ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਇਹ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ਵਿਚ ਰਹਿਣ ਵਾਲਾ ਕੋਈ ਵੀ ਵਿਅਕਤੀ ਜੇਕਰ ਆਪਣੇ ਘਰ/ਹੋਟਲ/ਰੈਸਟੋਰੈਂਟ ਵਿਚ ਕਿਰਾਏਦਾਰ/ਨੌਕਰ/ਪੇਇੰਗ ਗੈਸਟ/ਨੇਪਾਲੀ ਲਾਂਗਰੀ ਰੱਖੇਗਾ ਤਾਂ ਉਹ ਉਸ ਦੀ ਸੂਚਨਾ [email protected] ਅਤੇ [email protected] ਉੱਤੇ ਇਕ ਹਫ਼ਤੇ ਦੇ ਅੰਦਰ-ਅੰਦਰ ਦੇਣ ਲਈ ਪਾਬੰਦ ਹੋਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਮਕਾਨ ਮਾਲਕਾਂ ਨੇ ਅੱਜ ਤੱਕ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਨੂੰ ਨਹੀਂ ਦਿੱਤੀ ਹੈ, ਉਹ ਉਕਤ ਈ-ਮੇਲ ‘ਤੇ ਕਿਰਾਏਦਾਰ (ਨਾਮ, ਪਿਤਾ ਦਾ ਨਾਮ, ਫੋਟੋ ਅਤੇ ਆਧਾਰ ਕਾਰਡ) ਦੀ ਸੂਚਨਾ ਇਸ ਹੁਕਮ ਦੇ ਜਾਰੀ ਹੋਣ ਦੀ ਮਿਤੀ ਤੋਂ ਇਕ ਹਫਤੇ ਦੇ ਅੰਦਰ-ਅੰਦਰ ਦੇਣ।
ਉਨ੍ਹਾਂ ਕਿਹਾ ਕਿ ਮਕਾਨ ਮਾਲਕਾਂ ਵੱਲੋਂ ਰੱਖੋ ਗਏ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਆਦਿ ਕਈ ਵਾਰ ਨਸ਼ੇ, ਅਸਮਾਜਿਕ ਅਤੇ ਅਪਰਾਧਿਕ ਪਿਛੋਕੜ ਦੇ ਹੁੰਦੇ ਹਨ ਅਤੇ ਕਿਰਾਏ ਵਾਲੇ ਮਕਾਨਾਂ ਅਤੇ ਪਬਲਿਕ ਸਥਾਨਾਂ ‘ਤੇ ਹੁੜਦੰਗ ਕਰਦੇ ਰਹਿੰਦੇ ਹਨ, ਜਿਸ ਕਰਕੇ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਹੈ, ਪਰ ਮਕਾਨ ਮਾਲਕਾਂ ਵੱਲੋਂ ਇਨ੍ਹਾਂ ਕਿਰਾਏਦਾਰਾਂ ਦੀ ਸੂਚਨਾ ਪੁਲਿਸ ਪਾਸ ਸਮੇਂ ਸਿਰ ਦਰਜ ਨਹੀਂ ਕਰਵਾਈ ਜਾਂਦੀ ਹੈ। ਇਸ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਉਕਤ ਹੁਕਮ ਲਾਗੂ ਕੀਤਾ ਗਿਆ ਹੈ। ਇਹ ਹੁਕਮ 24 ਦਸੰਬਰ 2024 ਤੱਕ ਲਾਗੂ ਰਹੇਗਾ।
https://play.google.com/store/apps/details?id=in.yourhost.samajweekly