ਰੋਪੜ੍ਹ (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ) : ਜ਼ਿਲ੍ਹੇ ਵਿੱਚ ਭੱਠਾ ਮਜ਼ਦੂਰਾਂ ਦੀ ਹੋ ਰਹੀ ਕਥਿਤ ਲੁੱਟ ਅਤੇ ਬੰਧੂਆ ਮਜ਼ਦੂਰੀ ਦੇ ਗੰਭੀਰ ਮਾਮਲੇ ਨੂੰ ਲੈ ਕੇ ਇਨਸਾਫ਼ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ। ਇਸੇ ਸਬੰਧ ਵਿੱਚ ਅੱਜ ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਅਤੇ ਸਾਂਝਾ ਕਿਸਾਨ ਮਜ਼ਦੂਰ ਮੋਰਚਾ ਪੰਜਾਬ ਦਾ ਇੱਕ ਵਿਸ਼ੇਸ਼ ਡੈਪੂਟੇਸ਼ਨ ਸਾਥੀ ਕਰਨ ਸਿੰਘ ਰਾਣਾ ਦੀ ਅਗਵਾਈ ਹੇਠ ਰੂਪਨਗਰ ਦੇ ਡਿਪਟੀ ਕਮਿਸ਼ਨਰ ਨੂੰ ਮਿਲਿਆ। ਯੂਨੀਅਨ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਗ਼ੈਰ-ਕਾਨੂੰਨੀ ਢੰਗ ਨਾਲ ਬੰਧੂਆ ਮਜ਼ਦੂਰੀ ਕਰਵਾਉਣ ਵਾਲੇ ਭੱਠਾ ਮਾਲਕਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਡਿਊਟੀ ਵਿੱਚ ਕੁਤਾਹੀ ਵਰਤਣ ਵਾਲੇ ਗੈਰ-ਜ਼ਿੰਮੇਵਾਰ ਅਧਿਕਾਰੀਆਂ ਨੂੰ ਵੀ ਤੁਰੰਤ ਨਿਸ਼ਾਨੇ ‘ਤੇ ਲਿਆ ਜਾਵੇ। ਡੈਪੂਟੇਸ਼ਨ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਕਿ ਸਬੰਧਤ ਭੱਠਾ ਮਾਲਕ ਲੇਬਰ ਮਾਫ਼ੀਆ ਨਾਲ ਮਿਲੀਭੁਗਤ ਕਰਕੇ ਮਜ਼ਦੂਰਾਂ ਤੋਂ ਜਬਰੀ ਅਤੇ ਬੇਹੱਦ ਘੱਟ ਰੇਟਾਂ ‘ਤੇ ਮਜ਼ਦੂਰੀ ਕਰਵਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੁਝ ਹਫ਼ਤੇ ਪਹਿਲਾਂ ਵੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਗਈ ਸੀ, ਪਰ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਅਣਗਹਿਲੀ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਏ ਕਾਰਨ ਦੋਸ਼ੀਆਂ ਖ਼ਿਲਾਫ਼ ਕੋਈ ਕਾਨੂੰਨੀ ਸ਼ਿਕੰਜਾ ਨਹੀਂ ਕੱਸਿਆ ਗਿਆ। ਇਸ ਦੇ ਉਲਟ, ਇਨਸਾਫ਼ ਮੰਗ ਰਹੇ ਗਰੀਬ ਮਜ਼ਦੂਰਾਂ ਨੂੰ ਹੀ ਹਰ ਤਰ੍ਹਾਂ ਨਾਲ ਤੰਗ-ਪ੍ਰੇਸ਼ਾਨ ਅਤੇ ਪ੍ਰਤਾੜਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸਾਥੀ ਕਰਨ ਸਿੰਘ ਰਾਣਾ ਨੇ ਵੱਡਾ ਖੁਲਾਸਾ ਕਰਦਿਆਂ ਦੱਸਿਆ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਪਿਛਲੇ ਸ਼ੁੱਕਰਵਾਰ ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਨੂੰ ਕਾਨੂੰਨ ਮੁਤਾਬਕ ਤੁਰੰਤ ਕਾਰਵਾਈ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਹਾਈਕੋਰਟ ਦੀਆਂ ਹਦਾਇਤਾਂ ਦੇ ਬਾਵਜੂਦ ਕਿਰਤ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਭੱਠਾ ਮਾਲਕਾਂ ਦੇ ਹੌਸਲੇ ਬੁਲੰਦ ਹਨ ਅਤੇ ਉਹ ਸ਼ਰੇਆਮ ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ। ਯੂਨੀਅਨ ਨੇ ਚੇਤਾਵਨੀ ਭਰੇ ਲਹਿਜੇ ਵਿੱਚ ਮੰਗ ਕੀਤੀ ਹੈ ਕਿ ਬੰਧੂਆ ਮਜ਼ਦੂਰੀ ਦੇ ਜ਼ਿੰਮੇਵਾਰ ਭੱਠਾ ਮਾਲਕਾਂ ‘ਤੇ ਬਿਨਾਂ ਕਿਸੇ ਦੇਰੀ ਦੇ ਪਰਚੇ ਦਰਜ ਕੀਤੇ ਜਾਣ ਅਤੇ ਜਿਨ੍ਹਾਂ ਸਰਕਾਰੀ ਅਧਿਕਾਰੀਆਂ ਨੇ ਕਾਨੂੰਨ ਲਾਗੂ ਕਰਨ ਵਿੱਚ ਲਾਪਰਵਾਹੀ ਵਰਤੀ ਹੈ, ਉਨ੍ਹਾਂ ਨੂੰ ਵੀ ਮੁਅੱਤਲ ਕਰਕੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





