
ਹੁਸ਼ਿਆਰਪੁਰ /ਗੜਸ਼ੰਕਰ (ਸਮਾਜ ਵੀਕਲੀ) ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਅੱਜ ਹਲਕਾ ਗੜਸ਼ੰਕਰ ਦੇ ਪਿੰਡ ਰਾਮਪੁਰ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੇ ਦਫ਼ਤਰ ਤੋਂ ਰਵਾਨਾ ਕੀਤਾ ਗਿਆ। ਇਸ ਮੌਕੇ ਸ਼ਰਧਾਲੂਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਬੱਸ ਨੂੰ ਹਰੀ ਝੰਡੀ ਦਿਖਾਉਣ ਉਪਰੰਤ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਇਸੇ ਸੋਚ ਤਹਿਤ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮਕਸਦ ਹਰ ਵਰਗ ਦੇ ਲੋਕਾਂ, ਖ਼ਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਸ. ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਮੁਸ਼ਕਲ ਦੇ ਆਪਣੀ ਯਾਤਰਾ ਸੰਪੂਰਨ ਕਰ ਸਕਣ। ਉਨ੍ਹਾਂ ਕਿਹਾ ਕਿ ਧਾਰਮਿਕ ਯਾਤਰਾਵਾਂ ਮਨੁੱਖ ਨੂੰ ਆਤਮਿਕ ਸ਼ਾਂਤੀ ਪ੍ਰਦਾਨ ਕਰਨ ਦੇ ਨਾਲ-ਨਾਲ ਸਮਾਜ ਵਿੱਚ ਭਾਈਚਾਰਕ ਸਾਂਝ ਅਤੇ ਏਕਤਾ ਨੂੰ ਵੀ ਮਜ਼ਬੂਤ ਕਰਦੀਆਂ ਹਨ। ਇਸ ਮੌਕੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੀ ਇਸ ਉਪਰਾਲੇ ਨਾਲ ਉਨ੍ਹਾਂ ਦੀ ਲੰਬੇ ਸਮੇਂ ਤੋਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਪੂਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਆਮ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਰਹੀ ਹੈ। ਬੱਸ ਰਵਾਨਾ ਹੋਣ ਸਮੇਂ ਸ਼ਰਧਾਲੂਆਂ ਨੂੰ ਫੁੱਲ ਮਾਲਾਵਾਂ ਪਾ ਕੇ ਅਤੇ ਸ਼ੁਭਕਾਮਨਾਵਾਂ ਦੇ ਕੇ ਵਿਦਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ, ਵਰਕਰ, ਸਮਾਜ ਸੇਵੀ, ਧਾਰਮਿਕ ਸ਼ਖਸੀਅਤਾਂ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ, ਜਿਨ੍ਹਾਂ ਨੇ ਯਾਤਰੀਆਂ ਦੀ ਸੁਖਦ ਅਤੇ ਸਫਲ ਯਾਤਰਾ ਲਈ ਕਾਮਨਾ ਕੀਤੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

