ਜ਼ਿਲ੍ਹੇ ਵਿਚ ਪੰਚਾਇਤੀ ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਚੜ੍ਹਿਆ ਨੇਪਰੇ

ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਲਈ ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਦੇ ਵੋਟਰਾਂ ਦਾ ਧੰਨਵਾਦ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲੇ ਵਿਚ ਪੰਚਾਇਤੀ ਚੋਣਾਂ ਦਾ ਕੰਮ ਅੱਜ ਅਮਨ-ਅਮਾਨ ਤੇ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹ ਗਿਆ। ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਚੋਣ ਅਮਲ ਦੌਰਾਨ ਸ਼ਾਂਤੀ ਤੇ ਸਦਭਾਵਨਾ ਬਣਾਈ ਰੱਖਣ ਲਈ ਜ਼ਿਲ੍ਹੇ ਦੇ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਮੁੱਖ ਮੰਤਵ ਚੋਣਾਂ ਦੌਰਾਨ ਪਿੰਡਾਂ ਵਿਚ ਭਾਈਚਾਰਕ ਸਾਂਝ ਅਤੇ ਅਮਨ-ਕਾਨੂੰਨ ਬਹਾਲ ਰੱਖਣਾ ਸੀ, ਜਿਸ ਵਿਚ ਪੂਰਨ ਕਾਮਯਾਬੀ ਮਿਲੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਵੋਟਰਾਂ ਵੱਲੋਂ ਅੱਜ ਪੂਰੇ ਉਤਸ਼ਾਹ ਨਾਲ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ, ਜਿਸ ਸਦਕਾ ਮਤਦਾਨ ਦੀ ਪ੍ਰਤੀਸ਼ਤਤਾ ਵਧੀਆ ਰਹੀ ਹੈ। ਉਨਾਂ ਦੱਸਿਆ ਕਿ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਸ਼ੁਰੂ ਹੋਇਆ ਅਤੇ ਸਵੇਰੇ 10 ਵਜੇ ਤੱਕ 14 ਫੀਸਦੀ, ਦੁਪਹਿਰ 12 ਵਜੇ ਤੱਕ 32 ਫੀਸਦੀ ਅਤੇ ਬਾਅਦ ਦੁਪਹਿਰ 2 ਵਜੇ ਤੱਕ 46.71 ਫੀਸਦੀ ਪੋਲਿੰਗ ਹੋਈ।
ਡਿਪਟੀ ਕਮਿਸ਼ਨਰ ਨੇ ਚੋਣ ਅਮਲ ਨੂੰ ਨਿਰਵਿਘਨ ਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲਾ ਅਧਿਕਾਰੀਆਂ ਸਮੇਤ ਚੋਣ ਅਮਲ ਵਿਚ ਤਾਇਨਾਤ ਰਿਟਰਨਿੰਗ ਅਫ਼ਸਰਾਂ, ਸਹਾਇਕ ਰਿਟਰਨਿੰਗ ਅਫ਼ਸਰਾਂ, ਪੋਲਿੰਗ ਪਾਰਟੀਆਂ ਵਿਚ ਸ਼ਾਮਿਲ ਪ੍ਰੀਜ਼ਾਈਡਿੰਗ ਅਫ਼ਸਰਾਂ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰਾਂ ਤੇ ਹੋਰ ਅਮਲੇ, ਗਿਣਤੀ ਸਟਾਫ, ਸੁਰੱਖਿਆ ਦੇ ਇੰਤਜ਼ਾਮਾਂ ਵਿਚ ਤਾਇਨਾਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਉਚੇਚੇ ਤੌਰ ‘ਤੇ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ ਵੱਲੋਂ ਕੀਤੇ ਵਿਸ਼ੇਸ਼ ਯਤਨਾਂ ਸਦਕਾ ਹੀ ਚੋਣ ਅਮਲ ਨੂੰ ਸਮੇਂ ਸਿਰ ਸ਼ਾਂਤਮਈ ਢੰਗ ਨਾਲ ਨਿਪਟਾਉਣ ਵਿਚ ਕਾਮਯਾਬੀ ਮਿਲੀ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵੱਡੀ ਗਿਣਤੀ ਵਿੱਚ ਬਲਵਿੰਦਰ ਪਾਲ ਦਾਰਾ ਦੇ ਸੰਸਕਾਰ ਸਮੇਂ ਬਸਪਾ ਆਗੂ ਪੁੱਜੇ
Next articleਦੋਸ਼ੀਆਂ ਦੀ ਗ੍ਰਿਫਤਾਰੀ ਲਈ ਗੁਰਸੇਵਾ ਨਰਸਿੰਗ ਕਾਲਜ ਦੇ ਅੱਗੇ ਧਰਨਾ