ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) 68ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ, ਪਟਿਆਲਾ ਵਿੱਚ ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 11ਤਗਮੇ ਜਿੱਤ ਕੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਧੀਰਜ ਵਿਸ਼ਿਸ਼ਟ ਨੇ ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ 11 ਮੈਡਲ ਜਿੱਤਣਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਲਲਿਤਾ ਅਰੋੜਾ ਨੇ ਦੱਸਿਆ ਕਿ ਸਾਡੀਆਂ ਵਿਦਿਆਰਥਣਾਂ ਨੇ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਦੇ ਨਾਲ ਹੀ ਅੰਡਰ-19 ਲੜਕੀਆਂ ਦੀ ਕੁਸ਼ਤੀ ਟੀਮ ਨੇ ਵੀ ਕੁਸ਼ਤੀ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 1 ਸੋਨ ਤਗਮਾ ਜਿੱਤਿਆ। ਅੰਡਰ-19 ਲੜਕਿਆਂ ਨੇ ਵੀ ਆਪਣੀ ਕੁਸ਼ਤੀ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਅਤੇ 1 ਸੋਨ, 1 ਚਾਂਦੀ ਅਤੇ 1 ਕਾਂਸੀ ਦਾ ਤਗਮਾ ਜਿੱਤਿਆ। ਲਲਿਤਾ ਅਰੋੜਾ ਨੇ ਸਾਰੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚਾਂ, ਜਿਲ੍ਹਾ ਕੋਆਰਡੀਨੇਟਰ ਖੇਡਾਂ ਜਗਜੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਉਨ੍ਹਾਂ ਦੀ ਮਿਹਨਤ ਅਤੇ ਲਗਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਖੇਡ ਸਮਾਗਮ ਨਾ ਸਿਰਫ਼ ਵਿਦਿਆਰਥੀਆਂ ਦੇ ਸਰੀਰਕ ਵਿਕਾਸ ਵਿੱਚ ਸਹਾਈ ਹੁੰਦੇ ਹਨ ਸਗੋਂ ਉਨ੍ਹਾਂ ਦੇ ਆਤਮ ਵਿਸ਼ਵਾਸ ਅਤੇ ਟੀਮ ਭਾਵਨਾ ਵਿੱਚ ਵੀ ਵਾਧਾ ਕਰਦੇ ਹਨ । ਖੇਡ ਅਧਿਕਾਰੀਆਂ ਨੇ ਵੀ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਇਸ ਸਫ਼ਲਤਾ ’ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇਖਣ ਨੂੰ ਮਿਲਣਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly