ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ )-ਮੰਡੀਆਂ ਵਿਚੋਂ ਝੋਨੇ ਦੀ ਲਿਫਟਿੰਗ ਅਤੇ ਬਾਰਦਾਨੇ ਦੀ ਮੰਗ ਨੂੰ ਲੈਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਗੜ੍ਹਸ਼ੰਕਰ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਗੜ੍ਹਸ਼ੰਕਰ-ਹੁਸ਼ਿਆਰਪੁਰ ਮੁੱਖ ਸੜਕ ਤੇ ਧਰਨਾ ਲਾਕੇ ਟ੍ਰੈਫਿਕ ਜਾਮ ਕੀਤਾ ਗਿਆ। ਕੁਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਦਰਸ਼ਨ ਸਿੰਘ ਮੱਟੂ ਅਤੇ ਚੌਧਰੀ ਅੱਛਰ ਸਿੰਘ ਦੀ ਅਗਵਾਈ ਹੇਠ ਲਗਾਏ ਇਸ ਧਰਨੇ ਵਿੱਚ ਵੱਖ-ਵੱਖ ਕਿਸਾਨ ਆਗੂਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਅੱਜ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਨਾ ਹੋਣ ਅਤੇ ਬਾਰਦਾਨੇ ਦੀ ਘਾਟ ਹੋਣ ਕਾਰਨ ਕਿਸਾਨ, ਆੜਤੀਏ ਅਤੇ ਮਜ਼ਦੂਰ ਪ੍ਰੇਸ਼ਾਨ ਹੋ ਰਹੇ ਹਨ। ਪਰ ਲਗਦਾ ਹੈ ਕਿ ਕੇਂਦਰ ਅਤੇ ਸੂਬਾ ਸਰਕਾਰ ਇਸ ਨੂੰ ਲੈਕੇ ਗੰਭੀਰ ਨਹੀਂ ਹਨ। ਇਸ ਮੌਕੇ ਕੁਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਦਰਸ਼ਨ ਸਿੰਘ ਮੱਟੂ, ਚੌਧਰੀ ਅੱਛਰ ਸਿੰਘ, ਜਨਵਾਦੀ ਇਸਤਰੀ ਸਭਾ ਦੀ ਸੂਬਾਈ ਆਗੂ ਬੀਬੀ ਸੁਭਾਸ਼ ਮੱਟੂ, ਕਿਰਤੀ ਕਿਸਾਨ ਸਭਾ ਦੇ ਆਗੂ ਕੁਲਵਿੰਦਰ ਸਿੰਘ ਚਾਹਲ, ਹਰਮੇਸ਼ ਢੇਸੀ ਅਤੇ ਕੁਲਭੂਸ਼ਨ ਕੁਮਾਰ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਝੋਨੇ ਦੀ ਲਿਫਟਿੰਗ ਅਤੇ ਬਾਰਦਾਨੇ ਦਾ ਪ੍ਰਬੰਧ ਜਲਦ ਨਾ ਕੀਤਾ ਗਿਆ ਤਾਂ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਜ਼ੋਰਦਾਰ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਮੌਕੇ ਤੇ ਪਹੁੰਚੇ ਐਸ.ਡੀ.ਐਮ ਗੜ੍ਹਸ਼ੰਕਰ ਹਰਬੰਸ ਸਿੰਘ ਵੱਲੋਂ ਕਿਸਾਨ ਆਗੂਆਂ ਨੂੰ ਦਿਤੇ ਆਸ਼ਵਾਸਨ ਤੋਂ ਬਾਅਦ ਧਰਨਾ ਖ਼ਤਮ ਕੀਤਾ ਗਿਆ। ਇਸ ਮੌਕੇ ਦਰਸ਼ਨ ਸਿੰਘ ਮੱਟੂ, ਸੁਭਾਸ਼ ਮੱਟੂ, ਚੌਧਰੀ ਅੱਛਰ ਸਿੰਘ, ਸ਼ੇਰ ਜੰਗ ਬਹਾਦਰ ਸਿੰਘ, ਹਰਮੇਸ਼ ਸਿੰਘ ਢੇਸੀ, ਕੁਲਵਿੰਦਰ ਚਾਹਲ, ਕੁਲਭੂਸ਼ਨ ਕੁਮਾਰ, ਮਾਸਟਰ ਬਲਵੰਤ ਰਾਏ, ਸ਼ਾਮ ਲਾਲ (ਪ੍ਰਧਾਨ ਆੜਤੀ ਯੂਨੀਅਨ ਗੜ੍ਹਸ਼ੰਕਰ) ਆੜਤੀ ਬਲਵੀਰ ਸਿੰਘ, ਗੁਰਵਿੰਦਰ ਸਿੰਘ, ਕਸ਼ਮੀਰ ਸਿੰਘ ਅਤੇ ਸੋਹਣ ਸਿੰਘ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly