*ਤਨਖਾਹ ਕਟੌਤੀ, ਮਿਡਲ ਅਤੇ ਘੱਟ ਗਿਣਤੀ ਬੱਚਿਆਂ ਵਾਲੇ ਸਕੂਲ ਬੰਦ ਕਰਨ ਦੇ ਫੈਸਲੇ ਦਾ ਵਿਰੋਧ*ਤਰੱਕੀਆਂ ਅਤੇ ਨਿਯੁਕਤੀਆਂ ਵਿੱਚ ਸਾਰੇ ਸਕੂਲਾਂ ਦੀਆਂ ਖਾਲੀ ਪੋਸਟਾਂ ਦਿਖਾਉਣ ਦੀ ਮੰਗ*
ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਅੱਜ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਵਰਚੁਅਲ ਮੀਟਿੰਗ ਬਲਜੀਤ ਸਿੰਘ ਸਲਾਣਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸੁਰਿੰਦਰ ਕੰਬੋਜ, ਬਾਜ ਸਿੰਘ ਖਹਿਰਾ, ਰਵਿੰਦਰਜੀਤ ਸਿੰਘ ਪੰਨੂ, ਹਰਵਿੰਦਰ ਸਿੰਘ ਬਿਲਗਾ, ਗੁਰਜੰਟ ਸਿੰਘ ਵਾਲੀਆ, ਸੁਖਵਿੰਦਰ ਸਿੰਘ ਚਾਹਲ, ਸੁਖਜਿੰਦਰ ਸਿੰਘ ਹਰੀਕਾ, ਸੁਖਰਾਜ ਸਿੰਘ ਕਾਹਲੋਂ, ਸ਼ਮਸ਼ੇਰ ਸਿੰਘ ਬੰਗਾ, ਅਮਨਬੀਰ ਸਿੰਘ ਗੁਰਾਇਆ ਸ਼ਾਮਿਲ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਿੰਦਰ ਕੁਮਾਰ ਪੁਆਰੀ ਨੇ ਦੱਸਿਆ ਕਿਅਧਿਆਪਕਾਂ ਦੇ ਚਿਰਾਂ ਤੋਂ ਲਟਕਦੇ ਮਸਲੇ ਹੱਲ ਨਾ ਕਰਨ ਅਤੇ ਅਧਿਆਪਕਾਂ ਦੀਆਂ ਤਰੱਕੀਆਂ ਸਮੇਂ ਸਾਰੇ ਸਕੂਲਾਂ ਦੇ ਖਾਲੀ ਸਟੇਸ਼ਨ ਨਾ ਦਿਖਾਉਣ ਦੇ ਰੋਸ ਵਜੋਂ ਸਾਂਝੇ ਅਧਿਆਪਕ ਮੋਰਚੇ ਵੱਲੋਂ 6 ਦਸੰਬਰ ਨੂੰ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। 19 ਦਸੰਬਰ ਨੂੰ ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਸਿੱਖਿਆ ਮੰਤਰੀ ਨਾਲ ਹੋਈ ਸਾਂਝੀ ਮੀਟਿੰਗ ਵਿੱਚ ਪੀ. ਟੀ. ਆਈਜ਼ / ਆਰਟ ਐਂਡ ਕਰਾਫਟ ਟੀਚਰਜ਼ ਆਦਿ ਸੀ. ਐਂਡ ਵੀ. ਅਧਿਆਪਕਾਂ ਦੇ ਪੇਅ ਸਕੇਲਾਂ ਸਬੰਧੀ ਵਿੱਤ ਵਿਭਾਗ ਵਲੋਂ ਜਾਰੀ ਤਰਕਹੀਣ ਸਪੀਕਿੰਗ ਆਰਡਰ ਤੁਰੰਤ ਰੱਦ ਨਾ ਕਰਨ, ਮਿਡਲ ਅਤੇ ਘੱਟ ਗਿਣਤੀ ਬੱਚਿਆਂ ਵਾਲੇ ਸਕੂਲ ਬੰਦ ਕਰਨ ਦੇ ਐਲਾਨ, ਨਿਯੁਕਤੀਆਂ ਅਤੇ ਤਰੱਕੀਆਂ ਵਿੱਚ ਸਾਰੇ ਸਕੂਲਾਂ ਦੀਆਂ ਖਾਲੀ ਪੋਸਟਾਂ ਦਿਖਾਉਣ ਤੋਂ ਇਨਕਾਰ ਕਰਨ ਦੇ ਰੋਸ ਵਜੋਂ 23-24 ਦਸੰਬਰ ਨੂੰ ਜਿਲ੍ਹਿਆਂ ਵਿੱਚ ਸਿੱਖਿਆ ਮੰਤਰੀ ਦੇ ਪੁਤਲੇ ਫੂਕਣ ਉਪਰੰਤ 11 ਜਨਵਰੀ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਵਰ੍ਹਦੇ ਮੀਂਹ ਵਿੱਚ ਰੋਸ ਰੈਲੀ ਅਤੇ ਘਰ ਵੱਲ ਰੋਹ ਭਰਪੂਰ ਰੋਸ ਮਾਰਚ ਕੀਤਾ ਗਿਆ ਸੀ। ਪ੍ਰਸ਼ਾਸਨ ਵੱਲੋਂ ਸਿੱਖਿਆ ਮੰਤਰੀ ਨਾਲ 14 ਜਨਵਰੀ ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਨਾਲ ਮੀਟਿੰਗ ਦਾ ਲਿਖਤੀ ਪੱਤਰ ਦੇਣ ਉਪਰੰਤ ਮਾਰਚ ਖਤਮ ਕੀਤਾ ਗਿਆ ਸੀ।
ਆਗੂਆਂ ਨੇ ਮੰਗਾਂ ਦਾ ਜਿਕਰ ਕਰਦਿਆਂ ਕਿਹਾ ਕਿ ਪੀ. ਟੀ. ਆਈਜ਼ / ਆਰਟ ਐਂਡ ਕਰਾਫਟ ਟੀਚਰਜ਼ ਦੀ ਤਨਖਾਹ ਕਟੌਤੀ ਦਾ ਪੱਤਰ ਵਾਪਸ ਲੈਣ, ਲੈਕਚਰਾਰਾਂ ਅਤੇ ਮਾਸਟਰ ਕੇਡਰ ਦੀਆਂ ਤਰੱਕੀਆਂ ਵਿੱਚ ਸਾਰੀਆਂ ਖਾਲੀ ਪੋਸਟਾਂ ਦਿਖਾ ਕੇ ਦੁਬਾਰਾ ਸਟੇਸ਼ਨ ਚੋਣ ਕਰਵਾਉਣ, ਕੰਪਿਊਟਰ ਅਧਿਆਪਕਾਂ ਨੂੰ ਪਿਕਟਸ ਸੁਸਾਇਟੀ ਦੀ ਬਜਾਏ ਸਿੱਖਿਆ ਵਿਭਾਗ ਵਿੱਚ ਸ਼ਿਫਟ ਕਰਨ ਸਮੇਤ ਤਨਖਾਹ ਦੁਹਰਾਈ ਅਤੇ ਮਹਿੰਗਾਈ ਭੱਤੇ ਦੇ ਪੱਤਰ ਲਾਗੂ ਕਰਨ, 2018 ਦੇ ਅਧਿਆਪਕ ਵਿਰੋਧੀ ਨਿਯਮ ਰੱਦ ਕਰਨ,, ਸਿੱਖਿਆ ਨੀਤੀ 2020 ਰੱਦ ਕਰਕੇ ਪੰਜਾਬ ਦੀ ਸਿੱਖਿਆ ਨੀਤੀ ਬਣਾਉਣ, 16 ਫਰਵਰੀ 2024 ਦੀ ਕੌਮੀ ਹੜਤਾਲ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਦੀ ਤਨਖਾਹ ਕਟੌਤੀ ਦਾ ਪੱਤਰ ਵਾਪਸ ਲੈਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਐਸ ਐਲ ਏ ਦੀ ਪੋਸਟ ਦਾ ਨਾਂ ਬਦਲਣ, ਪ੍ਰਾਇਮਰੀ ਸਕੂਲਾਂ ਵਿੱਚ ਜਮਾਤਵਾਰ ਅਤੇ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਸ਼ਾਵਾਰ ਅਧਿਆਪਕਾਂ ਦੀ ਨਿਯੁਕਤੀ ਕਰਨ, ਦਫਤਰੀ ਕਾਮਿਆਂ ਸਮੇਤ ਹਰ ਤਰ੍ਹਾਂ ਦੇ ਰਹਿੰਦੇ ਕੱਚੇ ਅਧਿਆਪਕ ਪੂਰੇ ਗ੍ਰੇਡ ‘ਤੇ ਪੱਕੇ ਕਰਨ, ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦੇ ਸਟਾਫ ਨੂੰ ਸਿੱਖਿਆ ਵਿਭਾਗ ਵਿੱਚ ਪੱਕੇ ਕਰਨ, ਮਿਡਲ ਸਕੂਲਾਂ ਦੀ ਮਰਜਿੰਗ ਰੱਦ ਕਰਨ, ਹਰ ਵਰਗ ਦੀਆਂ ਰਹਿੰਦੀਆਂ ਤਰੱਕੀਆਂ ਕਰਨ, 873 ਡੀਪੀਈ ਭਰਤੀ ਵਿੱਚੋਂ ਰਹਿੰਦੇ ਉਮੀਦਵਾਰਾਂ ਨੂੰ ਜਲਦ ਆਰਡਰ ਦੇਣ, ਸੀ ਈ ਪੀ ਤਹਿਤ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿੱਖਿਆ ਤੋਂ ਹਟਾ ਕੇ ਫਰਜ਼ੀ ਰਿਕਾਰਡ ਬਣਵਾਉਣਾ ਬੰਦ ਕਰਨ, ਹਰ ਤਰ੍ਹਾਂ ਦੇ ਗੈਰ ਵਿਦਿਅਕ ਕੰਮ ਅਧਿਆਪਕਾਂ ਤੋਂ ਲੈਣੇ ਬੰਦ ਕਰਨ, ਉਚੇਰੀ ਗ੍ਰੇਡ ਪੇਅ ਬਹਾਲ ਰੱਖਦਿਆਂ ਜਨਵਰੀ 2016 ਤੋਂ 125% ਮਹਿੰਗਾਈ ਭੱਤੇ ‘ਤੇ ਤਨਖਾਹ ਦੁਹਰਾਈ ਕਰਨ, ਤਨਖਾਹ ਕਮਿਸ਼ਨ ਦੀ ਰਹਿੰਦੀ ਰਿਪੋਰਟ ਜਾਰੀ ਕਰਨ ਅਤੇ ਤਰੁਟੀਆਂ ਦੂਰ ਕਰਨ, ਸੋਧ ਦੇ ਨਾਂ ਤੇ ਬੰਦ ਕੀਤੇ ਪੇਂਡੂ ਭੱਤੇ ਸਮੇਤ ਸਮੁੱਚੇ ਭੱਤੇ ਬਹਾਲ ਕਰਨ, ਤਨਖਾਹ ਦੁਹਰਾਈ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇ ਬਕਾਏ ਤੁਰੰਤ ਜਾਰੀ ਕਰਨ ਸਮੇਤ ਅਧਿਆਪਕਾਂ ਦੇ ਸਮੁੱਚੇ ਮਸਲੇ ਹੱਲ ਕਰਨ ਦੀ ਮੰਗ ਕੀਤੀ। ਮੀਟਿੰਗ ਵਿੱਚ ਸ਼ਾਮਿਲ ਆਗੂਆਂ ਨੇ ਸਫਲ ਰੋਸ ਪ੍ਰਦਰਸ਼ਨ ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ 14 ਜਨਵਰੀ ਨੂੰ ਸਿੱਖਿਆ ਮੰਤਰੀ ਨਾਲ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਣ ਵਾਲੀ ਮੀਟਿੰਗ ਵਿੱਚ ਅਧਿਆਪਕ ਮਸਲੇ ਹੱਲ ਨਾ ਹੋਣ ਦੀ ਸੂਰਤ ਵਿੱਚ ਪੰਜਾਬ ਦੇ ਅਧਿਆਪਕਾਂ ਅਤੇ ਅਧਿਆਪਕ ਜਥੇਬੰਦੀਆਂ ਨੂੰ 19 ਜਨਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਆਨੰਦਪੁਰ ਸਾਹਿਬ ਵਿਖੇ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿੱਚ ਤੇਜਿੰਦਰ ਸਿੰਘ, ਸੋਮ ਸਿੰਘ, ਜਿੰਦਰ ਪਾਇਲਟ, ਕ੍ਰਿਸ਼ਨ ਸਿੰਘ ਦੁੱਗਾਂ, ਕੁਲਦੀਪ ਸਿੰਘ ਦੌੜਕਾ, ਗੁਰਬਿੰਦਰ ਸਿੰਘ ਸਸਕੌਰ ਆਦਿ ਵੀ ਸ਼ਾਮਿਲ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj