ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਨਿਗਮ ਨੂੰ 1.76 ਕਰੋੜ ਰੁਪਏ ਦੀ ਸੁਪਰ ਸਕਰ ਮਸ਼ੀਨ ਕੀਤੀ ਸਮਰਪਿਤ
ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਨਗਰ ਨਿਗਮ ਹੁਸ਼ਿਆਰਪੁਰ ਵਿਖੇ 1.76 ਕਰੋੜ ਰੁਪਏ ਦੀ ਲਾਗਤ ਵਾਲੀ ਸੁਪਰ ਸਕਰ ਮਸ਼ੀਨ ਨਗਰ ਨਿਗਮ ਨੂੰ ਸਮਰਪਿਤ ਕਰਦੇ ਹੋਏ ਉਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੇ ਸਰਬਪੱਖੀ ਵਿਕਾਸ ਲਈ ਸਥਾਨਿਕ ਸਰਕਾਰਾਂ ਵਿਭਾਗ ਵਲੋਂ ਕੋਈ ਕਮੀ ਨਹੀਂ ਛੱਡੀ ਜਾਵੇਗੀ।
ਨਗਰ ਨਿਗਮ ਹੁਸ਼ਿਆਰਪੁਰ ਦੇ ਕੰਪਲੈਕਸ ਵਿਖੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਨੇ ਸੁਪਰ ਸਕਰ ਮਸ਼ੀਨ ਨੂੰ ਹਰੀ ਝੰਡੀ ਦਿਖਾਉਣ ਦੌਰਾਨ ਦੱਸਿਆ ਕਿ ਇਹ ਮਸ਼ੀਨ ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਕਪੂਰਥਲਾ ਸ਼ਹਿਰ ਲਈ ਪ੍ਰਦਾਨ ਕੀਤੀ ਗਈ ਹੈ, ਜਿਥੇ ਵੀ ਇਸ ਮਸ਼ੀਨ ਦੀ ਜ਼ਰੂਰਤ ਪਵੇਗੀ, ਉਥੇ ਇਸ ਨੂੰ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਸ਼ੀਨ ਨਾਲ 2 ਟੈਂਕ ਨਾਲ 9 ਕੁਸ਼ਲ ਕਰਮਚਾਰੀ ਵੀ ਸ਼ਾਮਲ ਹਨ ਜੋ ਕਿ ਇਸ ਮਸ਼ੀਨ ਦਾ ਸੰਚਾਲਨ ਕਰਨਗੇ। ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵਲੋਂ ਹਰ ਸੰਭਵ ਯਤਨ ਕੀਤੇ ਜਾਣਗੇ ਕਿ ਲੋਕਾਂ ਨੂੰ ਵਿਭਾਗ ਨਾਲ ਸਬੰਧਤ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਕੈਬਨਿਟ ਮੰਤਰੀ ਨੇ ਇਸ ਦੌਰਾਨ ਕਰਮਚਾਰੀ ਸੰਗਠਨਾਂ ਦੀ ਮੰਗ ’ਤੇ ਸੰਬੋਧਨ ਕਰਦੇ ਹੋਏ ਕਿਹਾ ਕਿ ਵਿਭਾਗ ਵਿਚ ਤਾਇਨਾਤ ਕੱਚੇ ਕਰਮਚਾਰੀਆਂ ਜਿਵੇਂ ਕਿ ਸਫ਼ਾਈ ਸੇਵਕ, ਫਾਇਰਮੈਨ ਅਤੇ ਹੋਰ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਉਹ ਇਸ ਵਿਸ਼ੇ ’ਤੇ ਨਿਜੀ ਤੌਰ ’ਤੇ ਗੱਲ ਕਰਨਗੇ ਅਤੇ ਇਸ ਦਾ ਸਾਰਥਕ ਹੱਲ ਕੱਢਿਆ ਜਾਵੇਗਾ। ਇਸ ਤੋਂ ਇਲਾਵਾ ਹੋਰ ਮੁੱਦਿਆਂ ’ਤੇ ਵੀ ਜਲਦ ਹੀ ਫੈਸਲਾ ਲਿਆ ਜਾਵੇਗਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਆਸਾਂ ’ਤੇ ਖਰੀ ਉਤਰੇਗੀ। ਉਨ੍ਹਾਂ ਇਸ ਦੌਰਾਨ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਅਤੇ ਵਿਭਾਗ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਦਿਸ਼ਾ ਵਿਚ ਅੱਗੇ ਵੱਧ ਸਕਦਾ ਹੈ।
ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵਿਚ ਕੰਮ ਕਰ ਰਹੇ ਕੱਚੇ ਕਰਮਚਾਰੀਆਂ ਨੂੰ ਜਲਦ ਹੀ ਸਥਾਈ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹੁਣ ਤੱਕ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕ ਦਿਨ ਰਾਤ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਲਈ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਸ਼ਹਿਰ ਨੂੰ ਡੰਪ ਫਰੀ ਕਰਨ ਦੀ ਦਿਸ਼ਾ ਵਿਚ ਹੋਰ ਸਕਰਾਤਮਕ ਕਦਮ ਉਠਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਵੀ ਸਥਾਨਕ ਸਰਕਾਰਾਂ ਮੰਤਰੀ ਨਾਲ ਸੀਵਰਮੈਨ, ਫਾਇਰਮੈਨ ਕਰਮਚਾਰੀਆਂ ਨੂੰ ਸਥਾਈ ਕਰਨ ਦੀ ਮੰਗ ’ਤੇ ਜਲਦ ਕਾਰਵਾਈ ਕਰਨ ਲਈ ਕਿਹਾ। ਮੇਅਰ ਸੁਰਿੰਦਰ ਕੁਮਾਰ ਨੇ ਸਥਾਨਕ ਸਰਕਾਰਾਂ ਮੰਤਰੀ ਨੂੰ ਨਗਰ ਨਿਗਮ ਹੁਸ਼ਿਆਰਪੁਰ ਬਾਰੇ ਜਾਣੂ ਕਰਵਾਉਂਦੇ ਹੋਏ ਨਗਰ ਨਿਗਮ ਲਈ ਕਰੀਬ 40 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਮੰਗ ਰੱਖੀ, ਜਿਸ ਨੂੰ ਸਥਾਨਕ ਸਰਕਾਰ ਮੰਤਰੀ ਨੇ ਸਵੀਕਾਰ ਕਰਦੇ ਹੋਏ ਜਲਦ ਜ਼ਰੂਰੀ ਕਦਮ ਉਠਾਉਣ ਨੂੰ ਕਿਹਾ ਹੈ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਆਮ ਆਦਮੀ ਕਲੀਨਿਕ ਲਈ ਨਿਯੁਕਤ ਹੋਏ 7 ਮੈਡੀਕਲ ਅਧਿਕਾਰੀਆਂ, 3 ਫਾਰਮਾਸਿਸਟਾਂ, 4 ਕਲੀਨਿਕ ਸਹਾਇਕਾਂ ਤੋਂ ਇਲਾਵਾ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਸੋਸਾਇਟੀ ਲਈ 2 ਕੌਂਸਲਰ, 1 ਸਟਾਫ਼ ਨਰਸ ਅਤੇ 2 ਵਾਰਡ ਅਟੈਂਡੈਂਟਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly