HOME ਸੱਚਖੰਡ ਹਜ਼ੂਰ ਸਾਹਿਬ ਦੇ ਪ੍ਰਬੰਧ ਚਲਾਉਣ ਲਈ 1956 ਦੇ ਐਕਟ ਨੂੰ ਨਾ...

ਸੱਚਖੰਡ ਹਜ਼ੂਰ ਸਾਹਿਬ ਦੇ ਪ੍ਰਬੰਧ ਚਲਾਉਣ ਲਈ 1956 ਦੇ ਐਕਟ ਨੂੰ ਨਾ ਬਦਲਣ ਲਈ ਸੰਤ ਸੀਚੇਵਾਲ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

2
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ

ਗ੍ਰਹਿ ਮੰਤਰੀ ਤੇ ਪ੍ਰਧਾਨ ਮੰਤਰੀ ਕੋਲੋ ਦਖ਼ਲ ਦੀ ਕੀਤੀ ਮੰਗ

ਕਪੂਰਥਲਾ   (ਸਮਾਜ ਵੀਕਲੀ)   ( ਕੌੜਾ ) – ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਲਈ ਬਣੇ 1956 ਦੇ ਐਕਟ ਵਿੱਚ ਕਿਸੇ ਵੀ ਤਰ੍ਹਾਂ ਦੀ ਸੋਧ ਨਾ ਕਰਨ ਦੀ ਮੰਗ ਕਰਦਿਆਂ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਪੱਤਰ ਲਿਖਿਆ ਹੈ। ਉਹਨਾਂ ਵੱਲੋਂ ਇਸ ਪੱਤਰ ਦਾ  ਉਤਾਰਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਭੇਜ ਕੇ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ ਹੈ।ਆਪਣੇ ਪੱਤਰ ਵਿੱਚ ਸੰਤ ਸੀਚੇਵਾਲ ਨੇ ਕਿਹਾ ਹੈ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਦਖ਼ਲਅੰਦਾਜ਼ੀ ਨਾ  ਕੀਤੀ  ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਮਹਾਰਾਸ਼ਟਰ ਸਰਕਾਰ ਇਸ ਮਾਮਲੇ ਵਿੱਚ ਅੱਗੇ ਵਧਦੀ ਹੈ ਤਾਂ ਇਸ ਦਾ ਵਿਰੋਧ ਸਿਰਫ਼ ਮਹਾਰਾਸ਼ਟਰ ਤੱਕ ਸੀਮਿਤ ਨਹੀਂ ਰਹੇਗਾ, ਸਗੋਂ ਦੇਸ਼-ਵਿਦੇਸ਼ ਵਿੱਚ ਵਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵੱਲੋਂ ਵੀ ਤਿੱਖਾ ਪ੍ਰਤੀਕਰਮ ਸਾਹਮਣੇ ਆ ਸਕਦਾ ਹੈ,ਜਿਸਦਾ ਭਾਜਪਾ ਸਰਕਾਰ ਨੂੰ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਸਰਹੱਦੀ ਅਤੇ ਸੰਵੇਦਨਸ਼ੀਲ ਸੂਬਾ ਹੈ, ਜਿੱਥੇ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਅਮਨ-ਸ਼ਾਂਤੀ ਕਾਇਮ ਹੋਈ ਹੈ। ਇਸ ਲਈ ਸਰਕਾਰ ਨੂੰ ਅਜਿਹਾ ਕੋਈ ਵੀ ਕਦਮ ਨਹੀਂ ਚੁੱਕਣਾ ਚਾਹੀਦਾ ਜੋ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਕੇ ਮਾਹੌਲ ਨੂੰ ਪ੍ਰਭਾਵਿਤ ਕਰੇ। ਸੰਤ ਸੀਚੇਵਾਲ ਨੇ ਆਪਣੇ ਪੱਤਰ ਵਿੱਚ ਜ਼ੋਰ ਦੇ ਕੇ ਕਿਹਾ ਕਿ ਇਹ ਮਾਮਲਾ ਸਿੱਖ ਕੌਮ ਦੇ ਬੁਨਿਆਦੀ ਅਤੇ ਸੰਵਿਧਾਨਕ ਅਧਿਕਾਰਾਂ ਨਾਲ ਜੁੜਿਆ ਹੋਇਆ ਹੈ। ਸਿੱਖ ਕੌਮ ਆਪਣੀਆਂ ਧਾਰਮਿਕ ਸੰਸਥਾਵਾਂ ਦਾ ਪ੍ਰਬੰਧ ਖ਼ੁਦ ਕਰਨ ਦੇ ਯੋਗ ਹੈ ਅਤੇ ਇਸ ਵਿੱਚ ਕਿਸੇ ਵੀ ਸਰਕਾਰੀ ਦਖ਼ਲ ਦੀ ਲੋੜ ਨਹੀਂ ਹੈ। ਉਨ੍ਹਾਂ ਲਿਖਿਆ ਕਿ ਜਦੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕਾਂ ਨੇ ਗੁਰਮਤਾ ਪਾਸ ਕਰਕੇ ਮਹਾਰਾਸ਼ਟਰ ਸਰਕਾਰ ਵੱਲੋਂ 1956 ਦੇ ਐਕਟ ਨੂੰ ਰੱਦ ਕਰਕੇ ਨਵਾਂ ਕਾਨੂੰਨ ਲਿਆਉਣ ਦੇ ਪ੍ਰਸਤਾਵ ਨੂੰ ਸਪੱਸ਼ਟ ਤੌਰ ‘ਤੇ ਰੱਦ ਕਰ ਦਿੱਤਾ ਹੈ ਤਾਂ ਸਰਕਾਰ ਨੂੰ ਇਸ ਬਿੱਲ ਨੂੰ ਅੱਗੇ ਨਹੀਂ ਵਧਾਉਣਾ ਚਾਹੀਦਾ।ਸੰਤ ਸੀਚੇਵਾਲ ਨੇ ਕਿਹਾ ਕਿ ਸਿੱਖ ਸੰਸਥਾਵਾਂ ਦੀ ਖ਼ੁਦਮੁਖਤਿਆਰੀ ਵਿੱਚ ਦਖ਼ਲਅੰਦਾਜ਼ੀ ਦੀਆਂ ਕੋਸ਼ਿਸ਼ਾਂ ਦਾ ਸੰਗਤਾਂ ਨੇ ਹਮੇਸ਼ਾ ਡਟ ਕੇ ਵਿਰੋਧ ਕੀਤਾ ਹੈ। ਉਨ੍ਹਾਂ ਯਾਦ ਦਿਵਾਇਆ ਕਿ ਮਹਾਰਾਸ਼ਟਰ ਸਰਕਾਰ ਨੇ 2015 ਤੋਂ ਵੀ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਾਂ ਵਿੱਚ ਦਖ਼ਲ ਦੇ ਯਤਨ ਕੀਤੇ ਸਨ। ਉਨ੍ਹਾਂ ਇਹ ਵੀ ਦਰਸਾਇਆ ਕਿ ਫਰਵਰੀ 2024 ਵਿੱਚ ਮਹਾਰਾਸ਼ਟਰ ਸਰਕਾਰ ਇੱਕ ਅਜਿਹੀ ਸੋਧ ਲਿਆਉਣਾ ਚਾਹੁੰਦੀ ਸੀ ਜਿਸ ਤਹਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ 17 ਮੈਂਬਰੀ ਬੋਰਡ ਵਿੱਚੋਂ 12 ਮੈਂਬਰਾਂ ਅਤੇ ਪ੍ਰਧਾਨ ਨੂੰ ਸਿੱਧੇ ਤੌਰ ‘ਤੇ ਨਾਮਜ਼ਦ ਕਰਨ ਦਾ ਅਧਿਕਾਰ ਸਰਕਾਰ ਨੂੰ ਮਿਲ ਜਾਣਾ ਸੀ। ਸਿੱਖ ਸੰਗਤਾਂ ਅਤੇ ਧਾਰਮਿਕ ਸੰਸਥਾਵਾਂ ਦੇ ਤਿੱਖੇ ਵਿਰੋਧ ਕਾਰਨ ਸਰਕਾਰ ਨੂੰ ਉਹ ਪ੍ਰਸਤਾਵ ਵਾਪਸ ਲੈਣਾ ਪਿਆ ਸੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਵਿਸ਼ਵਵਿਆਪੀ ਅਸਥਿਰਤਾ ਦਾ ਪ੍ਰਭਾਵ: ਸੋਨੇ ਦੀਆਂ ਕੀਮਤਾਂ ਵਿੱਚ ₹5,000 ਦੀ ਗਿਰਾਵਟ ਆਈ, ਚਾਂਦੀ ਦੀਆਂ ਕੀਮਤਾਂ ਵਿੱਚ ਵੀ ₹15,000 ਦੀ ਗਿਰਾਵਟ ਆਈ।
Next articleਪਿੰਡ ਰਾਜੋਆਣਾ ਕਲਾਂ ਤੇ ਰਾਜੋਆਣਾ ਖੁਰਦ ਦੇ ਸਮਾਜ ਸੇਵੀ ਤੇ ਉਦਮੀ ਨੌਜਵਾਨਾਂ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ।