*‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਮੀਖਿਆ ਮੀਟਿੰਗ ਕੀਤੀ, ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ*
ਸ਼ਹੀਦ ਭਗਤ ਸਿੰਘ ਨਗਰ, (ਸਮਾਜ ਵੀਕਲੀ) (ਮਨੋਰੰਜਨ ਕਾਲੀਆ) ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਬੁਧਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਰੰਗਲਾ ਪੰਜਾਬ’ ਦੀ ਸ਼ਾਨ ਨੂੰ ਮੁੜ ਬਹਾਲ ਕਰਨ ਲਈ ਦ੍ਰਿੜ੍ਹ ਇਰਾਦੇ ਨਾਲ ਮੁਹਿੰਮ ਚਲਾ ਰਹੀ ਹੈ।ਸੂਬਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਕੰਗ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਹੁਣ ਸਿਰਫ ਸਰਕਾਰੀ ਏਜੰਸੀਆਂ ਤੱਕ ਸੀਮਤ ਨਹੀਂ ਰਹੀ, ਸਗੋਂ ਇਹ ਇੱਕ ਵਿਆਪਕ ਜਨਤਕ ਲਹਿਰ ਬਣ ਗਈ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਲੋਕ ਇਸ ਮੁਹਿੰਮ ਦਾ ਸਮਰਥਨ ਕਰ ਰਹੇ ਹਨ, ਜਿਸ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਸਮੂਹਿਕ ਸੰਕਲਪ ਨੂੰ ਤਾਕਤ ਮਿਲ ਰਹੀ ਹੈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸਤਨਾਮ ਸਿੰਘ ਜਲਵਾਹਾ, ਐਸ.ਐਸ.ਪੀ ਐਸ.ਬੀ.ਐਸ. ਨਗਰ ਤੁਸ਼ਾਰ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ, ਐਸ.ਡੀ.ਐਮ ਐਸ.ਬੀ.ਐਸ. ਨਗਰ ਅਮਨਜੋਤ ਕੌਰ ਅਤੇ ਆਪ ਜ਼ਿਲ੍ਹਾ ਪ੍ਰਧਾਨ ਰੌਬੀ ਕੰਗ ਹਾਜ਼ਰ ਸਨ। ਐਮ.ਪੀ. ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਚੁਣੌਤੀ ਨਾਲ ਨਜਿੱਠਣ ਲਈ ਬਹੁ-ਪੱਖੀ ਰਣਨੀਤੀ ਅਪਣਾਈ ਹੈ। ਜਿੱਥੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਨਸ਼ਾ ਤਸਕਰਾਂ ਅਤੇ ਵਪਾਰੀਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਹੈ, ਉੱਥੇ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਲੋਕਾਂ ਦੇ ਮੁੜ-ਵਸੇਬੇ ’ਤੇ ਵੀ ਬਰਾਬਰ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ ਕਿ ਨਸ਼ਿਆਂ ਤੋਂ ਪ੍ਰਭਾਵਿਤ ਲੋਕਾਂ ਨੂੰ ਮਾਣਮੱਤੀ ਅਤੇ ਉਤਪਾਦਕ ਜ਼ਿੰਦਗੀ ਵੱਲ ਵਾਪਸ ਆਉਣ ਦਾ ਮੌਕਾ ਮਿਲੇ। ਸ਼੍ਰੀ ਕੰਗ ਨੇ ਕਿਹਾ ਕਿ ਪ੍ਰਸ਼ਾਸਨ ਰੋਕਥਾਮ ਉਪਾਵਾਂ ’ਤੇ ਵੀ ਧਿਆਨ ਕੇਂਦਰਿਤ ਕਰ ਰਿਹਾ ਹੈ ਅਤੇ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਹੁਨਰ ਵਿਕਾਸ, ਰੁਜ਼ਗਾਰ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੁੜਨ ਲਈ ਉਤਸ਼ਾਹਿਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਸਾਰਥਕ ਮੌਕੇ ਨਸ਼ਿਆਂ ਤੋਂ ਦੂਰ ਰੱਖਣ ਅਤੇ ਇੱਕ ਸਿਹਤਮੰਦ ਸਮਾਜ ਬਣਾਉਣ ਲਈ ਜ਼ਰੂਰੀ ਹਨ।ਪਿੰਡ ਰੱਖਿਆ ਕਮੇਟੀਆਂ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਐਮ.ਪੀ. ਨੇ ਕਿਹਾ ਕਿ ਉਨ੍ਹਾਂ ਦੇ ਮੈਂਬਰ ਜ਼ਮੀਨੀ ਪੱਧਰ ’ਤੇ ਬਿਨਾਂ ਡਰ ਤੋਂ ਕੰਮ ਕਰ ਰਹੇ ਹਨ ਅਤੇ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਦੀ ਪਛਾਣ ਅਤੇ ਰੋਕਥਾਮ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਉਨ੍ਹਾਂ ਨੂੰ ਆਪਣੇ ਉਪਰਾਲੇ ਹੋਰ ਮਜ਼ਬੂਤ ਕਰਨ ਅਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਨਜ਼ਦੀਕੀ ਤਾਲਮੇਲ ਬਣਾਈ ਰੱਖਣ ਦੀ ਅਪੀਲ ਕੀਤੀ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਦੇ ਅਧਿਕਾਰੀਆਂ, ਜ਼ਿਲ੍ਹਾ ਅਤੇ ਬਲਾਕ ਕੋਆਰਡੀਨੇਟਰਾਂ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਾਵਾਂ ਦੀ ਸਮੀਖਿਆ ਕੀਤੀ। ਸ਼੍ਰੀ ਕੰਗ ਨੇ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਕਾਰਵਾਈ ਦਾ ਵੀ ਜਾਇਜ਼ਾ ਲਿਆ। ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਤਾਲਮੇਲ ਵਾਲੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਜਨਤਾ ਦੀ ਭਾਗੀਦਾਰੀ ਨਾਲ ਪੰਜਾਬ ਨਸ਼ਿਆਂ ਦੀ ਬਿਪਤਾ ਨੂੰ ਜੜ੍ਹੋਂ ਪੁੱਟ ਦੇਵੇਗਾ ਅਤੇ ਤਰੱਕੀ ਤੇ ਖੁਸ਼ਹਾਲੀ ਵੱਲ ਲਗਾਤਾਰ ਵਧੇਗਾ। ਇਸ ਤੋਂ ਪਹਿਲਾਂ ਨਸ਼ਾ ਮੁਕਤੀ ਮੋਰਚਾ ਦੇ ਦੋਆਬਾ ਇੰਚਾਰਜ ਅਤਿਨ ਅਗਨੀਹੋਤਰੀ ਨੇ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਦਿਨੇਸ਼ ਸੂਰੀ, ਬਲਜੀਤ ਰਾਮ, ਪ੍ਰਭਜੋਤ ਸਿੰਘ ਬੰਗਾ, ਇੰਦਰਜੀਤ ਕੁਮਾਰ, ਬੀਅੰਤ ਸਿੰਘ, ਵਿਸ਼ਾਲ ਖੋਸਲਾ, ਬਲਜੋਤ ਸਿੰਘ, ਐਮ.ਸੀ. ਸ਼ਿਵਰਾਮ ਕੈਂਥ ਅਤੇ ਆਤਮਾ ਰਾਮ ਆਦਿ ਵੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





