ਡਿਪਟੀ ਕਮਿਸ਼ਨਰ ਨੇ ਖਾਦਾਂ ਦੀ ਕਾਲਾਬਾਜ਼ਾਰੀ, ਵੱਧ ਕੀਮਤ ਵਸੂਲੀ ਅਤੇ ਬੇਲੋੜੀ ਟੈਗਿੰਗ ‘ਤੇ ਕਾਬੂ ਪਾਉਣ ਦੇ ਦਿੱਤੇ ਨਿਰਦੇਸ਼

ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਖੇਤੀਬਾੜੀ ਅਧਿਕਾਰੀਆਂ ਨੇ ਖਾਦ ਵਿਕਰੇਤਾਵਾਂ ਦੇ ਕੇਂਦਰਾਂ ਦਾ ਨਿਰੀਖਣ ਕੀਤਾ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਾਉਣੀ ਦੇ ਸੀਜ਼ਨ ਵਿੱਚ ਫ਼ਸਲਾਂ ਦੀ ਬਿਜਾਈ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਸਾਨਾਂ ਨੂੰ ਖਾਦਾਂ ਢੁੱਕਵੇਂ ਅਤੇ ਵਾਜਬ ਭਾਅ ’ਤੇ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਹਨ। ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਅਧਿਕਾਰੀਆਂ ਨੂੰ ਹੁਕਮ ਕੀਤੇ ਹਨ ਕਿ ਉਹ ਖਾਦ ਵਿਕਰੀ ਪੁਆਇੰਟਾਂ ਦੀ ਨਿਯਮਤ ਤੌਰ ‘ਤੇ ਜਾਂਚ ਕਰਨ ਤਾਂ ਜੋ ਕਿਸਾਨਾਂ ਨੂੰ ਬਿਜਾਈ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਖੇਤੀਬਾੜੀ ਅਫ਼ਸਰ ਡਾ: ਦੀਪਇੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਬਲਾਕਾਂ ਵਿੱਚ ਸਥਿਤ ਖਾਦ ਵਿਕਰੇਤਾਵਾਂ ਦੇ ਕੇਂਦਰਾਂ ਦਾ ਨਿਰੀਖਣ ਕੀਤਾ। ਸਾਰੇ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਸਟਾਕ ਰਜਿਸਟਰ, ਬਿੱਲ ਬੁੱਕ ਅਤੇ ਪੁਆਇੰਟ ਆਫ਼ ਸੇਲ ਮਸ਼ੀਨਾਂ ਨੂੰ ਗੋਦਾਮ ਵਿੱਚ ਮੌਜੂਦ ਡੀ.ਏ.ਪੀ. ਸਟਾਕ ਨਾਲ ਜੋੜਨ। ਇਸ ਦੇ ਨਾਲ ਹੀ ਦੁਕਾਨਾਂ ‘ਤੇ ਖਾਦ ਦੇ ਰੇਟ ਅਤੇ ਉਪਲਬਧਤਾ ਦੀ ਜਾਣਕਾਰੀ ਸਪੱਸ਼ਟ ਤੌਰ ‘ਤੇ ਦਿਖਾਈ ਜਾਵੇ। ਹਰ ਬਿੱਲ ‘ਤੇ ਕਿਸਾਨ ਦਾ ਮੋਬਾਈਲ ਨੰਬਰ ਵੀ ਦਰਜ ਹੋਣਾ ਚਾਹੀਦਾ ਹੈ। ਕਿਸੇ ਵੀ ਖਾਦ ਵੇਚਣ ਵਾਲੇ ਨੂੰ ਡੀ.ਏ.ਪੀ. ਜਾਂ ਯੂਰੀਆ ਨਾਲ ਬੇਲੋੜੀ ਸਮੱਗਰੀ ਟੈਗ ਕਰਨ ਦੀ ਮਨਾਹੀ ਹੈ। ਜੇਕਰ ਕੋਈ ਵਿਕਰੇਤਾ ਅਜਿਹੀਆਂ ਬੇਨਿਯਮੀਆਂ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਜ਼ਰੂਰੀ ਵਸਤਾਂ ਐਕਟ 1955 ਅਤੇ ਖਾਦ ਕੰਟਰੋਲ ਆਰਡਰ 1955 ਤਹਿਤ ਕਾਰਵਾਈ ਕੀਤੀ ਜਾਵੇਗੀ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਡੀ.ਏ.ਪੀ ਖਾਦ ਦੀ ਵਰਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਟ੍ਰਿਪਲ/ਸਿੰਗਲ ਸੁਪਰ ਫਾਸਫੇਟ ਅਤੇ ਹੋਰ ਐਨ.ਪੀ.ਕੇ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦੀ ਵੀ ਸਲਾਹ ਦਿੱਤੀ ਹੈ ਤਾਂ ਜੋ ਕਿਸਾਨ ਨੂੰ ਘੱਟ ਲਾਗਤ ‘ਤੇ ਚੰਗਾ ਝਾੜ ਮਿਲ ਸਕੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleHarvinder Singh Kalyan – A journey from Youth Congress to Speaker of Haryana Assembly: An analysis
Next articleਗ਼ਦਰੀ ਬਾਬਿਆਂ ਦੇ ਮੇਲੇ ਦੀ ਸਫ਼ਲਤਾ ਲਈ ਸਬ-ਕਮੇਟੀਆਂ ਨੇ ਕੀਤੀ ਗੰਭੀਰ ਵਿਚਾਰ-ਚਰਚਾ, 80ਵੇਂ ਦੇ ਦੌਰ ‘ਚ ਮਾਰੇ ਗਏ ਬੇਗੁਨਾਹ ਲੋਕਾਂ ਨੂੰ ਕੀਤਾ ਯਾਦ