ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 27 ਨਵੰਬਰ 2025 ਤੋਂ 8 ਮਾਰਚ 2026 ਤੱਕ ਚਲਾਈ ਜਾ ਰਹੀ ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚੱਲ ਰਹੀਆਂ ਹਨ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਾਰੇ ਆਂਗਨਵਾੜੀ ਕੇਂਦਰਾਂ ਵਿੱਚ ਬਾਲ ਵਿਆਹ ਮੁਕਤ ਭਾਰਤ ਮੁਹਿੰਮ ਰੋਜ਼ਾਨਾ ਮਨਾਈ ਜਾ ਰਹੀ ਹੈ। ਇਸ ਸਬੰਧ ਵਿੱਚ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਬਲਾਕ ਹੁਸ਼ਿਆਰਪੁਰ-1 ਦੇ ਪਿੰਡ ਅਜੜਾਮ ਵਿੱਚ ਆਂਗਨਵਾੜੀ ਕੇਂਦਰਾਂ ਅਤੇ ਸਰਕਾਰੀ ਸਕੂਲਾਂ ਦੇ ਸਹਿਯੋਗ ਨਾਲ ਇਕ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਵਿਸ਼ੇਸ਼ ਮੁਹਿੰਮ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਲ ਵਿਆਹ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਰੋਕਣ ਅਤੇ ਇਸ ਗੰਭੀਰ ਸਮਾਜਿਕ ਬੁਰਾਈ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ, ਜੋ ਕਿ ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਪੁਲਿਸ ਵਿਭਾਗ ਅਤੇ ਸਮਾਜਿਕ ਨਿਆਂ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਕਿ ਬਾਲ ਵਿਆਹ ਇਕ ਸਮਾਜਿਕ ਅਪਰਾਧ ਹੈ ਅਤੇ ਨਾਲ ਹੀ ਕਾਨੂੰਨ ਦੀ ਗੰਭੀਰ ਉਲੰਘਣਾ ਵੀ ਹੈ। ਬਾਲ ਵਿਆਹ ਰੋਕੂ ਐਕਟ, 2006 ਦੇ ਅਨੁਸਾਰ, 18 ਸਾਲ ਤੋਂ ਘੱਟ ਉਮਰ ਦੀ ਕੁੜੀ ਅਤੇ 21 ਸਾਲ ਤੋਂ ਘੱਟ ਉਮਰ ਦੇ ਮੁੰਡੇ ਦਾ ਵਿਆਹ ਪੂਰੀ ਤਰ੍ਹਾਂ ਗੈਰ-ਕਾਨੂੰਨੀ ਹੈ ਅਤੇ ਅਜਿਹੇ ਵਿਆਹ ਵਿੱਚ ਸ਼ਾਮਿਲ ਮਾਪਿਆਂ, ਰਿਸ਼ਤੇਦਾਰਾਂ, ਪੰਚਾਇਤ ਮੈਂਬਰਾਂ ਅਤੇ ਧਾਰਮਿਕ ਰਸਮਾਂ ਨਿਭਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਦਾ ਪ੍ਰਬੰਧ ਹੈ। ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਆਸ਼ਾ ਵਰਕਰਾਂ, ਆਂਗਨਵਾੜੀ ਵਰਕਰਾਂ ਅਤੇ ਸਕੂਲ ਪ੍ਰਬੰਧਨ ਦੀ ਮਦਦ ਨਾਲ ਲੋਕਾਂ ਨੂੰ ਬਾਲ ਵਿਆਹ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਨਾਗਰਿਕਾਂ ਨੂੰ ਬਾਲ ਵਿਆਹ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਲਈ ਚਾਈਲਡ ਹੈਲਪਲਾਈਨ 1098 ‘ਤੇ ਸੰਪਰਕ ਕਰਨ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਥੇ ਪ੍ਰਾਪਤ ਹੋਣ ਵਾਲੀ ਹਰ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਅਧਿਕਾਰੀਆਂ ਨੇ ਕਿਹਾ ਕਿ ਬਾਲ ਵਿਆਹ ਨਾ ਸਿਰਫ਼ ਬੱਚਿਆਂ ਦੇ ਭਵਿੱਖ ਨੂੰ ਨੁਕਸਾਨ ਪਹੁੰਚਾਉਂਦਾ ਹੈ, ਸਗੋਂ ਉਨ੍ਹਾਂ ਦੀ ਸਿਹਤ, ਸਿੱਖਿਆ ਅਤੇ ਸਮਾਜਿਕ ਵਿਕਾਸ ‘ਤੇ ਵੀ ਡੂੰਘਾ ਨਕਾਰਾਤਮਕ ਪ੍ਰਭਾਵ ਪਾਉਂਦਾ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



