-ਫੜੀ ਵਾਲਿਆਂ ਨੂੰ ਸਫ਼ਾਈ ਰੱਖਣ ਤੇ ਪਲਾਸਟਿਕ ਦੇ ਲਿਫਾਫ਼ੇ ਨਾ ਵਰਤਣ ਸਬੰਧੀ ਕੀਤੀ ਗਈ ਹਦਾਇਤ