ਡਿਪਟੀ ਕਮਿਸ਼ਨਰ ਨੇ ਵਿਧਾਇਕ ਅਤੇ ਐਸ.ਐਸ.ਪੀ ਨਾਲ ਦਸੂਹਾ ਮੰਡੀ ’ਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਕੀਤਾ ਨਿਰੀਖਣ

ਜ਼ਿਲ੍ਹੇ ’ਚ 175318 ਮੀਟ੍ਰਿਕ ਟਨ ਝੋਨੇ ’ਚੋਂ 171876 ਮੀਟ੍ਰਿਕ ਟਨ ਦੀ ਖਰੀਦ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਮੰਡੀਆਂ ਵਿਚ ਹੋ ਰਹੀ ਝੋਨੇ ਦੀ ਖਰੀਦ ਤੇ ਲਿਫਟਿੰਗ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਪਿਛਲੇ ਕੁਝ ਦਿਨ ਤੋਂ ਮੰਡੀਆਂ ਦੇ ਕੀਤੇ ਜਾ ਰਹੇ ਦੌਰਿਆਂ ਤਹਿਤ ਅੱਜ ਵਿਧਾਇਕ ਕਰਮਬੀਰ ਸਿੰਘ ਘੁੰਮਣ ਅਤੇ ਐਸ.ਐਸ.ਪੀ. ਸੁਰੇਂਦਰ ਲਾਂਬਾ ਨਾਲ ਦਾਣਾ ਮੰਡੀ ਦਸੂਹਾ ਦਾ ਦੌਰਾ ਕੀਤਾ ਗਿਆ।
ਇਸ ਦੌਰਾਨ ਝੋਨੇ ਦੀ ਖਰੀਦ, ਲਿਫਟਿੰਗ ਪ੍ਰਕਿਰਿਆ ਅਤੇ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੀ ਅਦਾਇਗੀਆਂ ਦਾ ਜਾਇਜ਼ਾ ਲਿਆ ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਮੰਡੀ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਲਿਫਟਿੰਗ ਪ੍ਰਕਿਰਿਆ ਵਿਚ ਹੋਰ ਤੇਜ਼ੀ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਖਰੀਦੀ ਗਈ ਫ਼ਸਲ ਸਮੇਂ ਸਿਰ ਮੰਡੀਆਂ ਤੋਂ ਉਠਾਈ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵਿਸ਼ਵਾਸ ਦੁਆਇਆ ਕਿ ਉਨ੍ਹਾਂ ਨੂੰ ਫਸਲ ਵੇਚਣ ਵਿਚ ਕਿਸੇ ਪ੍ਰਕਾਰ ਦੀ ਅਸੁਵਿਧਾ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਮੰਡੀਆਂ ਵਿਚ ਨਿਰਧਾਰਤ ਨਮੀ ਵਾਲਾ ਝੋਨਾ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਖਰੀਦ ਪ੍ਰਕਿਰਿਆ ਹੋਰ ਸੁਖਾਲੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਛਾਂ, ਤਿਰਪਾਲ ਅਤੇ ਬਾਰਦਾਨੇ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਉਪਜ ਦਾ ਭੁਗਤਾਨ ਸਿੱਧੇ ਉਨ੍ਹਾਂ ਦੇ ਖਾਤੇ ਵਿਚ ਸਮੇਂ ਸਿਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਿਸੇ ਵੀ ਪ੍ਰਕਾਰ ਦੀ ਵਿਤੀ ਦਿੱਕਤ ਨਾ ਹੋਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਿਸਾਨ ਬਿਨਾ ਸੰਕੋਚ ਆਪਣਾ ਝੋਨਾ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ 25 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕੁੱਲ 175318 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ 171876 ਮੀਟ੍ਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਜਾਂ ਸ਼ਿਕਾਇਤ ਲਈ ਸਬੰਧਤ ਅਧਿਕਾਰੀਆਂ ਨਾਲ ਤੁਰੰਤ ਸੰਪਰਕ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸਾਨਾਂ ਦੇ ਹਿੱਤਾਂ ਦੀ ਪੂਰੀ ਤਰ੍ਹਾਂ ਨਾਲ ਰੱਖਿਆ ਕੀਤੀ ਜਾਵੇ ਅਤੇ ਖਰੀਦ ਪ੍ਰਕਿਰਿਆ ਪਾਰਦਰਸ਼ੀ ਅਤੇ ਸਮੇਂ ਸਿਰ ਮੁਕੰਮਲ ਹੋਵੇ।
ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਵਲੋਂ ਲਿਆਂਦੀ ਗਈ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਨਿਸ਼ਚਿਤ ਸਮੇਂ ਵਿਚ ਭੁਗਤਾਨ ਦੇ ਨਾਲ-ਨਾਲ ਲਿਫਟਿੰਗ ਵੀ ਯਕੀਨੀ ਬਣਾਈ ਜਾਵੇਗੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ ਖਰਚਾ ਅਬਜ਼ਰਵਰ ਸੋਰੇਨ ਜੋਸ ਨੇ ਕੀਤਾ ਵੱਖ-ਵੱਖ ਸੈੱਲਾਂ ਦਾ ਨਿਰੀਖਣ
Next articleਯੂਕੋ ਬੈਂਕ, ਲੁਧਿਆਣਾ ਦੀਆਂ ਸ਼ਾਖਾਵਾਂ ਵੱਲੋਂ ਵਿਜੀਲੈਂਸ ਜਾਗਰੂਕਤਾ ਸਪਤਾਹ ਸਮਾਰੋਹ ਦਾ ਆਯੋਜਨ ਕੀਤਾ ਗਿਆ