ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਅਤੇ ਹਰਿਆਣਾ ਦਰਮਿਆਨ ਲੰਮੇ ਸਮੇਂ ਤੋਂ ਵਿਵਾਦ ਦੀ ਜੜ੍ਹ ਬਣੀ ਸਤਲੁਜ-ਯਮੁਨਾ ਲਿੰਕ ਨਹਿਰ (ਐੱਸਵਾਈਐੱਲ) ਦੇ ਮੁੱਦੇ ’ਤੇ ਮੁੱਖ ਮੰਤਰੀਆਂ ਭਗਵੰਤ ਮਾਨ ਤੇ ਮਨੋਹਰ ਲਾਲ ਖੱਟਰ ਦੀ ਪਲੇਠੀ ਮੀਟਿੰਗ ਭਲਕੇ ਹੋਵੇਗੀ। ਇਹ ਮੀਟਿੰਗ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਹੋਣ ਜਾ ਰਹੀ ਹੈ। ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਕਾਰ ਮੀਟਿੰਗ ਤੋਂ ਪਹਿਲਾਂ ਅੱਜ ਪੰਜਾਬ ਸਰਕਾਰ ਵੱਲੋਂ ਲੰਮਾ ਮੰਥਨ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਤਕਰੀਬਨ 4 ਘੰਟੇ ਮੀਟਿੰਗ ਹੋਈ ਹੈ। ਇਸ ਮੀਟਿੰਗ ਵਿੱਚ ਜਲ ਸਰੋਤ ਮੰਤਰੀ ਬ੍ਰਮ ਸ਼ੰਕਰ ਜਿੰਪਾ, ਐਡਵੋਕੇਟ ਜਨਰਲ ਵਿਨੋਦ ਘਈ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ, ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਸਣੇ ਵਿਭਾਗ ਦੇ ਹੋਰ ਪ੍ਰਸ਼ਾਸਕੀ ਅਧਿਕਾਰੀ ਸ਼ਾਮਲ ਸਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਬਾਰੇ ਰਣਨੀਤੀ ਤਿਆਰ ਕੀਤੀ ਗਈ। ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਕਿ ਉਹ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਐੱਸਵਾਈਐੱਲ ਦੇ ਮਸਲੇ ’ਤੇ ਹੋਣ ਵਾਲੀ ਪਲੇਠੀ ਮੀਟਿੰਗ ਵਿੱਚ ਆਪਣਾ ਪੱਖ ਜ਼ੋਰਦਾਰ ਢੰਗ ਨਾਲ ਪੇਸ਼ ਕਰਨਗੇ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਪਾਣੀ ਦੀ ਰਾਖੀ ਲਈ ਆਪਣਾ ਸਟੈਂਡ ਪਹਿਲਾਂ ਦੀ ਸਪੱਸ਼ਟ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਕੋਲ ਪਹਿਲਾਂ ਹੀ ਲੋੜ ਨਾਲੋਂ ਘੱਟ ਪਾਣੀ ਹੈ, ਅਜਿਹੇ ਹਾਲਾਤ ਵਿੱਚ ਉਹ ਪੰਜਾਬ ਦੇ ਪਾਣੀ ਦੀ ਇਕ ਵੀ ਬੂੰਦ ਹਰਿਆਣਾ ਨੂੰ ਨਹੀਂ ਦੇ ਸਕਦੇ। ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਵਿਚਕਾਰ ਇਹ ਮੀਟਿੰਗ ਸੁਪਰੀਮ ਕੋਰਟ ਦੇ ਆਦੇਸ਼ਾਂ ’ਤੇ ਹੋਣ ਜਾ ਰਹੀ ਹੈ। ਗੌਰਤਲਬ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਦਿਨ ਪਹਿਲਾਂ ਕਿਹਾ ਸੀ ਕਿ ਪਿਛਲੀਆਂ ਸਰਕਾਰਾਂ ਦੇ ਆਗੂ ਅਜਿਹੀਆਂ ਮਹੱਤਵਪੂਰਨ ਮੀਟਿੰਗਾਂ ਤੋਂ ਬਚਦੇ ਰਹੇ ਹਨ, ਪਰ ਉਹ ਮੀਟਿੰਗ ਵਿੱਚ ਪੂਰੀ ਤਿਆਰੀ ਨਾਲ ਜਾਣਗੇ।
ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਐੱਸਵਾਈਐੱਲ ਨਹਿਰ ’ਤੇ ਹਰਿਆਣਾ ਵਾਸੀਆਂ ਦਾ ਹੱਕ ਹੈ, ਉਨ੍ਹਾਂ ਆਸ ਜਤਾਈ ਕਿ ਹਰਿਆਣਵੀਆਂ ਨੂੰ ਉਨ੍ਹਾਂ ਦਾ ਹੱਕ ਜ਼ਰੂਰ ਮਿਲੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਲਈ ਐੱਸਵਾਈਐੱਲ ਦਾ ਪਾਣੀ ਬਹੁਤ ਜ਼ਰੂਰੀ ਹੈ। ਇਸ ਮਾਮਲੇ ਵਿੱਚ ਸਮਾਂ-ਸੀਮਾ ਤੈਅ ਹੋਣੀ ਜ਼ਰੂਰੀ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਪਾਣੀ ਉਪਲੱਬਧ ਕਰਾਇਆ ਜਾ ਸਕੇ। ਖੱਟਰ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਦੋ ਫੈਸਲਿਆਂ ਦੇ ਬਾਵਜੂਦ ਪੰਜਾਬ ਨੇ ਐੱਸਵਾਈਐੱਲ ਦਾ ਨਿਰਮਾਣ ਕੰਮ ਪੂਰਾ ਨਹੀਂ ਕੀਤਾ ਹੈ। ਸੁਪਰੀਮ ਕੋਰਟ ਦੇ ਫੈਸਲਿਆਂ ਨੂੰ ਲਾਗੂ ਕਰਨ ਦੀ ਥਾਂ ਪੰਜਾਬ ਨੇ ਸਾਲ 2004 ਵਿੱਚ ਐਕਟ ਬਣਾ ਕੇ ਇਨ੍ਹਾਂ ਨੂੰ ਲਾਗੂ ਕਰਨ ਵਿੱਚ ਅੜਿੱਕਾ ਪਾਇਆ। ਉੁਨ੍ਹਾਂ ਆਸ ਜਤਾਈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਵਿੱਚ ਸਹੀ ਹੱਲ ਕੱਢਿਆ ਜਾ ਸਕੇਗਾ।
ਸੁਪਰੀਮ ਕੋਰਟ ਨੇ ਦੋਵਾਂ ਸੂਬਿਆਂ ਨੂੰ ਦੋਸਤਾਨਾ ਹੱਲ ਲੱਭਣ ਦੀ ਦਿੱਤੀ ਸੀ ਸਲਾਹ
ਦੱਸਣਯੋਗ ਹੈ ਕਿ ਪਿਛਲੇ ਮਹੀਨੇ 6 ਸਤੰਬਰ ਨੂੰ ਸੁਪਰੀਮ ਕੋਰਟ ਵਿੱਚ ਐੱਸਵਾਈਐੱਲ ਨਹਿਰ ਮਸਲੇ ’ਤੇ ਸੁਣਵਾਈ ਦੌਰਾਨ ਕੇਂਦਰ ਵੱਲੋਂ ਪੇਸ਼ ਹੋਏ ਅਟਾਰਨੀ ਜਨਰਲ ਕੇ.ਕੇ. ਵੇਣੂਗੋਪਾਲ ਨੇ ਕਿਹਾ ਸੀ ਕਿ ਕੇਂਦਰ ਨੇ ਅਪਰੈਲ ਮਹੀਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਸੀ ਪਰ ਕੋਈ ਜਵਾਬ ਨਹੀਂ ਆਇਆ। ਹਰਿਆਣਾ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਸ਼ਿਆਮ ਦੀਵਾਨ ਤੇ ਵਧੀਕ ਐਡਵੋਕੇਟ ਜਨਰਲ ਅਨੀਸ਼ ਗੁਪਤਾ ਨੇ ਕਿਹਾ ਸੀ ਕਿ ਕਈ ਗੇੜ ਦੀ ਗੱਲਬਾਤ ਦੇ ਬਾਵਜੂਦ ਮਸਲੇ ਦਾ ਹੱਲ ਨਹੀਂ ਨਿਕਲਿਆ। ਇਸ ਲਈ ਅਦਾਲਤ ਨੂੰ ਫ਼ੈਸਲਾ ਹਰਿਆਣਾ ਦੇ ਹੱਕ ’ਚ ਕਰਨਾ ਚਾਹੀਦਾ ਹੈ। ਉਸ ਸਮੇਂ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਜੇਐੱਸ ਛਾਬੜਾ ਨੇ ਸੁਪਰੀਮ ਕੋਰਟ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਸੀ। ਜਸਟਿਸ ਸੰਜੈ ਕਿਸ਼ਨ ਕੌਲ ਦੀ ਅਗਵਾਈ ਹੇਠਲੇ ਬੈਂਚ ਨੇ ਉਸ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਬੈਠ ਕੇ ਦੋਸਤਾਨਾ ਢੰਗ ਨਾਲ ਹੱਲ ਲੱਭਣ ਦੀ ਹਦਾਇਤ ਕੀਤੀ ਸੀ। ਸੁਪਰੀਮ ਕੋਰਟ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਕਾਰ ਮੀਟਿੰਗ ਕਰਵਾਉਣ ਦੀ ਹਦਾਇਤ ਕਰਦਿਆਂ ਚਾਰ ਮਹੀਨਿਆਂ ਅੰਦਰ ਪ੍ਰਗਤੀ ਰਿਪੋਰਟ ਦੇਣ ਦਾ ਹੁਕਮ ਦਿੱਤਾ ਸੀ। ਬੈਂਚ ਨੇ ਐੱਸਵਾਈਐੱਲ ਮਾਮਲੇ ਦੀ ਅਗਵਾਈ ਸੁਣਵਾਈ 19 ਜਨਵਰੀ 2023 ’ਤੇ ਪਾਈ ਸੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly