ਸਰੀਰਕ ਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਆਪਸੀ ਸਦਭਾਵਨਾ ਅਤੇ ਏਕਤਾ ਵੀ ਵਧਾਉਂਦੀਆਂ ਹਨ ਖੇਡਾਂ – ਬ੍ਰਹਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਲਾਜਵੰਤੀ ਸਟੇਡੀਅਮ ਹੁਸ਼ਿਆਰਪੁਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆ-2024’ ਦੇ ਬਲਾਕ ਪੱਧਰੀ ਮੁਕਾਬਲਿਆਂ ਦੇ ਦੂਜੇ ਪੜਾਅ ਤਹਿਤ ਬਲਾਕ ਹੁਸ਼ਿਆਰਪੁਰ-1 ਦੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕਰਵਾਈ। ਬਲਾਕ ਪੱਧਰੀ ਇਨ੍ਹਾਂ ਖੇਡਾਂ ਵਿਚ ਖਿਡਾਰੀਆਂ ਨੇ ਵੱਧ-ਚੜ੍ਹ ਕੇ ਭਾਗ ਲਿਆ।
ਇਸ ਮੌਕੇ ਕੈਬਨਿਟ ਮੰਤਰੀ ਨੇ ਖੇਡਾਂ ਦੇ ਮਹੱਤਵ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਦਾ ਇਕ ਸ਼ਕਤੀਸ਼ਾਲੀ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਜ਼ਰੂਰੀ ਹਨ, ਸਗੋਂ ਇਹ ਸਮਾਜ ਵਿਚ ਆਪਸੀ ਸਦਭਾਵਨਾ ਅਤੇ ਏਕਤਾ ਨੂੰ ਵੀ ਪ੍ਰਫੁੱਲਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿਚ ਖੇਡਾਂ ਨੂੰ ਨਵੀਂ ਦਿਸ਼ਾ ਦਿੱਤੀ ਹੈ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਹੈ। ਉਨ੍ਹਾਂ ਕਿਹਾ ਕਿ ਹੁਣ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਮੁਕਾਬਲਿਆਂ ਦੀ ਤਿਆਰੀ ਲਈ 8 ਲੱਖ ਤੋਂ 15 ਲੱਖ ਰੁਪਏ ਤੱਕ ਦਿੱਤੇ ਜਾ ਰਹੇ ਹਨ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਨਕਦ ਇਨਾਮਾਂ ਦੇ ਨਾਲ-ਨਾਲ ਉੱਚ ਸਰਕਾਰੀ ਅਹੁਦਿਆਂ ‘ਤੇ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਪੈਰਿਸ ਉਲੰਪਿਕਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀ ਭਾਰਤੀ ਹਾਕੀ ਟੀਮ ਦੇ ਪੰਜਾਬ ਨਾਲ ਸਬੰਧਤ ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 1-1 ਕਰੋੜ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਨੌਜਵਾਨ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੈ। ਇਸ ਪ੍ਰੋਗਰਾਮ ਰਾਹੀਂ ਪਿੰਡ ਪੱਧਰ, ਸੂਬੇ ਅਤੇ ਰਾਸ਼ਟਰੀ ਪੱਧਰ ‘ਤੇ ਛੁਪੀਆਂ ਖੇਡ ਪ੍ਰਤਿਭਾਵਾਂ ਨੂੰ ਪਛਾਣਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਖਿਡਾਰੀਆਂ ਅਤੇ ਦਰਸ਼ਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਵਿਚ ਅਨੁਸ਼ਾਸਨ, ਮਿਹਨਤ ਅਤੇ ਲਗਨ ਦਾ ਬਹੁਤ ਮਹੱਤਵ ਹੈ, ਜੋ ਜੀਵਨ ਦੇ ਹਰ ਖੇਤਰ ਵਿਚ ਸਫਲਤਾ ਪ੍ਰਾਪਤ ਕਰਨ ਲਈ ਜ਼ਰੂਰੀ ਹਨ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤਾ ਚੌਧਰੀ, ਦਿ ਹੁਸ਼ਿਆਰਪੁਰ ਸੈਂਟਰਲ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ, ਰਵਿੰਦਰ ਸਿੰਘ ਰੂਬੀ, ਅਜੇ ਰਾਣਾ, ਹਰਵਿੰਦਰ ਵਿਰਦੀ, ਪ੍ਰੋ. ਬਹਾਦਰ ਸਿੰਘ ਸੁਨੇਤ, ਕੋਚ ਨਿਤਿਸ਼ ਠਾਕੁਰ, ਬਲਬੀਰ ਸਿੰਘ, ਗੁਰਸੇਵਕ ਸਿੰਘ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੱਬੇਵਾਲ ਵਿਖੇ ਲੜਕੀਆਂ ਲਈ ਮੈਗਾ ਪਲੇਸਮੈਂਟ ਤੇ ਸਵੈ-ਰੋਜ਼ਗਾਰ ਕੈਂਪ 10 ਨੂੰ – ਕੋਮਲ ਮਿੱਤਲ
Next article‘ਆਪ ਦੀ ਸਰਕਾਰ, ਆਪ ਦੇ ਦੁਆਰ’ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਦੌਰਾਨ ਐਸ.ਡੀ.ਐਮ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਕੈਂਪ ਦੌਰਾਨ ਰਹੇ ਮੌਜੂਦ