ਅਕਾਲੀ ਦਲ ਦੀ 5 ਮੈਂਬਰੀ ਕਮੇਟੀ ਦਾ ਦਾਅਵਾ: ਮੁੱਖ ਮੰਤਰੀ ਦੇ ਇਸ਼ਾਰੇ ‘ਤੇ ਤਿਆਰ ਕੀਤੀ ਗਈ ਫਰਜ਼ੀ ਫੋਰੈਂਸਿਕ ਰਿਪੋਰਟ, ਪੰਜਾਬ ਵਿੱਚ ਖੜ੍ਹਾ ਹੋਇਆ ਸੰਵਿਧਾਨਕ ਸੰਕਟ
ਜਲੰਧਰ (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇੱਕ ਅਹਿਮ ਪ੍ਰੈੱਸ ਕਾਨਫਰੰਸ ਦੌਰਾਨ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰੂ ਸਾਹਿਬਾਨ ਖ਼ਿਲਾਫ਼ ਕੀਤੀ ਗਈ ਕਥਿਤ ਘੋਰ ਬੇਅਦਬੀ ਅਤੇ ਇਸ ਤੋਂ ਬਾਅਦ ਮਾਮਲੇ ਨੂੰ ਦਬਾਉਣ ਲਈ ਪੁਲਿਸ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਤਿਆਰ ਕਰਵਾਈਆਂ ਗਈਆਂ ਫਰਜ਼ੀ ਫੋਰੈਂਸਿਕ ਰਿਪੋਰਟਾਂ ਦੇ ਪੂਰੇ ਮਾਮਲੇ ਦੀ ਜਾਂਚ ਸੀਬੀਆਈ ਦੇ ਹਵਾਲੇ ਕੀਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਅਤੇ ਉਨ੍ਹਾਂ ਦੀਆਂ ਕਾਰਵਾਈਆਂ ਖ਼ਿਲਾਫ਼ ਸਮੂਹ ਧਾਰਮਿਕ ਜਥੇਬੰਦੀਆਂ ਅਤੇ ਸੰਤ ਸਮਾਜ ਨਾਲ ਤਾਲਮੇਲ ਕਰਕੇ ਜਨਤਕ ਅੰਦੋਲਨ ਖੜ੍ਹਾ ਕਰਨ ਲਈ ਗਠਿਤ ਕੀਤੀ ਗਈ ਅਕਾਲੀ ਦਲ ਦੀ ਪੰਜ ਮੈਂਬਰੀ ਕਮੇਟੀ ਨੇ ਕਿਹਾ ਕਿ ਇਹ ਮਾਮਲਾ ਹੁਣ ਅੰਤਰ-ਰਾਜੀ (ਇੰਟਰ-ਸਟੇਟ) ਬਣ ਚੁੱਕਾ ਹੈ ਅਤੇ ਇਸ ਵਿੱਚ ਪੈਸੇ ਦੇ ਲੈਣ-ਦੇਣ (ਮਨੀ ਟ੍ਰੇਲ) ਦੀ ਸ਼ੰਕਾ ਹੈ, ਜਿਸ ਦੀ ਤਹਿ ਤੱਕ ਜਾਣ ਲਈ ਕੇਵਲ ਸੀਬੀਆਈ ਜਾਂਚ ਹੀ ਜ਼ਰੂਰੀ ਹੈ। ਮੁੱਖ ਮੰਤਰੀ ਹੀ ਮਾਮਲੇ ਦੇ ਮੁੱਖ ਮੁਲਜ਼ਮ: ਮਹੇਸ਼ਇੰਦਰ ਸਿੰਘ ਗਰੇਵਾਲ ਮਾਮਲੇ ਦੀ ਪੂਰੀ ਜਾਣਕਾਰੀ ਸਾਂਝੀ ਕਰਦਿਆਂ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਹੁਣ ਇਹ ਪੂਰੀ ਤਰ੍ਹਾਂ ਸਾਫ਼ ਹੋ ਚੁੱਕਾ ਹੈ ਕਿ ਇਸ ਪੂਰੇ ਘਟਨਾਕ੍ਰਮ ਵਿੱਚ ਮੁੱਖ ਮੁਲਜ਼ਮ ਖ਼ੁਦ ਮੁੱਖ ਮੰਤਰੀ ਹਨ। ਉਨ੍ਹਾਂ ਦੇ ਇਸ਼ਾਰੇ ‘ਤੇ ਹੀ ਦਸਤਾਵੇਜ਼ਾਂ ਦੀ ਹੇਰਾਫੇਰੀ ਅਤੇ ਫੋਰਜਰੀ ਕੀਤੀ ਗਈ ਹੈ। ਆਮ ਆਦਮੀ ਪਾਰਟੀ ਨੇ ਨਾ ਸਿਰਫ਼ ਫਰਜ਼ੀ ਦਸਤਾਵੇਜ਼ ਤਿਆਰ ਕੀਤੇ, ਬਲਕਿ ਸਪੈਸ਼ਲ ਡੀਜੀਪੀ ਗੌਰਵ ਯਾਦਵ ਕੋਲੋਂ ਜਾਂਚ ਦੀ ਮੰਗ ਕਰਦੇ ਹੋਏ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਕੇ ਇਨ੍ਹਾਂ ਨੂੰ ਜਨਤਕ ਖੇਤਰ ਵਿੱਚ ਅਸਲੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਵੀ ਕੀਤੀ।ਪੰਜਾਬ ਵਿੱਚ ਸੰਵਿਧਾਨਕ ਸੰਕਟ ਪੈਦਾ ਹੋਇਆ: ਡਾ. ਦਲਜੀਤ ਸਿੰਘ ਚੀਮਾ ਡਾ. ਦਲਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਨੂੰ ਐਫਆਈਆਰ (FIR) ਦਾ ਲਾਭਪਾਤਰੀ ਬਣਾ ਕੇ ਪੰਜਾਬ ਵਿੱਚ ਇੱਕ ਵੱਡਾ ਸੰਵਿਧਾਨਕ ਸੰਕਟ ਖੜ੍ਹਾ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਖ਼ੁਦ ਨੂੰ ਬਚਾਉਣ ਲਈ ਕਾਨੂੰਨ ਅਤੇ ਸੰਵਿਧਾਨ ਦੀ ਉਲੰਘਣਾ ਕਰਨ ਦੇ ਨਾਲ-ਨਾਲ ਰਾਜ ਦੀ ਸੱਤਾ ਅਤੇ ਸਰਕਾਰੀ ਖ਼ਜ਼ਾਨੇ ਦੇ ਪੈਸੇ ਦੀ ਰੱਜ ਕੇ ਦੁਰਵਰਤੋਂ ਕੀਤੀ ਹੈ। ਇਹ ਸਭ ਕੁਝ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨੀਵਾਂ ਦਿਖਾਉਣ ਦੀ ਨੀਅਤ ਨਾਲ ਕੀਤਾ ਗਿਆ ਹੈ। ਡਾ. ਚੀਮਾ ਨੇ ਸਵਾਲ ਉਠਾਇਆ ਕਿ ਮੁੱਖ ਮੰਤਰੀ ਨੇ ਅਜੇ ਤੱਕ ਇਹ ਸਪਸ਼ਟ ਨਹੀਂ ਕੀਤਾ ਕਿ ਉਨ੍ਹਾਂ ਨੇ ਪੰਜਾਬ ਪੁਲਿਸ ਦੇ ਕਮਿਸ਼ਨਰ ਰੈਂਕ ਦੇ ਅਧਿਕਾਰੀਆਂ ਨੂੰ ਕਿਸ ਹੈਸੀਅਤ ਵਿੱਚ ਗੁੜਗਾਓਂ ਦੀ ਲੈਬਾਰਟਰੀ ਤੋਂ ਫਰਜ਼ੀ ਰਿਪੋਰਟ ਤਿਆਰ ਕਰਵਾਉਣ ਲਈ ਭੇਜਿਆ ਸੀ? ਕੀ ਇਹ ਨਿਰਦੇਸ਼ ਭਗਵੰਤ ਮਾਨ ਨੇ ਖ਼ੁਦ ਦਿੱਤੇ ਸਨ ਜਾਂ ਪੁਲਿਸ ਅਧਿਕਾਰੀਆਂ ਨੇ ਆਪਣੀ ਪੱਧਰ ‘ਤੇ ਇਹ ਝੂਠ ਘੜਿਆ? ਉਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਵੀ ਘੇਰਦਿਆਂ ਪੁੱਛਿਆ ਕਿ ਉਹ ਸਪਸ਼ਟ ਕਰਨ ਕਿ ਕਿਸ ਅਧਾਰ ‘ਤੇ ਉਨ੍ਹਾਂ ਨੇ ਇਨ੍ਹਾਂ ਫਰਜ਼ੀ ਰਿਪੋਰਟਾਂ ਨੂੰ ਜਨਤਕ ਕਰਕੇ ਅਸਲੀ ਹੋਣ ਦਾ ਦਾਅਵਾ ਕੀਤਾ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਮਹਿੰਗਾ ਪਵੇਗਾ: ਬਲਵਿੰਦਰ ਸਿੰਘ ਭੂੰਦੜ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧਾ ਟਕਰਾਅ ਪੈਦਾ ਕੀਤਾ ਅਤੇ ਫਿਰ ਆਪਣੀ ਗਲਤੀ ਨੂੰ ਛੁਪਾਉਣ ਲਈ ਗੁੜਗਾਓਂ ਤੋਂ ਫਰਜ਼ੀ ਫੋਰੈਂਸਿਕ ਰਿਪੋਰਟਾਂ ਲਿਆਉਣ ਵਰਗੇ ਝੂਠ ਦਾ ਸਹਾਰਾ ਲਿਆ। ਹੁਣ ਜਦੋਂ ਉਹ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੇ ਹਨ ਅਤੇ ਇਹ ਸਾਬਤ ਹੋ ਗਿਆ ਹੈ ਕਿ ਇਹ ਰਿਪੋਰਟਾਂ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੀ ਟੀਮ ਵੱਲੋਂ ‘ਮੈਨੂਫੈਕਚਰ’ (ਤਿਆਰ) ਕੀਤੀਆਂ ਗਈਆਂ ਸਨ, ਤਾਂ ਭਗਵੰਤ ਮਾਨ ਨਵੇਂ ਝੂਠ ਬੋਲ ਕੇ ਸਿੱਖ ਸੰਗਤ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਇਤਿਹਾਸ ਗਵਾਹ ਹੈ, ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਕੇ ਅੱਜ ਤੱਕ ਕੋਈ ਵੀ ਸਫ਼ਲ ਨਹੀਂ ਹੋ ਸਕਿਆ। ਇਸ ਪ੍ਰੈੱਸ ਕਾਨਫਰੰਸ ਦੌਰਾਨ ਕਮੇਟੀ ਦੇ ਹੋਰਨਾਂ ਪ੍ਰਮੁੱਖ ਮੈਂਬਰਾਂ ਵਿੱਚ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਅਤੇ ਸਰਦਾਰ ਅਮਰਜੀਤ ਸਿੰਘ ਚਾਵਲਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





