ਮੋਰਿੰਡਾ (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ)-ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੀ.ਐਚ.ਸੀ (ਕਮਿਊਨਟੀ ਸਿਹਤ ਕੇਂਦਰ) ਮੋਰਿੰਡਾ ਨੂੰ ਪੰਜਾਬ ਦਾ ਮਾਡਲ ਹਸਪਤਾਲ ਬਣਾਇਆ ਜਾਵੇਗਾ। ਇਹ ਗੱਲ ਡਿਪਟੀ ਕਮਿਸ਼ਨਰ ਸ੍ਰੀ ਆਦਿਤਿਆ ਡੇਚਲਵਾਲ ਨੇ ਸੀ.ਐਚ.ਸੀ ਮੋਰਿੰਡਾ ਦੇ ਚੱਲ ਰਹੇ ਨਵੀਨੀਕਰਨ ਕਾਰਜਾਂ ਦਾ ਨਿਰੀਖਣ ਕਰਨ ਦੌਰਾਨ ਕਹੀ। ਉਨ੍ਹਾਂ ਦੱਸਿਆ ਕਿ ਇਸ ਸਰਕਾਰੀ ਹਸਪਤਾਲ ਨੂੰ ਮਾਡਲ ਹਸਪਤਾਲ ਵਜੋਂ ਵਿਕਸਿਤ ਕੀਤਾ ਜਾ ਰਿਹਾ ਹੈ, ਜਿਸ ਨਾਲ ਇਲਾਕੇ ਵਿੱਚ ਸਿਹਤ ਸੇਵਾਵਾਂ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਤਹਿਤ ਲਗਭਗ 1.3 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਹੁਣ ਪ੍ਰੋਜੈਕਟ ਦੇ ਦੂਜੇ ਪੜਾਅ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ। ਦੂਜੇ ਪੜਾਅ ਵਿੱਚ ਹਸਪਤਾਲ ਦੀਆਂ ਸਹੂਲਤਾਂ ਨੂੰ ਹੋਰ ਵਿਸਥਾਰ ਦਿੱਤਾ ਜਾਵੇਗਾ, ਜਿਸ ਨਾਲ ਮਰੀਜ਼ਾਂ ਨੂੰ ਹੋਰ ਸੁਵਿਧਾਜਨਕ ਅਤੇ ਆਧੁਨਿਕ ਸਿਹਤ ਸੇਵਾਵਾਂ ਮਿਲ ਸਕਣਗੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਹਸਪਤਾਲ ਵਿੱਚ ਨਵੇਂ ਅਤੇ ਆਧੁਨਿਕ ਮੈਡੀਕਲ ਉਪਕਰਣ ਮੁਹੱਈਆ ਕਰਵਾਏ ਜਾਣਗੇ ਅਤੇ ਓਪਰੇਸ਼ਨ ਥੀਏਟਰ ਨੂੰ ਵੀ ਪੂਰੀ ਤਰ੍ਹਾਂ ਅਪਗ੍ਰੇਡ ਕੀਤਾ ਜਾਵੇਗਾ, ਤਾਂ ਜੋ ਇਥੇ ਆਧੁਨਿਕ ਸਰਜਰੀ ਸਹੂਲਤਾਂ ਉਪਲਬਧ ਹੋ ਸਕਣ। ਇਸ ਤੋਂ ਇਲਾਵਾ ਖਾਸ ਸਿਹਤ ਸੇਵਾਵਾਂ ਲਈ ਇੱਕ ਨਵੀਂ ਇਮਾਰਤ ਦਾ ਨਿਰਮਾਣ ਵੀ ਕੀਤਾ ਜਾਵੇਗਾ, ਜਿਸ ਵਿੱਚ ਓਟ ਕਲੀਨਿਕ ਅਤੇ ਓ.ਐਸ.ਟੀ ਕੇਂਦਰ ਸਥਾਪਿਤ ਕੀਤੇ ਜਾਣਗੇ। ਇਸ ਨਾਲ ਇਲਾਕੇ ਦੇ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਹੋਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਐਮ.ਓ ਡਾ. ਪਰਮਿੰਦਰ ਸਿੰਘ, ਹਰਦੀਪ ਸਿੰਘ, ਗੁਰਪ੍ਰੀਤ ਕੌਰ, ਜਸਪ੍ਰੀਤ ਕੌਰ, ਅਮਰਜੀਤ ਸਿੰਘ ਅਤੇ ਹਸਪਤਾਲ ਦਾ ਹੋਰ ਸਟਾਫ ਮੌਜੂਦ ਸੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



