ਸ੍ਰੀ ਖੁਰਾਲਗੜ੍ਹ ਸਾਹਿਬ ਤੋਂ 20 ਸਤੰਬਰ ਨੂੰ ਬਸਪਾ ਕੱਢੇਗੀ ਸ੍ਰੀ ਗੁਰੂ ਰਵਿਦਾਸ ਸਨਮਾਨ ਯਾਤਰਾ : ਡਾ. ਕਰੀਮਪੁਰੀ
ਜਲੰਧਰ (ਸਮਾਜ ਵੀਕਲੀ) ਗੁਰੂ ਘਰਾਂ ਦੀ ਬੇਅਦਬੀ ਅਤੇ ਦਲਿਤ-ਪੱਛੜੇ ਵਰਗਾਂ, ਆਮ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦੇ ਮਾਮਲਿਆਂ ਨੂੰ ਲੈ ਕੇ ਬਸਪਾ ਵੱਲੋਂ ਅੱਜ ਵੀਰਵਾਰ ਨੂੰ ਇੱਕ ਮੀਟਿੰਗ ਪਾਰਟੀ ਦੇ ਸੂਬਾ ਦਫਤਰ ਵਿਖੇ ਕੀਤੀ ਗਈ। ਇਸ ਮੌਕੇ ਬਸਪਾ ਦੇ ਰਾਸ਼ਟਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਦੀ ਪ੍ਰਧਾਨਗੀ ਬਸਪਾ ਦੇ ਸੂਬਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕੀਤੀ। ਇਸ ਮੌਕੇ ਸੰਬੋਧਿਤ ਕਰਦਿਆਂ ਬਸਪਾ ਦੇ ਰਾਸ਼ਟਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਨੇ ਕਿਹਾ ਕਿ ਆਪ ਸਰਕਾਰ ਦੌਰਾਨ ਪੰਜਾਬ ਅੰਦਰ ਗੁਰੂ ਘਰਾਂ ਨੂੰ ਤੋੜਨ ਦਾ ਕੰਮ ਕੀਤਾ ਜਾ ਰਿਹਾ ਹੈ। ਬਸਪਾ ਦਾ ਇੱਕ-ਇੱਕ ਵਰਕਰ ਇਨ੍ਹਾਂ ਗੁਰੂ ਘਰਾਂ ਨੂੰ ਬਚਾਉਣ ਲਈ ਲੜਾਈ ਲੜ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਤੇ ਅੰਮ੍ਰਿਤਸਰ ਵਿੱਚ ਸ਼ਰਾਬ ਠੇਕੇ ਖੋਲਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਫਿਲੌਰ ਦੇ ਪਿੰਡ ਧੁਲੇਤਾ ਵਿੱਚ ਗੁਰੂ ਘਰ ਦੀਆਂ ਕੰਧਾਂ ਤੋੜੀਆਂ ਗਈਆਂ। ਇਨ੍ਹਾਂ ਮਾਮਲਿਆਂ ਨੂੰ ਲੈ ਕੇ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਬਸਪਾ ਯਾਤਰਾ ਸ਼ੁਰੂ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਆਪ ਸਰਕਾਰ ਦੌਰਾਨ ਸੂਬੇ ਵਿੱਚ ਦਲਿਤਾਂ ਖਿਲਾਫ ਝੂਠੇ ਪਰਚੇ ਪਾਏ ਜਾ ਰਹੇ ਹਨ ਤੇ ਰੱਦ ਹੋ ਚੁੱਕੇ ਮਾਮਲਿਆਂ ਦੇ ਚਲਾਨ ਪੇਸ਼ ਕੀਤੇ ਜਾ ਰਹੇ ਹਨ। ਬਸਪਾ ਇਨ੍ਹਾਂ ਧੱਕੇਸ਼ਾਹੀਆਂ ਨੂੰ ਬਰਦਾਸ਼ਤ ਨਹੀਂ ਕਰੇਗੀ ਤੇ ਆਉਣ ਵਾਲੇ ਦਿਨਾਂ ਵਿੱਚ ਵੱਡਾ ਅੰਦੋਲਨ ਕਰੇਗੀ। ਇਸ ਮੌਕੇ ਬਸਪਾ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਫਿਲੌਰ ਦੇ ਪਿੰਡ ਧੁਲੇਤਾ ਦੇ ਸ੍ਰੀ ਗੁਰੂ ਰਵਿਦਾਸ ਗੁਰੂ ਘਰ ਦੀ ਇੱਕ ਇੰਚ ਜ਼ਮੀਨ ਵੀ ਨਹੀਂ ਛੱਡੀ ਜਾਵੇਗੀ। ਗੁਰੂ ਘਰ ਦੀ ਪਹਿਲਾਂ ਵਾਲੀ ਸਥਿਤੀ ਬਹਾਲ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਗੁਰੂ ਘਰ ਦੀਆਂ ਕੰਧਾਂ ਨੂੰ ਪ੍ਰਸ਼ਾਸਨ ਵੱਲੋਂ ਤੋੜੇ ਜਾਣ ਦੀ ਕਾਰਵਾਈ ਲਈ ਆਪ ਸਰਕਾਰ ਮਾਫੀ ਮੰਗੇ ਤੇ ਉਸੇ ਸਥਾਨ ’ਤੇ ਗੁਰੂ ਘਰ ਦੀਆਂ ਕੰਧਾਂ ਮੁੜ ਬਣਾਉਣ ਦੀ ਪਹਿਲਕਦਮੀ ਕਰੇ। ਡਾ. ਕਰੀਮਪੁਰੀ ਨੇ ਕਿਹਾ ਕਿ ਗੁਰਦਾਸਪੁਰ ਵਿੱਚ ਸਤਿਗੁਰੂ ਕਬੀਰ ਮਹਾਰਾਜ ਦੇ ਗੁਰੂ ਘਰ ਤੇ ਧੁਲੇਤਾ ਦੇ ਸ੍ਰੀ ਗੁਰੂ ਰਵਿਦਾਸ ਗੁਰੂ ਘਰ ਨੂੰ ਨੁਕਸਾਨ ਪਹੁੰਚਾਏ ਜਾਣ ਅਤੇ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ਸ਼ਰਾਬ ਠੇਕੇ ਖੋਲੇ ਜਾਣ ਦੇ ਵਿਰੋਧ ਵਿੱਚ ਬਸਪਾ 20 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸ੍ਰੀ ਗੁਰੂ ਰਵਿਦਾਸ ਸਨਮਾਨ ਯਾਤਰਾ ਕੱਢੇਗੀ। ਇਹ ਯਾਤਰਾ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਗੜ੍ਹਸ਼ੰਕਰ, ਬਲਾਚੌਰ, ਨਵਾਂਸ਼ਹਿਰ, ਬੰਗਾ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦੀ ਹੋਈ ਫਿਲੌਰ ਪਹੁੰਚੇਗੀ। ਇਸ ਮੀਟਿੰਗ ਨੂੰ ਬਸਪਾ ਦੇ ਸੂਬਾ ਕੋਆਰਡੀਨੇਟਰ ਤੇ ਵਿਧਾਇਕ ਡਾ. ਨਛੱਤਰ ਪਾਲ, ਪ੍ਰਜਾਪਤੀ ਅਜੀਤ ਸਿੰਘ ਭੈਣੀ, ਚੌਧਰੀ ਗੁਰਨਾਮ ਸਿੰਘ ਤੇ ਤੀਰਥ ਰਾਜਪੁਰਾ ਨੇ ਵੀ ਸੰਬੋਧਿਤ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਲਿਤਾਂ, ਪੱਛੜੇ ਵਰਗਾਂ, ਧਾਰਮਿਕ ਘੱਟ ਗਿਣਤੀਆਂ ਨਾਲ ਧੱਕੇਸ਼ਾਹੀਆਂ ਕਰ ਰਹੀ ਹੈ। ਇਸ ਮੌਕੇ ਬਸਪਾ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ, ਤਰਸੇਮ ਥਾਪਰ, ਇੰਜ. ਜਸਵੰਤ ਰਾਏ, ਰਾਕੇਸ਼ ਦਾਤਾਰਪੁਰੀ, ਸਲਵਿੰਦਰ ਕੁਮਾਰ, ਜਗਦੀਸ਼ ਦੀਸ਼ਾ ਆਦਿ ਆਗੂ ਵੀ ਮੌਜ਼ੂਦ ਸਨ।



