ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਨੂੰ ਪਹਿਲ ਦੇ ਆਧਾਰ ’ਤੇ ਭਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਵਿੱਚ ਆਸਾਮੀਆਂ ਖਾਲੀ ਪਈਆਂ ਹਨ, ਜਿਸ ਕਾਰਨ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਸੂਬਾ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੈਂਪਸ ਮੈਨੇਜਰ, ਸੈਨੇਟਰੀ ਵਰਕਰ, ਚੌਕੀਦਾਰ ਸਮੇਤ ਵੱਡੀ ਗਿਣਤੀ ਵਿੱਚ ਹੋਰ ਆਸਾਮੀਆਂ ਦੀ ਭਰਤੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵੱਡ ਆਕਾਰੀ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ) ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ 20 ਲੱਖ ਮਾਪਿਆਂ ਨੇ ਹਿੱਸਾ ਲਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਪੇ-ਅਧਿਆਪਕ ਮਿਲਣੀ ਦੇ ਨਿਵਕਲੇ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਬਹੁਤ ਲਾਭ ਹੋਵੇਗਾ। ਅਧਿਆਪਕਾਂ ਨਾਲ ਭਾਵੁਕਤਾ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਅਧਿਆਪਕ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅਧਿਆਪਕ ਵਰਗ ਨੂੰ ਦਰਪੇਸ਼ ਹਰ ਸਮੱਸਿਆ ਦੇ ਹੱਲ ਲਈ ਮੌਜੂਦ ਹਨ। ਉਨ੍ਹਾਂ ਕਿਹਾ ਕਿ ਇੱਕ ਅਧਿਆਪਕ ਦਾ ਪੁੱਤਰ ਹੋਣ ਦੇ ਨਾਤੇ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਤੋਂ ਭਲੀਭਾਂਤ ਜਾਣੂ ਹਨ ਅਤੇ ਅਧਿਆਪਕਾਂ ਦੀਆਂ ਸਾਰੀਆਂ ਮੁਸ਼ਕਲਾਂ ਨੂੰ ਹੱਲ ਕਰਨਾ ਉਨ੍ਹਾਂ ਦਾ ਫ਼ਰਜ਼ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨਾ ਲੋਕਾਂ ਦਾ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਇੱਕ-ਇੱਕ ਪੈਸਾ ਸਮਝਦਾਰੀ ਨਾਲ ਵਰਤਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰਾਂ ਉਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇਸ਼-ਵਿਦੇਸ਼ ਦੀਆਂ ਉੱਘੀਆਂ ਵਿੱਦਿਅਕ ਸੰਸਥਾਵਾਂ ਵਿੱਚ ਸਿਖਲਾਈ ਲਈ ਸਕੂਲ ਪ੍ਰਿੰਸੀਪਲਾਂ/ਅਧਿਆਪਕਾਂ ਦੇ ਬੈਚ ਭੇਜ ਰਹੀ ਹੈ ਤਾਂ ਜੋ ਉਹ ਆਪਣੀ ਮੁਹਾਰਤ ਨੂੰ ਹੋਰ ਨਿਖ਼ਾਰਦਿਆਂ ਬੱਚਿਆਂ ਦੇ ਚੰਗੇਰੇ ਭਵਿੱਖ ਲਈ ਹੋਰ ਬਿਹਤਰ ਢੰਗ ਨਾਲ ਕੰਮ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮਨੋਰਥ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਭਰ ’ਚ ਪ੍ਰਚਲਿਤ ਉੱਨਤ ਅਭਿਆਸਾਂ ਬਾਰੇ ਜਾਣ ਕੇ ਉਨ੍ਹਾਂ ਨੂੰ ਪੰਜਾਬ ਦੇ ਸਕੂਲਾਂ ਵਿੱਚ ਲਾਗੂ ਕਰ ਸਕਣ।

ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲਾਂ ਨੂੰ ਨਵੀਨ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਤੀਜਾ ਸਭ ਦੇ ਸਾਹਮਣੇ ਹੈ ਕਿਉਂਕਿ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਪਹਿਲੀ ਵਾਰ ਜੇ.ਈ.ਈ. ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਨਤੀਜੇ ਸਾਹਮਣੇ ਆਉਣਗੇ, ਜਿਸ ਲਈ ਉਨ੍ਹਾਂ ਦੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਐਨ ਆਈ ਏ ਵੱਲੋਂ ਪੰਜਾਬ ਤੇ ਚੰਡੀਗੜ੍ਹ ਵਿੱਚ ਛਾਪੇਮਾਰੀ ਤੇ ਗ੍ਰਿਫਤਾਰੀ ਵਿਰੁੱਧ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਅਤੇ ਰੋਸ ਮੁਜਾਹਰਾ
Next articleਲੋੜਵੰਦ ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਈ ਰੱਖਣ ‘ਚ ਵਰਦਾਨ ਸਾਬਤ ਹੋ ਰਿਹਾ ਸਖੀ ਵਨ ਸਟਾਪ ਸੈਂਟਰ – ਕਰਮਜੀਤ ਕੌਰ