ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ‘ਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਵੱਲੋਂ ਅੱਜ ਤੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ 5 ਬਲਾਕਾਂ (ਨਵਾਂਸ਼ਹਿਰ, ਬਲਾਚੌਰ, ਬੰਗਾ, ਅੋੜ ਅਤੇ ਸੜੋਆ) ਦੇ 466 ਪਿੰਡਾਂ ਵਿਚ ਗ੍ਰਾਮ ਸਭਾਵਾਂ ਦੇ ਦੋ ਰੋਜ਼ਾ ਵਿਸ਼ੇਸ਼ ਆਮ ਇਜਲਾਸ ਸ਼ੁਰੂ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ 29 ਅਤੇ 30 ਮਾਰਚ ਨੂੰ ਕਰਵਾਏ ਜਾ ਰਹੇ ਇਨ੍ਹਾਂ ਆਮ ਇਜਲਾਸਾਂ ਵਿਚ ਪਿੰਡਾਂ ਦੇ ਬਹੁਪੱਖੀ ਵਿਕਾਸ ਲਈ ਪਿੰਡਾਂ ਵਿਚ ਖੇਡ ਮੈਦਾਨਾਂ ਦੀ ਉਸਾਰੀ, ਪਾਰਕਾਂ ਦੀ ਉਸਾਰੀ, ਛੱਪੜਾਂ ਦਾ ਨਵੀਨੀਕਰਨ, ਠੋਸ ਕੂੜਾ ਪ੍ਰਬੰਧਨ ਪ੍ਰੋਜੈਕਟ, ਗੰਦੇ ਪਾਣੀ ਦੇ ਨਿਕਾਸ ਸਬੰਧੀ ਪ੍ਰੋਜੈਕਟ, ਪਿੰਡਾ ਵਿਚ ਬਿਲਡਿੰਗਾਂ ਅਤੇ ਦੁਕਾਨਾਂ ਦਾ ਨਿਰਮਾਣ, ਸਾਂਝੇ ਪਖਾਨਿਆਂ ਦਾ ਨਿਰਮਾਣ, ਲਾਇਬ੍ਰੇਰੀਆਂ ਦੇ ਨਿਰਮਾਣ, ਪੰਚਾਇਤ ਘਰਾਂ ਦਾ ਨਿਰਮਾਣ, ਆਂਗਨਵਾੜੀ ਸੈਂਟਰਾਂ ਦਾ ਨਿਰਮਾਣ ਅਤੇ ਪਲਾਂਨਟੇਸ਼ਨ ਦੇ ਕੰਮਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ, ਤਾਂ ਜੋ ਇਹ ਕੰਮ 1 ਅਪ੍ਰੈਲ 2025 ਤੋਂ ਸ਼ੁਰੂ ਕਰਵਾਏ ਜਾ ਸਕਣ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਨੇ ਦੱਸਿਆ ਕਿ ਇਹਨਾਂ ਆਮ ਇਜਲਾਸਾਂ ਵਿਚ ਗ੍ਰਾਮ ਪੰਚਾਇਤਾਂ ਵੱਲੋਂ ਆਉਂਦੇ ਵਿੱਤੀ ਵਰੇ ਦੌਰਾਨ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਆਮ ਇਜਲਾਸਾਂ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਤਾਇਨਾਤੀ ਗਈ ਹੈ। ਇਸ ਤੋਂ ਇਲਾਵਾ ਪਿੰਡਾਂ ਨਾਲ ਸਬੰਧਿਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਵਿਭਾਗਾਂ ਦੀਆਂ ਚੱਲ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਦੇ ਰਹੇ ਹਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj