ਲੋਕਾਂ ਨੂੰ ਕੰਟਰੋਲ ਰੂਮ ਦੇ ਨੰਬਰ 01823-220645 ‘ਤੇ ਜਾਣਕਾਰੀ ਦੇਣ ਦੀ ਅਪੀਲ
ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਬੀਤੇ ਦਿਨਾਂ ਤੋਂ ਦਰਿਆ ਸਤਲੁਜ ਵਿੱਚ ਪਾਣੀ ਦੇ ਪੱਧਰ ਵਿੱਚ ਹੋਏ ਵਾਧੇ ਨਾਲ ਨੇੜਲੇ ਪਿੰਡ ਬੁਰਜ ਟਹਿਲਦਾਸ, ਪੰਦਰਾਵਲ ਵਿਖੇ ਬੰਨ ਲਾਗੇ ਬਰਮ ਨੂੰ ਲੱਗੀ ਢਾਅ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰਮ ਦੀ ਮਜ਼ਬੂਤੀ ਅਤੇ ਢਾਅ ਨੂੰ ਹੋਰ ਵਧਣ ਤੋਂ ਰੋਕਣ ਲਈ ਲਗਾਤਾਰ ਕਾਰਜ ਜਾਰੀ ਹੈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਰਿਆ ਵਿੱਚ ਪਿਛਲੇ ਦਿਨਾਂ ਤੋਂ ਵਧੇ ਪਾਣੀ ਦੇ ਪੱਧਰ ਉਪਰੰਤ ਮੌਜੂਦਾ ਸਮੇਂ 60 ਹਜ਼ਾਰ ਕਿਊਸਿਕ ਪਾਣੀ ਦਾ ਵਹਾਅ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਦਰਾਵਲ ਵਿਖੇ ਬਰਮ ਵਿੱਚ 30 ਫੁੱਟ ਤੋਂ ਵੱਧ ਦੀ ਲੱਗੀ ਢਾਅ ਨੂੰ ਰੋਕਣ ਲਈ ਡਰੇਨੇਜ਼ ਵਿਭਾਗ ਵਲੋਂ ਰੇਤਾ ਦੀਆਂ ਬੋਰੀਆਂ ਲਾ ਕੇ ਰੋਕਿਆ ਗਿਆ ਹੈ ਅਤੇ ਇਸ ਨੂੰ ਹੋਰ ਵੱਧਣ ਤੋਂ ਰੋਕਣ ਲਈ ਢੁੱਕਵੇਂ ਪ੍ਰਬੰਧ ਅਮਲ ਵਿੱਚ ਲਿਆਂਦੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਲੋੜੀਂਦਾ ਕਦਮ ਚੁੱਕ ਕੇ ਬੰਨ ਨੇੜਲੇ ਇਲਾਕਿਆਂ ਦੇ ਵਸਨੀਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਪਿੰਡ ਤਾਜੋਵਾਲ ਨੇੜੇ ਵੀ ਬੰਨ ਦੀ ਸਥਿਤੀ ਦਾ ਜਾਇਜਾ ਲੈਂਦਿਆਂ ਕਿਹਾ ਕਿ ਕੁੱਝ ਦਿਨ ਪਹਿਲਾਂ 35 ਤੋਂ 38 ਹਜ਼ਾਰ ਕਿਊਸਿਕ ਪਾਣੀ ਦਾ ਵਹਾਅ ਸੀ ਜੋ ਕਿ ਹੁਣ ਵਧ ਚੁੱਕਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲਗਾਤਾਰ ਸਥਿਤੀ ਸਬੰਧੀ ਪੂਰੀ ਤਰ੍ਹਾਂ ਚੌਕਸ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਖੇਤਰ ਵਿੱਚ ਢਾਅ ਲੱਗਣ ਦੀ ਸੂਰਤ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਲ ਦੀ ਨਾਲ ਕਾਰਵਾਈ ਕਰਕੇ ਸਥਿਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਨੇ ਬੰਨ੍ਹ ਨੇੜਲੇ ਇਲਾਕਿਆਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਜੇਕਰ ਦਰਿਆ ਦੇ ਪਾਣੀ ਕਾਰਨ ਢਾਅ ਜਾਂ ਹੰਗਾਮੀ ਹਾਲਤ ਦੀ ਕੋਈ ਸੂਚਨਾ ਹੋਵੇ ਤਾਂ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਿਤ ਕੰਟਰੋਲ ਰੂਮ ਵਿਖੇ ਦਿੱਤੀ ਜਾਵੇ ਤਾਂ ਜੋ ਨਾਲ ਦੀ ਨਾਲ ਬਣਦੀ ਕਾਰਵਾਈ ਕੀਤੀ ਜਾ ਸਕੇ। ਜਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਸਥਾਪਿਤ ਕੀਤਾ ਹੈ ਜੋ 24×7 ਕਾਰਜਸ਼ੀਲ ਹੈ। ਇਸ ਕੰਟਰੋਲ ਰੂਮ ਨੰਬਰ 01823-220645, ਨਵਾਂਸ਼ਹਿਰ ਤਹਿਸੀਲ ਲਈ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01823-299016, ਬਲਾਚੌਰ ਵਿਖੇ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01885-220075, ਤਹਿਸੀਲ ਬੰਗਾ ਵਿਖੇ ਸਥਾਪਿਤ ਕੰਟਰੋਲ ਰੂਮ ਦਾ ਨੰਬਰ 01823-264666 ਹੈ। ਇਸੇ ਤਰ੍ਹਾਂ ਹੜ੍ਹਾਂ ਦੀ ਸਥਿਤੀ ਵਿੱਚ ਸਿਹਤ ਵਿਭਾਗ ਨਾਲ ਸਬੰਧਤ ਸੇਵਾਵਾਂ ਲਈ 01823-227471 ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।



