ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਅਜੇ ਮੰਗੂਪੁਰ ਨੇ ਸੂਬੇ ‘ਚ ਹਾਲ ਹੀ ਦੌਰਾਨ ਹੋਈ ਭਾਰੀ ਬਾਰਸ਼ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਹੋਏ ਵੱਡੇ ਨੁਕਸਾਨ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਤੁਰੰਤ ਪ੍ਰਭਾਵ ਨਾਲ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਜਲਦ ਤੋਂ ਜਲਦ ਯੋਗ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਉਹ ਆਰਥਿਕ ਸੰਕਟ ਤੋਂ ਬਚ ਸਕਣ। ਅਜੇ ਮੰਗੂਪੁਰ ਨੇ ਕਿਹਾ ਕਿ ਪੰਜਾਬ ਦੇ ਕਈ ਇਲਾਕਿਆਂ ‘ਚ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਤੋਂ ਇਲਾਵਾ ਤੇਜ਼ ਹਵਾਵਾਂ ‘ਨੇ ਕਿਸਾਨਾਂ ਦੀ ਮਿਹਨਤ ਨੂੰ ਪੂਰੀ ਤਰ੍ਹਾਂ ਬਰਬਾਦ ਕਰ ਦਿੱਤਾ ਹੈ। ਖੇਤਾਂ ’ਚ ਖੜ੍ਹੀ ਕਣਕ ਸਮੇਤ ਹੋਰ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਕਿਸਾਨ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬੇ ਹੋਏ ਹਨ ਅਤੇ ਹੁਣ ਕੁਦਰਤੀ ਆਫਤਾਂ ਨੇ ਉਨ੍ਹਾਂ ਦੀ ਹਾਲਤ ਹੋਰ ਵੀ ਖਰਾਬ ਕਰ ਦਿੱਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬਾ ਸਰਕਾਰ ਨੂੰ ਲੋਕਾਂ ਦੇ ਮੁੱਖ ਮਸਲਿਆਂ ਨਾਲ ਕੋਈ ਲੈਣਾ-ਦੇਣਾ ਨਹੀਂ ਰਹਿ ਗਿਆ ਅਤੇ ਉਹ ਹੋਰ ਗੈਰ-ਜ਼ਰੂਰੀ ਕੰਮਾਂ ‘ਚ ਰੁੱਝੀ ਹੋਈ ਹੈ ਜਦਕਿ ਦੇਸ਼ ਦਾ ਅੰਨਦਾਤਾ ਬਰਬਾਦੀ ਦੀ ਕਗਾਰ ‘ਤੇ ਪਹੁੰਚ ਚੁੱਕਾ ਹੈ ਪਰ ਸਰਕਾਰ ਵੱਲੋਂ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ ਜਾ ਰਿਹਾ। ਉਨਾਂ ਕਿਹਾ ਕਿ ਇਹ ਸਮਾਂ ਕਿਸਾਨਾਂ ਦੇ ਨਾਲ ਖੜ੍ਹਨ ਦਾ ਹੈ, ਨਾ ਕਿ ਰਾਜਨੀਤਿਕ ਪ੍ਰਚਾਰ ਕਰਨ ਦਾ। ਅਜੇ ਮੰਗੂਪੁਰ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਸਾਰੇ ਪ੍ਰਭਾਵਿਤ ਖੇਤਰਾਂ ‘ਚ ਵਿਸ਼ੇਸ਼ ਟੀਮਾਂ ਭੇਜ ਕੇ ਗਿਰਦਾਵਰੀ ਕਰਵਾਏ ਅਤੇ ਨੁਕਸਾਨ ਦਾ ਸਹੀ ਅੰਕਲਣ ਕਰੇ। ਇਸ ਦੇ ਨਾਲ ਹੀ ਕਿਸਾਨਾਂ ਨੂੰ ਤੁਰੰਤ ਅੰਤ੍ਰਿਮ ਰਾਹਤ ਰਾਸ਼ੀ ਜਾਰੀ ਕੀਤੀ ਜਾਵੇ ਤਾਂ ਜੋ ਉਹ ਆਪਣੀ ਰੋਜ਼ਮਰ੍ਹਾ ਦੀ ਜ਼ਿੰਦਗੀ ਚਲਾ ਸਕਣ ਅਤੇ ਅਗਲੀ ਫਸਲ ਲਈ ਤਿਆਰੀ ਕਰ ਸਕਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਜਲਦ ਕਾਰਵਾਈ ਨਾ ਕੀਤੀ ਤਾਂ ਕਾਂਗਰਸ ਪਾਰਟੀ ਕਿਸਾਨਾਂ ਦੇ ਹੱਕਾਂ ਲਈ ਸੜਕਾਂ ‘ਤੇ ਉਤਰ ਕੇ ਸੰਘਰਸ਼ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਪੀੜਾ ਨੂੰ ਅਣਡਿੱਠਾ ਨਹੀਂ ਕੀਤਾ ਜਾ ਸਕਦਾ ਅਤੇ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਹੀ ਪਵੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



