ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ) : ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਕ੍ਰਾਂਤੀ ਦੇ ਖੇਤਰ ਵਿੱਚ ਲਏ ਗਏ ਇੱਕ ਹੋਰ ਇਤਿਹਾਸਕ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਅਹਿਮ ਵੇਰਵੇ ਸਾਂਝੇ ਕੀਤੇ ਹਨ। ਚੇਅਰਮੈਨ ਜਲਾਲਪੁਰ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਦਾਇਰਾ ਵਧਾਉਂਦੇ ਹੋਏ ਹੁਣ ਇਸ ਅਧੀਨ 17 ਹੋਰ ਗੰਭੀਰ ਬਿਮਾਰੀਆਂ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਨਾਲ ਆਮ ਅਤੇ ਲੋੜਵੰਦ ਲੋਕਾਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਇਸ ਯੋਜਨਾ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਰਾਹੀਂ ਹੁਣ ਕੁੱਲ 2,300 ਤੋਂ ਵੱਧ ਬਿਮਾਰੀਆਂ ਦਾ ਇਲਾਜ ਅਤੇ ਮਹਿੰਗੇ ਆਪਰੇਸ਼ਨ ਬਿਲਕੁਲ ਮੁਫ਼ਤ ਕੀਤੇ ਜਾਣਗੇ। ਇਸ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਖਾਸ ਗੱਲ ਇਹ ਹੈ ਕਿ ਇਸ ਇਨਕਲਾਬੀ ਯੋਜਨਾ ਦਾ ਲਾਭ ਸਾਰੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਇਲਾਕੇ ਦੇ ਸੂਚੀਬੱਧ (ਐਮਪੈਨਲਡ) ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਮੁਹੱਈਆ ਕਰਵਾਇਆ ਜਾਵੇਗਾ, ਤਾਂ ਜੋ ਮਰੀਜ਼ਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਲੈਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਆਪਣੇ ਬਿਆਨ ਦੌਰਾਨ ਹਲਕੇ ਦੇ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪਿੰਡਾਂ ਦੇ ਨਵੀਨੀਕਰਨ ਅਤੇ ਹਰ ਵਰਗ ਦੀ ਸਹੂਲਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਯੋਜਨਾ ਬੋਰਡ ਨਵਾਂਸ਼ਹਿਰ ਦੇ ਅਖ਼ਤਿਆਰੀ ਕੋਟੇ ਵਿੱਚੋਂ ਹਲਕੇ ਦੇ ਹਰ ਪਿੰਡ ਨੂੰ ਬਿਨਾਂ ਕਿਸੇ ਪੱਖਪਾਤ ਦੇ ਵੱਡੀਆਂ ਵਿਕਾਸ ਗ੍ਰਾਂਟਾਂ ਦੇ ਕੇ ਨਿਵਾਜਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪਿੰਡ-ਪਿੰਡ ਜਿੰਮ ਸਥਾਪਿਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਪਿੰਡਾਂ ਦੇ ਜੋ ਵੀ ਵਿਕਾਸ ਕਾਰਜ ਪਿਛਲੇ ਲੰਮੇ ਸਮੇਂ ਤੋਂ ਅਧੂਰੇ ਪਏ ਸਨ, ਉਨ੍ਹਾਂ ਨੂੰ ਪਹਿਲ ਦੇ ਅਧਾਰ ‘ਤੇ ਗ੍ਰਾਂਟਾਂ ਜਾਰੀ ਕਰਕੇ ਪੂਰਾ ਕਰਵਾਇਆ ਜਾ ਰਿਹਾ ਹੈ। ਚੇਅਰਮੈਨ ਜਲਾਲਪੁਰ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਇਸੇ ਤਰ੍ਹਾਂ ਬਰਕਰਾਰ ਰੱਖਿਆ ਜਾਵੇਗਾ ਅਤੇ ਨਵਾਂਸ਼ਹਿਰ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



