ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਰਾਣੀਪਿੰਡ ਵਿਖੇ ਪਰਾਲੀ ਪ੍ਰਬੰਧਨ ਬਾਬਤ ਜਾਗਰੁਕਤਾ ਕੈਂਪ ਦਾ ਆਯੋਜਨ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਟਾਂਡਾ ਦੇ ਸਹਿਯੋਗ ਨਾਲ ਰਾਣੀ ਪਿੰਡ, ਬਲਾਕ ਟਾਂਡਾ ਵਿਖੇ ਪਰਾਲੀ ਪ੍ਰਬੰਧਨ ਪਿੰਡ ਪੱਧਰੀ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੀ ਸ਼ੂਰੁਆਤ ਵਿੱਚ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਡਾ. ਮਨਿੰਦਰ ਸਿੰਘ ਬੌਂਸ ਨੇ ਆਏ ਹੋਏ ਕਿਸਾਨਾਂ ਦਾ ਸਵਾਗਤ ਕੀਤਾ ਅਤੇ ਇਸ ਗੱਲ ’ਤੇ ਜੋਰ ਦਿੱਤਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਨਾ ਸਾੜਣ ਅਤੇ ਉਪਲਬਧ ਮਸ਼ੀਨਰੀ ਤੇ ਤਕਨੀਕਾਂ ਰਾਂਹੀ ਇਸ ਦਾ ਯੋਗ ਪ੍ਰਬੰਧ ਕਰਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ। ਉਨ੍ਹਾਂ ਦੱਸਿਆ ਕਿ ਬਲਾਕ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਬੈਕਾਂ ਦਾ ਗਠਨ ਕੀਤਾ ਗਿਆ ਹੈ ਅਤੇ ਕਿਸਾਨ ਪਰਾਲੀ ਪ੍ਰਬੰਧਨ ਸਬੰਧਿਤ ਮਸ਼ੀਨਰੀ ਦੀ ਵਰਤੋਂ ਸਾਂਝੇ ਤੌਰ ’ਤੇ ਕਰਨ ਤਾਂ ਜੋ ਇਸ ਦਾ ਪੂਰਾ ਫਾਇਦਾ ਲਿਆ ਜਾ ਸਕੇ। ਡਾ. ਬੌਂਸ ਨੇ ਹਾੜ੍ਹੀ ਦੀਆਂ ਫਸਲਾਂ-ਕਣਕ ਤੇ ਗੋਭੀ ਸਰੋਂ ਦੀਆਂ ਨਵੀਨਤਮ ਫਸਲ ਉਤਪਾਦਨ ਤੇ ਪੌਦ ਸੁਰੱਖਿਆ ਤਕਨੀਕਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।  ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨਿਅਰਿੰਗ), ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਡਾ. ਅਜੈਬ ਸਿੰਘ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਦੱਸਿਆ ਅਤੇ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਉਨ੍ਹਾਂ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਉਪਲਬਧ ਮਸ਼ੀਨਰੀ – ਸੁਪਰ ਐਸ.ਐਮ.ਐਸ., ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ, ਉਲਟਾਵਾਂ ਹੱਲ, ਮਲਚਰ, ਜੀਰੋ ਡਰਿੱਲ, ਕੱਟਰ, ਬੇਲਰ ਦੀ ਵਰਤੋਂ ਸੰਬੰਧੀ ਤਕਨੀਕੀ ਨੁਕਤੇ ਸਾਂਝੇ ਕੀਤੇ।
ਕੇਂਦਰ ਦੇ ਪਸ਼ੂ ਵਿਗਿਆਨ ਦੇ ਮਾਹਿਰ, ਡਾ. ਪਰਮਿੰਦਰ ਸਿੰਘ ਨੇ ਝੋਨੇ ਦੀ ਪਰਾਲੀ ਦੀ ਪਸ਼ੂ ਖੁਰਾਕ, ਊਰਜਾ, ਮਲਚ, ਖਾਦ ਵਜੋਂ ਤੇ ਖੁੰਬ ਉਤਪਾਦਨ ਤੇ ਗੋਬਰ ਗੈਸ ਪਲਾਂਟ ਵਿੱਚ ਵਰਤੋਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਦੁਧਾਰੂ ਪਸ਼ੂਆਂ ਦੀ ਮੌਸਮੀ ਸੰਭਾਲ ਬਾਰੇ ਵੀ ਦੱਸਿਆ। ਖੇਤੀਬਾੜੀ ਅਫਸਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਟਾਂਡਾ ਡਾ. ਯਸ਼ਪਾਲ ਨੇ ਵਿਭਾਗੀ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਖੇਤੀ ਸਿਫਾਰਿਸ਼ਾਂ ਅਪਨਾਉਣ ਲਈ ਜੋਰ ਦਿੱਤਾ।ਉਨ੍ਹਾਂ ਬਲਾਕ ਟਾਂਡਾ ਵਿੱਚ ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਚਾਨਣਾ ਪਾਇਆ। ਖੇਤੀ ਵਿਕਾਸ ਅਫਸਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਟਾਂਡਾ ਡਾ. ਲਵਜੀਤ ਸਿੰਘ ਨੇ ਦੱਸਿਆ ਕਿ ਟਾਂਡਾ ਬਲਾਕ ਵਿੱਚ ਪਿਛਲੇ ਸਾਲਾਂ ਦੌਰਾਨ ਪਰਾਲੀ ਦੀਆਂ ਗੰਢਾਂ ਬਣਾਕੇ ਸਫਲਤਾਪੂਰਵਕ ਪ੍ਰਬੰਧ ਕੀਤਾ ਜਾ ਰਿਹਾ ਹੈ ਅਤੇ ਇਸ ਸੰਦਰਭ ਵਿੱਚ ਉਨ੍ਹਾਂ ਨੇ ਬੇਲਰ ਮਾਲਕਾਂ ਨਾਲ ਕਿਸਾਨਾਂ ਨੂੰ ਰੂਬਰੂ ਵੀ ਕਰਵਾਇਆ ਅਤੇ ਕਿਸਾਨਾਂ ਨੂੰ ਇਸ ਸਬੰਧੀ ਪੂਰਣ ਵਿਉਂਤਬੰਦੀ ਕਰਕੇ ਪਰਾਲੀ ਦਾ ਪ੍ਰਬੰਧ ਕਰਨ ਲਈ ਪ੍ਰੇਰਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸ਼ਹੀਦ ਭਗਤ ਸਿੰਘ ਦੇ ਵਿਚਾਰ ਅੱਜ ਵੀ ਰਾਹ ਦਸੇਰਾ
Next articleਖੰਨਾ ਸਟੇਸ਼ਨ 11 ਕਰੋੜ ਰੁਪਏ ਦੀ ਲਾਗਤ ਨਾਲ ਮੁਸਾਫਰਾਂ ਦੀਆਂ ਸਹੂਲਤਾਂ ਲਈ ਅਪਗ੍ਰੇਡ ਕੀਤਾ ਜਾਵੇਗਾ -ਡਾ ਅਮਰ ਸਿੰਘ