ਜ਼ਿਲ੍ਹੇ ‘ਚ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ

ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਪਲਬੱਧ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਦੀ ਕੀਤੀ ਅਪੀਲ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਇਸ ਦੇ ਸੁਚਾਰੂ ਪ੍ਰਬੰਧਨ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਮੀਟਿੰਗ ਵਿੱਚ ਪਰਾਲੀ ਪ੍ਰਬੰਧਨ ਲਈ ਉਪਲਬੱਧ ਮਸ਼ੀਨਰੀ, ਕਿਸਾਨਾਂ ਨੂੰ ਦਿੱਤੀ ਜਾਂਦੀ ਸਹਾਇਤਾ ਅਤੇ ਬਲਾਕ ਪੱਧਰ ‘ਤੇ ਮਸ਼ੀਨਾਂ ਦੀ ਉਪਲਬੱਧਤਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਕੋਲ ਉਪਲਬੱਧ ਮਸ਼ੀਨਾਂ ਨੂੰ ਪਹਿਲ ਦੇ ਆਧਾਰ ‘ਤੇ ਛੋਟੇ ਅਤੇ ਸੀਮਾਂਤ ਕਿਸਾਨਾਂ ਤੱਕ ਪਹੁੰਚਾਇਆ ਜਾਵੇ, ਤਾਂ ਜੋ ਉਹ ਪਰਾਲੀ ਦਾ ਸੁਚੱਜੇ ਢੰਗ ਨਾਲ ਪ੍ਰਬੰਧਨ ਕਰ ਸਕਣ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ ਸੁਰਿੰਦਰ ਲਾਂਬਾ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨੂੰ ਸਬਸਿਡੀ ‘ਤੇ 2651 ਮਸ਼ੀਨਾਂ ਉਪਲਬੱਧ ਕਰਵਾਈਆਂ ਜਾ ਚੁੱਕੀਆਂ ਹਨ। ਇਸ ਸਾਲ ਵੀ ਨਵੀਆਂ ਅਰਜ਼ੀਆਂ ਦੇ ਆਧਾਰ ‘ਤੇ ਪ੍ਰਵਾਨਗੀਆਂ ਜਾਰੀ ਕੀਤੀਆਂ ਗਈਆਂ ਹਨ, ਤਾਂ ਜੋ ਕਿਸਾਨ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਦਾ ਵਧੀਆ ਢੰਗ ਨਾਲ ਪ੍ਰਬੰਧਨ ਕਰ ਸਕਣ।ਇਨ੍ਹਾਂ ਮਸ਼ੀਨਾਂ ਵਿੱਚ ਇਨ-ਸੀਟੂ ਮਸ਼ੀਨਾਂ ਸ਼ਾਮਲ ਹਨ, ਜੋ ਪਰਾਲੀ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਦੀਆਂ ਹਨ, ਅਤੇ ਐਕਸ-ਸੀਟੂ ਬੇਲਰ ਮਸ਼ੀਨਾਂ, ਜੋ ਪਰਾਲੀ ਨੂੰ ਇਕੱਠਾ ਕਰਕੇ ਉਦਯੋਗਿਕ ਇਕਾਈਆਂ ਨੂੰ ਭੇਜਦੀਆਂ ਹਨ। ਉਦਯੋਗਿਕ ਇਕਾਈਆਂ ਵਿੱਚ ਖਪਤ ਲਈ ਪਰਾਲੀ ਦੀ ਵਰਤੋਂ ਕਰਨ ਦੀਆਂ ਯੋਜਨਾਵਾਂ ‘ਤੇ ਵੀ ਚਰਚਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਪ੍ਰਚਾਰ ਵੈਨਾਂ, ਸਕੂਲੀ ਬੱਚਿਆਂ ਦੇ ਮੁਕਾਬਲਿਆਂ ਅਤੇ ਖੇਤੀ ਪ੍ਰਦਰਸ਼ਨੀਆਂ ਰਾਹੀਂ ਵੱਧ ਤੋਂ ਵੱਧ ਕਿਸਾਨਾਂ ਤੱਕ ਪਰਾਲੀ ਪ੍ਰਬੰਧਨ ਦਾ ਸੁਨੇਹਾ ਪਹੁੰਚਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ ਕਿਸਾਨ ਤਕਨੀਕੀ ਸਹਾਇਤਾ ਲਈ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਪਰਾਲੀ ਪ੍ਰਬੰਧਨ ਦੀ ਸਥਿਤੀ ਦਾ ਨਿਰੀਖਣ ਕਰਨ ਅਤੇ ਆਉਣ ਵਾਲੇ ਸੀਜ਼ਨ ਦੌਰਾਨ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੇ ਕਦਮ ਚੁੱਕਣ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਨਿਗਰਾਨੀ ਲਈ 224 ਨੋਡਲ ਅਫ਼ਸਰ ਅਤੇ 101 ਕਲੱਸਟਰ ਅਫ਼ਸਰ ਨਿਯੁਕਤ ਕੀਤੇ ਗਏ ਹਨ। ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਦੇ ਪ੍ਰਬੰਧਨ ਲਈ ਉਪਲਬੱਧ ਸਾਧਨਾਂ ਦੀ ਵਰਤੋਂ ਕਰਕੇ ਵਾਤਾਵਰਣ ਨੂੰ ਬਚਾਉਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਦੇ ਕੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਉਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਸਮੂਹ ਉਪ ਮੰਡਲ ਮੈਜਿਸਟ੍ਰੇਟ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਜਿਲਾ ਬਾਲ ਸੁਰੱਖਿਆ ਯੂਨਿਟ ਨੇ ਬਾਲ ਭਿੱਖਿਆ ਅਤੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਚਲਾਈ ਮੁਹਿੰਮ
Next articleਪਰਾਲੀ ਪ੍ਰਬੰਧਨ ਵਿੱਚ ਮੋਹਰੀ ਯੋਗਦਾਨ ਪਾ ਰਿਹਾ ਹੈ ਕਿਸਾਨ – ਜਤਿੰਦਰ ਠਾਕੁਰ