ਬੱਚਿਆਂ ਨੂੰ ਬਾਲ ਅਧਿਕਾਰਾਂ ਅਤੇ ਪੋਕਸੋ ਐਕਟ ਸਬੰਧੀ ਕੀਤਾ ਜਾਗਰੂਕ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਚਰਨ ਕਵਲ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਬੱਚਿਆਂ ਨੂੰ ਬਾਲ ਅਧਿਕਾਰਾਂ ਅਤੇ ਪੋਕਸੋ ਐਕਟ ਸਬੰਧੀ ਜਾਗਰੂਕ ਕਰਨ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਗੌਰਵ ਸ਼ਰਮਾ ਬਾਲ ਸੁਰੱਖਿਆ ਅਫਸਰ (ਆਈ.ਸੀ) ਵੱਲੋਂ ਪੋਕਸੋ ਐਕਟ ਅਤੇ ਬਾਲ ਅਧਿਕਾਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਲੜਕੇ ਅਤੇ ਲੜਕੀਆਂ ਦੇ ਸਰਬਪੱਖੀ ਵਿਕਾਸ ਲਈ ਸੁਰੱਖਿਅਤ ਮਾਹੌਲ ਹੋਣਾ ਜ਼ਰੂਰੀ ਹੈ ਜਿਸ ਦੀ ਸਿਰਜਣਾ ਕਰਨ ਲਈ ਸਰਕਾਰ ਵੱਲੋਂ ਬੱਚਿਆਂ ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਨ ਲਈ ਪੋਕਸੋ ਐਕਟ ਲਾਗੂ ਕੀਤਾ ਗਿਆ ਹੈ, ਤਾਂ ਜੋ ਜ਼ੀਰੋ ਤੋਂ 18 ਸਾਲ ਦੇ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੇ ਸ਼ੋਸ਼ਣ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਪੋਕਸੋ ਐਕਟ ਤਹਿਤ ਜ਼ੀਰੋ ਤੋਂ 18 ਸਾਲ ਤੱਕ ਦੇ ਬੱਚਿਆਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਹਾਰ ਕਰਨ ਵਾਲੇ ਵਿਅਕਤੀ ਲਈ ਸਖ਼ਤ ਤੋਂ ਸਖ਼ਤ ਸਜ਼ਾ ਦਾ ਪ੍ਰਾਵਧਾਨ ਹੈ। ਉਨ੍ਹਾਂ ਨੇ ਸਕੂਲ ਦੇ ਅਧਿਆਪਕਾਂ ਨੂੰ ਕਿਹਾ ਕਿ ਉਹ ਬੱਚਿਆਂ ਨਾਲ ਇਸ ਸੰਵੇਦਨਸ਼ੀਲ ਵਿਸ਼ੇ ‘ਤੇ ਖੁੱਲ੍ਹ ਕੇ ਚਰਚਾ ਕਰਨ ਤਾਂ ਜੋ ਬੱਚਿਆਂ ਨੂੰ ਚੰਗੇ ਅਤੇ ਮਾੜੇ ਵਤੀਰੇ ਦਾ ਪਤਾ ਲੱਗ ਸਕੇ। ਗੌਰਵ ਸ਼ਰਮਾ ਵੱਲੋਂ ਬੱਚਿਆਂ ਨੂੰ ਗੁੱਡ ਟੱਚ ਅਤੇ ਬੈਡ ਟੱਚ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਕਿਹਾ ਕਿ ਜੇਕਰ ਕੋਈ ਵੀ ਬੱਚਾ ਕਿਸੇ ਵੀ ਤਰ੍ਹਾਂ ਦੇ ਦੁਰਵਿਹਾਰ ਦਾ ਸਾਹਮਣਾ ਕਰਦਾ ਹੈ ਤਾਂ ਉਹ ਬੇਝਿਜਕ ਇਸ ਬਾਰੇ ਆਪਣੇ ਮਾਪਿਆਂ ਜਾਂ ਆਪਣੇ ਅਧਿਆਪਕ ਨੂੰ ਦੱਸ ਸਕਦਾ ਹੈ ਤਾਂ ਜੋ ਦੁਰਵਿਹਾਰ ਕਰਨ ਵਾਲੇ ਵਿਅਕਤੀ ਖ਼ਿਲਾਫ ਪੋਕਸੋ ਐਕਟ ਤਹਿਤ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਉਚਿਤ ਕਾਰਵਾਈ ਕੀਤੀ ਜਾ ਸਕੇ। ਇਸ ਤੋਂ ਇਲਾਵਾ ਬਾਲ ਸੁਰੱਖਿਆ ਯੂਨਿਟ ਅਧੀਨ ਬਤੌਰ ਆਊਟਰੀਚ ਵਰਕਰ ਤੈਨਾਤ ਕਾਂਤਾ ਵੱਲੋਂ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਸਪੋਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਲੋੜਵੰਦ ਅਤੇ ਬੇਸਹਾਰਾ ਬੱਚਿਆਂ ਦੀ ਪੜ੍ਹਾਈ ਨੂੰ ਜਾਰੀ ਰੱਖਣ ਲਈ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਬਾਰੇ ਜਾਣੂ ਕਰਵਾਇਆ ਅਤੇ ਕਿਹਾ ਕਿ ਲੋੜਵੰਦ ਅਤੇ ਬੇਸਹਾਰਾ ਬੱਚਿਆਂ ਨੂੰ ਸਿੱਖਿਆ ਅਤੇ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਚਲਾਈ ਜਾ ਰਹੀ ਸਪੋਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਤਹਿਤ 4 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ , ਇਸ ਸਕੀਮ ਦਾ ਲਾਭ ਇਕ ਪਰਿਵਾਰ ਦੇ ਦੋ ਬੱਚੇ ਲੈ ਸਕਦੇ ਹਨ, ਕੋਈ ਵੀ ਵਿਧਵਾ ਔਰਤ, ਤਲਾਕ ਸਦਾਰਤ ਜਾਂ ਸਿੰਗਲ ਪੈਰੈਂਟ ਅਤੇ ਇਹੋ ਜਿਹੇ ਬੱਚੇ ਜਿਨ੍ਹਾਂ ਦੇ ਮਾਂ-ਪਿਓ ਕਿਸੇ ਲਾਇਲਾਜ ਬਿਮਾਰੀ ਨਾਲ ਜੂਝ ਰਹੇ ਹੋਣ ਜਾਂ ਬੱਚਿਆਂ ਦੇ ਮਾਤਾ ਅਤੇ ਪਿਤਾ ਵਿੱਚੋਂ ਕੋਈ ਇਕ ਜੇਲ੍ਹ ਵਿਚ ਹੋਵੇ ਇਹੋ ਜਿਹੇ ਬੱਚਿਆਂ ਨੂੰ ਸਪੋਂਸਰਸ਼ਿਪ ਸਕੀਮ ਅਧੀਨ ਕਵਰ ਕੀਤਾ ਜਾਂਦਾ ਹੈ। ਜੇਕਰ ਕੋਈ ਵੀ ਲੋੜਵੰਦ ਅਤੇ ਬੇਸਹਾਰਾ ਬੱਚਾ ਸਕੀਮ ਦਾ ਲਾਭ ਲੈਣਾ ਚਾਹੁੰਦਾ ਹੈ ਤਾਂ ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ, ਕਮਰਾ ਨੰਬਰ 413 ਵਿਚ ਸੰਪਰਕ ਕਰ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਬੱਚਿਆਂ ਨੂੰ ਚਾਈਲਡ ਲਾਈਨ ਨੰਬਰ 1098 ਬਾਰੇ ਜਾਣੂ ਕਰਵਾਇਆ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਪੰਚੀ ਦੀ ਬੋਲੀ
Next articleਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ