‘ਖੇਡਾਂ ਵਤਨ ਪੰਜਾਬ ਦੀਆਂ’ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਲੋਕ ਸਭਾ ਮੈਂਬਰ ਚੱਬੇਵਾਲ ਨੇ ਕੀਤਾ ਉਦਘਾਟਨ, ਕਿਹਾ ਖੇਡਾਂ ਦੇ ਵਿਕਾਸ ਲਈ ਸਰਕਾਰ ਨਹੀਂ ਛੱਡ ਰਹੀ ਕੋਈ ਕਮੀ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ‘ਖੇਡਾਂ ਵਤਨ ਪੰਜਾਬ ਦੀਆਂ’ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ ਅੱਜ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਮਲਟੀਪਰਪਜ ਲਾਜਵੰਤੀ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਚ ਕੀਤੀ। ਮੁਕਾਬਲਿਆਂ ਦਾ ਉਦੇਸ਼ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਵੀ ਮੌਜੂਦ ਸਨ।
ਲੋਕ ਸਭਾ ਮੈਂਬਰ ਚੱਬੇਵਾਲ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿਚ ਖੇਡਾਂ ਦੇ ਵਿਕਾਸ ਅਤੇ ਖਿਡਾਰੀਆ ਲਈ ਬਿਹਤਰ ਮੌਕੇ ਉਪਲਬੱਧ ਕਰਵਾਉਣ ਲਈ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਿਸੇ ਤਰ੍ਹਾਂ ਦੀ ਕੋਈ ਕਮੀਂ ਨਹੀ ਛੱਡ ਰਹੀ ਹੈ। ਉਨ੍ਹਾਂ ਕਿਹਾ ਕਿ ਖਿਡਾਰੀਆਂ ਦੀ ਟਰੇਨਿੰਗ ਤੋਂ ਲੈ ਕੇ ਉਨ੍ਹਾਂ ਵੱਲੋਂ ਅੰਤਰਰਾਸ਼ਟਰੀ ਪੱਧਰ ‘ਤੇ ਮੈਡਲ ਲਿਆਉਣ ‘ਤੇ ਕਰੋੜਾ ਰੁਪਏ ਖਰਚ ਕੀਤੇ ਜਾ ਰਹੇ ਹਨ।
ਲੋਕ ਸਭਾ ਮੈਂਬਰ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਹਰ ਜ਼ਿਲ੍ਹੇ ਵਿਚ ਖੇਡ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਖੇਡਾਂ ਵਿਚ ਰੁਚੀ ਲੈਣ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰ ਸਕਣ। ਉਨ੍ਹਾਂ ਕਿਹਾ ਕਿ ਖੇਡ ਸਿਰਫ ਸਰੀਰਕ ਸਿਹਤ ਲਈ ਨਹੀਂ ਬਲਕਿ ਮਾਨਸਿਕ ਸੰਤੁਲਨ ਅਤੇ ਅਨੁਸ਼ਾਸ਼ਨ ਦੇ ਵਿਕਾਸ ਲਈ ਵੀ ਜ਼ਰੂਰੀ ਹੈ। ਖੇਡਾਂ ਨਾਲ ਟੀਮ ਭਾਵਨਾ, ਸੰਘਰਸ਼ ਦੀ ਸ਼ਕਤੀ ਅਤੇ ਆਤਮਵਿਸ਼ਵਾਸ਼ ਵਰਗੇ ਗੁਣਾਂ ਦਾ ਵਿਕਾਸ ਹੁੰਦਾ ਹੈ, ਜੋ ਜੀਵਨ ਦੇ ਹਰ ਖੇਤਰ ਵਿਚ ਸਫਲਤਾ ਦੇ ਲਈ ਜ਼ਰੂਰੀ ਹੈ।
ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਭਾਗ ਲੈਣ ਵਾਲੇ ਖਿਡਾਰੀਆਂ ਨੂੰ 8 ਲੱਖ ਰੁਪਏ ਤੋਂ 15 ਲੱਖ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ, ਤਾਂ ਜੋ ਉਹ ਆਪਣੇ ਖੇਡ ਕਰੀਅਰ ਨੂੰ ਹੋਰ ਅੱਗੇ ਵਧਾ ਸਕੇ। ਇਸ ਤੋਂ ਇਲਾਵਾ ਹਾਲ ਹੀ ਵਿਚ ਓਲੰਪਿਕ ਜੇਤੂਆਂ ਨੂੰ 9.65 ਕਰੋੜ ਰੁਪਏ ਦੀ ਵਿਸ਼ੇਸ਼ ਪ੍ਰੋਤਸਾਹਨ ਰਾਸ਼ੀ ਪ੍ਰਦਾਨ ਕੀਤੀ ਗਈ ਹੈ। ਇਹ ਰਾਸ਼ੀ ਖਿਡਾਰੀਆਂ ਨੂੰ ਨਾ ਕੇਵਲ ਆਰਥਿਕ ਸਹਾਇਤਾ ਪ੍ਰਦਾਨ ਕਰਦੀ ਹੈ, ਬਲਕਿ ਉਨ੍ਹਾਂ ਨੂੰ ਹੋਰ ਵੀ ਮਿਹਨਤ ਕਰਨ ਲਈ ਪ੍ਰੇਰਿਤ ਕਰਦੀ ਹੈ।
ਪ੍ਰੋਗਰਾਮ ਦੌਰਾਨ ਰਾਸ਼ਟਰੀ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਤਿੰਨ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਲੋਕ ਸਭਾ ਮੈਂਬਰ ਚੱਬੇਵਾਲ ਨੇ ਉਨ੍ਹਾਂ ਨੂੰ ਮੈਡਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਖਿਡਾਰੀ ਪੰਜਾਬ ਦੇ ਗੌਰਵ ਹਨ ਅਤੇ ਉਨ੍ਹਾਂ ਦੀ ਸਫਲਤਾ ਹੋਰ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਜ਼ਿਲ੍ਹਾ ਅਤੇ ਪਿੰਡ ਪੱਧਰ ‘ਤੇ ਖੇਡ ਸਟੇਡੀਅਮਾਂ ਦਾ ਨਿਰਮਾਣ ਅਤੇ ਆਧੁਨਿਕੀਕਰਨ ਕਰਨ ਦੀ ਯੋਜਨਾ ਬਣਾਈ ਹੈ। ਇਨ੍ਹਾਂ ਸਟੇਡੀਅਮਾਂ ਵਿਚ ਖਿਡਾਰੀਆ ਨੂੰ ਹਰ ਪ੍ਰਕਾਰ ਦੀਆਂ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ, ਤਾਂ ਜੋ ਉਹ ਆਪਣੀ ਪ੍ਰਤਿਭਾ ਨੂੰ ਹੋਰ ਨਿਖਾਰ ਸਕਣ। ਲੋਕ ਸਭਾ ਮੈਂਬਰ ਚੱਬੇਵਾ ਨੇ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਹਿਰ ਜ਼ਿਲ੍ਹੇ ਵਿਚ ਘੱਟ ਤੋਂ ਘੱਟ ਇਕ ਆਧੁਨਿਕ ਖੇਡ ਸਟੇਡੀਅਮ ਹੋਵੇ, ਜਿਥੇ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਕਰਵਾਈਆ ਜਾ ਸਕਣ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਖਟਕੜ ਕਲਾਂ ਵਿਖੇ ਸ਼ਰਧਾ ਸੁਮਨ ਕੀਤੇ ਅਰਪਿਤ
Next article23 ਸਾਲਾ ਕਿਸਾਨ ਪ੍ਰੀਤਪਾਲ ਸਿੰਘ ਖੇਤਾਂ ’ਚ ਬਿਨਾ ਅੱਗ ਲਗਾਏ ਉੱਨਤ ਖੇਤੀ ਦੀ ਬਣਿਆ ਮਿਸਾਲ