ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਵਿਕਾਸ ਕਾਰਜਾਂ ਨੂੰ ਪਹਿਲ ਦਿੰਦੇ ਹੋਏ ਵਾਰਡ ਨੰਬਰ 24 ਦੇ ਨਿਊ ਦਸਮੇਸ਼ ਨਗਰ ਵਿੱਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਵਾ ਅੱਠ ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਦੀਆਂ ਪਾਈਪਾਂ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਪ੍ਰਾਜੈਕਟ ਨਿਊ ਦਸਮੇਸ਼ ਨਗਰ ਦੇ ਵਾਸੀਆਂ ਦੀ ਲੰਬੇ ਸਮੇਂ ਤੋਂ ਚਲੀ ਆ ਰਹੀ ਮੰਗ ਨੂੰ ਪੂਰਾ ਕਰੇਗਾ ਅਤੇ ਉਨ੍ਹਾਂ ਨੂੰ ਸੀਵਰੇਜ ਦੀ ਬਿਹਤਰ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਲੋੜਾਂ ਨੂੰ ਮੁੱਖ ਰੱਖਦਿਆਂ ਸੀਵਰੇਜ ਅਤੇ ਵਾਟਰ ਸਪਲਾਈ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨ ਲਈ ਵਚਨਬੱਧ ਹੈ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਕੰਮ ਨਿਰਧਾਰਿਤ ਸਮਾਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇ ਅਤੇ ਗੁਣਵੱਤਾ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਇਲਾਕਾ ਨਿਵਾਸੀਆਂ ਨੇ ਇਸ ਉਪਰਾਲੇ ਲਈ ਵਿਧਾਇਕ ਅਤੇ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦੀਆਂ ਰੋਜ਼ਾਨਾ ਜ਼ਿੰਦਗੀ ਦੀਆਂ ਸਮੱਸਿਆਵਾਂ ਹੱਲ ਹੋ ਜਾਣਗੀਆਂ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰੰਜੀਤਾ ਚੌਧਰੀ, ਕੌਂਸਲਰ ਪਵਿੱਤਰਦੀਪ ਸਿੰਘ, ਸੰਜੇ ਸ਼ਰਮਾ, ਬਹਾਦਰ ਸਿੰਘ, ਹੈਪੀ, ਜਸਪਾਲ ਸੁਮਨ, ਨਰਿੰਦਰ, ਸਾਬੀ, ਸੁਰਜੀਤ ਬੰਗੜ ਅਤੇ ਹੋਰ ਮੁਹੱਲਾ ਵਾਸੀ ਵੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly