- ਡੀਜੀਪੀ ਨੂੰ ‘ਆਪ’ ਵਿਧਾਇਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ
ਚੰਡੀਗੜ੍ਹ (ਸਮਾਜ ਵੀਕਲੀ): ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਸਰਕਾਰ ਡੇਗਣ ਲਈ ਪਾਰਟੀ ਦੇ 10 ਵਿਧਾਇਕਾਂ ਨੂੰ ਧਮਕਾਉਣ ਅਤੇ 25-25 ਕਰੋੜ ਰੁਪਏ ਦੀ ਪੇਸ਼ਕਸ਼ ਕਰਨ ਸਬੰਧੀ ਭਾਜਪਾ ਖ਼ਿਲਾਫ਼ ਅੱਜ ਚੰਡੀਗੜ੍ਹ ’ਚ ਡੀਜੀਪੀ ਗੌਰਵ ਯਾਦਵ ਨੂੰ ਸ਼ਿਕਾਇਤ ਕੀਤੀ। ਇਸ ਮਗਰੋਂ ਪੰਜਾਬ ਪੁਲੀਸ ਨੇ ਦੇਰ ਸ਼ਾਮ ‘ਆਪ’ ਵਿਧਾਇਕਾਂ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਪੁਲੀਸ ਥਾਣਾ ਸਟੇਟ ਕ੍ਰਾਈਮ, ਮੁਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ, 1988 ਦੀ ਧਾਰਾ 8, ਧਾਰਾ 171-ਬੀ ਅਤੇ 120-ਬੀ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਹੈ। ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਇਕ ਦਰਜਨ ਦੇ ਕਰੀਬ ‘ਆਪ’ ਵਿਧਾਇਕਾਂ ਨੇ ਡੀਜੀਪੀ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਭਾਜਪਾ ਆਗੂਆਂ ਵੱਲੋਂ ‘ਆਪ’ ਵਿਧਾਇਕਾਂ ਨੂੰ ਧਮਕਾਉਣ ਅਤੇ ਰੁਪਏ ਦੀ ਪੇਸ਼ਕਸ਼ ਕਰਨ ਸਬੰਧੀ ਆਡੀਓ ਰਿਕਾਰਡਿੰਗ ਅਤੇ ਹੋਰ ਸਬੂਤ ਸੌਂਪ ਕੇ ‘ਅਪਰੇਸ਼ਨ ਲੋਟਸ’ ਦੀ ਨਿਰਪੱਖ ਜਾਂਚ ਕਰਨ ਦੀ ਮੰਗ ਕੀਤੀ।
ਡੀਜੀਪੀ ਨੂੰ ਸ਼ਿਕਾਇਤ ਕਰਨ ਗਏ ਵਿਧਾਇਕਾਂ ਵਿੱਚ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ, ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਕੁਲਵੰਤ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਦਿਨੇਸ਼ ਚੱਢਾ, ਰਮਨ ਅਰੋੜਾ, ਨਰਿੰਦਰ ਕੌਰ ਭਰਾਜ, ਰਜਨੀਸ਼ ਦਹੀਆ, ਰੁਪਿੰਦਰ ਸਿੰਘ ਹੈਪੀ, ਸ਼ੀਤਲ ਅੰਗੁਰਾਲ, ਅਤੇ ਲਾਭ ਸਿੰਘ ਉਗੋਕੇ ਸਣੇ ਹੋਰ ਵਿਧਾਇਕ ਹਾਜ਼ਰ ਸਨ। ‘ਆਪ’ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਨੇ ਉਨ੍ਹਾਂ ਦੇ 10 ਤੋਂ ਵੱਧ ਵਿਧਾਇਕਾਂ ਨੂੰ 25-25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਹੈ। ਇਸ ਤੋਂ ਇਲਾਵਾ ਭਾਜਪਾ ਦੇ ਮਾੜੇ ਅਤੇ ਲੋਕਤੰਤਰ ਵਿਰੋਧੀ ਏਜੰਡਿਆਂ ਦਾ ਪਰਦਾਫਾਸ਼ ਕਰਨ ਲਈ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਸਮੇਤ ਕਈ ਹੋਰਾਂ ਨੂੰ ਧਮਕੀਆਂ ਵੀ ਮਿਲੀਆਂ ਹਨ। ਵਿੱਤ ਮੰਤਰੀ ਨੇ ਡੀਜੀਪੀ ਤੋਂ ਪਾਰਟੀ ਦੇ ਵਿਧਾਇਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੇ ਕੱਟੜ ਸਿਪਾਹੀਆਂ ਨੇ ਭਾਜਪਾ ਦੀ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।’’
ਕੇਜਰੀਵਾਲ ਦੀ ਵੱਧ ਰਹੀ ਲੋਕਪਿ੍ਰਅਤਾ ਤੋਂ ਡਰੀ ਭਾਜਪਾ: ਚੀਮਾ
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਅਰਵਿੰਦ ਕੇਜਰੀਵਾਲ ਦੀ ਲਗਾਤਾਰ ਵੱਧ ਰਹੀ ਲੋਕਪ੍ਰਿਅਤਾ ਤੋਂ ਹੈਰਾਨ ਹੈ ਅਤੇ ਕੇਂਦਰ ਦੀ ਸੱਤਾਧਾਰੀ ਪਾਰਟੀ ਸਿਰਫ਼ ਕੇਜਰੀਵਾਲ ਤੋਂ ਡਰਦੀ ਹੈ। ‘ਇਸੇ ਲਈ ਭਾਜਪਾ ਦੇਸ਼ ਵਿੱਚ ‘ਆਪ’ ਨੂੰ ਕਿਸੇ ਵੀ ਢੰਗ ਨਾਲ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ।’ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਭਾਜਪਾ ਨੂੰ ਆਪਣੇ ਕੋਝੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।