ਚੋਣ ਹੋਣ ਤੱਕ ਐਡਹਾਕ ਕਮੇਟੀ ਦੇਖੇਗੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧ: ਖੱਟਰ

 

  • ਡੇਢ ਸਾਲ ਦੇ ਅੰਦਰ-ਅੰਦਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕਰਵਾਉਣ ਦਾ ਐਲਾਨ
  • ਗੁਰਦੁਆਰਾ ਨਾਢਾ ਸਾਹਿਬ ਵਿਖੇ ਮੱਥਾ ਟੇਕਿਆ

ਪੰਚਕੂਲਾ (ਸਮਾਜ ਵੀਕਲੀ):  ਇਥੇ ਇਤਿਹਾਸਕ ਗੁਰਦੁਆਰਾ ਨਾਢਾ ਸਾਹਿਬ ਵਿੱਚ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਰਖਵਾਏ ਗਏ ਅਖੰਡ ਪਾਠ ਦਾ ਭੋਗ ਪਾਇਆ ਗਿਆ। ਉਨ੍ਹਾਂ ਗੁਰਦੁਆਰੇ ਵਿੱਚ ਅਰਦਾਸ ਕਰਵਾਈ ਅਤੇ ਮੱਥਾ ਟੇਕ ਕੇ ਆਸ਼ੀਰਵਾਦ ਲਿਆ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਸੁਪਰੀਮ ਕੋਰਟ ਵਿੱਚ ਸੂਬੇ ਦੀ ਵੱਖਰੀ ਗੁਰਦੁਆਰਾ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੀ ਚੰਗੀ ਪੈਰਵੀ ਕੀਤੀ ਜਿਸ ਦਾ ਨਤੀਜਾ ਹਰਿਆਣਾ ਦੇ ਸਿੱਖ ਸੰਗਤ ਦੇ ਹੱਕ ਵਿੱਚ ਆਇਆ ਹੈ। ਇਸ ਨਾਲ ਪੰਥ ਦੀ ਏਕਤਾ ਹੋਰ ਮਜ਼ਬੂਤ ਹੋਵੇਗੀ ਅਤੇ ਲੋਕਾਂ ਵਿੱਚ ਭਾਈਚਾਰਾ ਵਧੇਗਾ। ਮੁੱਖ ਮੰਤਰੀ ਨੇ ਕਿਹਾ ਕਿ 18 ਮਹੀਨਿਆਂ ਦੇ ਅੰਦਰ-ਅੰਦਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕਰਵਾਈ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਨਾਂਦੇੜ ਸਾਹਿਬ, ਪਟਨਾ ਸਾਹਿਬ ਅਤੇ ਦਿੱਲੀ ਵਿੱਚ ਵੱਖ ਵੱਖ ਸ਼੍ਰੋਮਣੀ ਪ੍ਰਬੰਧਕ ਗੁਰਦੁਆਰਾ ਕਮੇਟੀਆਂ ਬਣੀਆਂ ਹੋਈਆਂ ਹਨ ਤਾਂ ਫਿਰ ਹਰਿਆਣਾ ਵਿੱਚ ਕਿਉਂ ਨਹੀਂ ਬਣ ਸਕਦੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮ ਅਨੁਸਾਰ ਚੋਣ ਹੋਣ ਤਕ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧ ਐਡਹਾਕ ਕਮੇਟੀ ਵੇਖੇਗੀ। ਉਨ੍ਹਾਂ ਕਿਹਾ ਕਿ ਪੰਚਕੂਲਾ ਵਿੱਚ ਐਚਐੱਸਆਈਡੀਸੀ ’ਚ ਇੱਕ ਪਲਾਟ ਨਾਢਾ ਸਾਹਿਬ ਗੁਰਦੁਆਰਾ ਨੂੰ ਦੇਣ ਦੀ ਗੱਲ ਚੱਲ ਰਹੀ ਹੈ, ਜਲਦੀ ਹੀ ਇਸ ਬਾਰੇ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਗੁਰਦੁਆਰਾ ਕਮੇਟੀ ਬਾਰੇ ਬਣਾਈ ਜਾਣ ਵਾਲੇ ਐਡਹਾਕ ਕਮੇਟੀ ਨੂੰ ਸਾਰੇ ਫ਼ੈਸਲੇ ਲੈਣ ਦੇ ਅਧਿਕਾਰ ਹੋਣਗੇ ਅਤੇ ਸਰਕਾਰ ਇਸ ਵਿੱਚ ਕੋਈ ਦਖ਼ਲਅੰਦਾਜ਼ੀ ਨਹੀਂ ਕਰੇਗੀ।

ਉਨ੍ਹਾਂ ਕਿਹਾ ਕਿ ਹਰਿਆਣੇ ਦੇ ਸਿੱਖ ਸਮਾਜ ਨੂੰ ਸਰਕਾਰ ਵੱਲੋਂ ਪੂਰਾ ਸਹਿਯੋਗ ਮਿਲੇਗਾ ਅਤੇ ਦੋਵੇਂ ਮਿਲ ਕੇ ਸਮਾਜ ਦਾ ਭਲਾ ਕਰਨਗੇ। ਇਸ ਮੌਕੇ ਬਲਜੀਤ ਸਿੰਘ ਦਾਦੂਵਾਲ, ਹਰਪਾਲ ਸਿੰਘ ਚੀਕਾ, ਜਥੇਦਾਰ ਜਗਦੀਸ਼ ਸਿੰਘ ਝੀਡਾ, ਜਥੇਦਾਰ ਦੀਦਾਰ ਸਿੰਘ ਨਲਵੀ ਨੇ ਵੀ ਸੰਬੋਧਨ ਕੀਤਾ ਅਤੇ ਮੁੱਖ ਮੰਤਰੀ ਦੇ ਕੰਮਾਂ ਦੀ ਤਾਰੀਫ਼ ਕੀਤੀ। ਇਨ੍ਹਾਂ ਆਗੂਆਂ ਨੇ ਆਪਣੇ ਆਪਣੇ ਭਾਸ਼ਣ ਵਿੱਚ ਸੂਬਾ ਸਰਕਾਰ ਵੱਲੋਂ ਸਿੱਖ ਗੁਰੂਆਂ ਦੇ ਗੁਰਪੁਰਬ ਮਨਾਉਣ ਦੀ ਸ਼ਲਾਘਾ ਕੀਤੀ। ਇਸ ਮੌਕੇ ਤੇ ਸੰਸਦ ਮੈਂਬਰ ਸੰਜੈ ਭਾਟੀਆ, ਡਿਪਟੀ ਕਮਿਸ਼ਨਰ ਮਹਾਂਵੀਰ ਕੌਸ਼ਿਕ, ਹਰਿਆਣਾ ਟੂਰਿਜ਼ਮ ਦੇ ਚੇਅਰਮੈਨ ਜਗਦੀਸ਼ ਚੋਪੜਾ ਸਣੇ ਕਈ ਸਿੱਖ ਆਗੂ ਪੁੱਜੇ ਹੋਏ ਸਨ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੰਡੀਗੜ੍ਹ ਦੇ ਸਰਕਾਰੀ ਸਕੂਲ ਵਿੱਚ ਪਾੜਿ੍ਹਆਂ ਨੂੰ ਪੰਜਾਬੀ ਵਿਸ਼ਾ ਦੇਣ ਤੋਂ ਨਾਂਹ!
Next articleਆਸ਼ੀਸ਼ ਕਪੂਰ ਨਾਲ ਸਬੰਧਿਤ ਵੱਖਰੇ ਮਾਮਲੇ ਵਿੱਚ ਪੁਲੀਸ ਸ਼ਿਕਾਇਤ ਅਥਾਰਿਟੀ ਵੱਲੋਂ ਸਪੈਸ਼ਲ ਡੀਜੀਪੀ ਚੌਹਾਨ ਤਲਬ