ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਕਾਂਗਰਸ ਪਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲਾ ਪ੍ਰਧਾਨ ਅਜੇ ਮੰਗੂਪੁਰ ਨੇ ਪੰਜਾਬ ‘ਚ ਲਗਾਤਾਰ ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੂਰਤ-ਏ-ਹਾਲ ਨੇ ਸਰਕਾਰ ਦੇ ਬਿਜਲੀ ਸਬੰਧੀ ਕੀਤੇ ਜਾਂਦੇ ਸਾਰੇ ਦਾਅਵਿਆਂ ਦੀ ਹਕੀਕਤ ਲੋਕਾਂ ਦੇ ਸਾਹਮਣੇ ਲਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਕਿਸਾਨ ਅਤੇ ਆਮ ਅਵਾਮ ਦੋਵੇਂ ਹੀ ਬਿਜਲੀ ਦੀ ਕਿੱਲਤ ਕਾਰਨ ਭਾਰੀ ਮੁਸ਼ਕਿਲਾਤ ਦਾ ਸਾਹਮਣਾ ਕਰ ਰਹੇ ਹਨ। ਅਜੇ ਮੰਗੂਪੁਰ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਜੂਨ ਮਹੀਨੇ ‘ਚ ਸਮੇਂ ਸਿਰ ਬਰਸਾਤਾਂ ਸ਼ੁਰੂ ਹੋ ਜਾਂਦੀਆਂ ਸਨ, ਜਿਸ ਕਾਰਨ ਖੇਤੀ ਮੋਟਰਾਂ ‘ਤੇ ਦਬਾਅ ਘੱਟ ਰਹਿੰਦਾ ਸੀ ਅਤੇ ਸਰਕਾਰ ਇਸ ਨੂੰ ਆਪਣੀ ਉਪਲੱਬਧੀ ਦੱਸਦਿਆਂ ਪੰਜਾਬ ‘ਚ ਵਾਧੂ ਬਿਜਲੀ ਹੋਣ ਦਾ ਢੰਡੋਰਾ ਪਿੱਟਦੀ ਰਹੀ। ਉਨ੍ਹਾਂ ਕਿਹਾ ਕਿ ਇਸ ਵਾਰ ਮੌਸਮ ‘ਚ ਤਬਦੀਲੀ ਕਾਰਨ ਔੜ ਵਾਲੇ ਹਾਲਾਤ ਬਣੇ ਹੋਏ ਹਨ ਅਤੇ ਕਿਸਾਨਾਂ ਨੂੰ ਝੋਨੇ ਦੀ ਫਸਲ ਲਈ ਲਗਾਤਾਰ ਸਿੰਚਾਈ ਦੀ ਲੋੜ ਹੈ ਪਰ ਸਰਕਾਰ ਇਸ ਪ੍ਰੀਖਿਆ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਖੇਤੀ ਮੋਟਰਾਂ ਨੂੰ ਲੋੜੀਂਦੀ ਬਿਜਲੀ ਸਪਲਾਈ ਨਹੀਂ ਦਿੱਤੀ ਜਾ ਰਹੀ, ਜਿਸ ਕਾਰਨ ਕਿਸਾਨ ਸਮੇਂ ਸਿਰ ਆਪਣੇ ਖੇਤਾਂ ਨੂੰ ਪਾਣੀ ਨਹੀਂ ਲਗਾ ਸਕਦੇ। ਇਸ ਦਾ ਸਿੱਧਾ ਅਸਰ ਝੋਨੇ ਦੀ ਫਸਲ ‘ਤੇ ਪੈ ਰਿਹਾ ਹੈ ਅਤੇ ਕਈ ਥਾਵਾਂ ‘ਤੇ ਫਸਲ ਸੁੱਕਣ ਲੱਗੀ ਹੈ। ਉਨਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਮਹਿੰਗੇ ਬੀਜ, ਖਾਦਾਂ, ਡੀਜ਼ਲ ਅਤੇ ਕੀਟਨਾਸ਼ਕਾਂ ਦੀ ਮਾਰ ਹੇਠ ਹੈ, ਉੱਪਰੋਂ ਬਿਜਲੀ ਦੀ ਕਿੱਲਤ ਨੇ ਉਸ ਦੀਆਂ ਚਿੰਤਾਵਾਂ ਹੋਰ ਵਧਾ ਦਿੱਤੀਆਂ ਹਨ। ਜੇਕਰ ਇਹੀ ਹਾਲਾਤ ਰਹੇ ਤਾਂ ਆਉਣ ਵਾਲੇ ਸਮੇਂ ‘ਚ ਕਿਸਾਨਾਂ ਨੂੰ ਭਾਰੀ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਅਜੇ ਮੰਗੂਪੁਰ ਨੇ ਕਿਹਾ ਕਿ ਸਰਕਾਰ ਨੂੰ ਇਸ਼ਤਿਹਾਰਬਾਜ਼ੀ ਅਤੇ ਦਾਅਵਿਆਂ ਦੀ ਬਜਾਏ ਜ਼ਮੀਨੀ ਹਕੀਕਤ ਵੱਲ ਤਵੱਜੋਂ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਖੇਤੀ ਮੋਟਰਾਂ ਲਈ ਫੌਰੀ ਤੌਰ ‘ਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਤਾਂ ਜੋ ਕਿਸਾਨਾਂ ਦੀ ਫਸਲ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਦਾ ਆਧਾਰ ਖੇਤੀ ਹੈ ਅਤੇ ਜੇਕਰ ਕਿਸਾਨ ਹੀ ਪ੍ਰੇਸ਼ਾਨ ਰਹੇਗਾ ਤਾਂ ਸੂਬੇ ਦੀ ਤਰੱਕੀ ਵੀ ਪ੍ਰਭਾਵਿਤ ਹੋਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੱਲ ਗੰਭੀਰਤਾ ਨਾਲ ਧਿਆਨ ਨਾ ਦਿੱਤਾ ਤਾਂ ਕਾਂਗਰਸ ਪਾਰਟੀ ਕਿਸਾਨਾਂ ਦੀ ਆਵਾਜ਼ ਨੂੰ ਹਰ ਮੰਚ ‘ਤੇ ਬੁਲੰਦ ਕਰੇਗੀ ਅਤੇ ਉਨ੍ਹਾਂ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖੇਗੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





