ਬਲਾਚੌਰ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ) : ਸਾਂਝਾ ਕਿਸਾਨ ਮਜ਼ਦੂਰ ਮੋਰਚਾ (ਸਬੰਧਤ ਭਾਈ ਲਾਲੋ ਲੋਕ ਮੰਚ ਪੰਜਾਬ) ਦੇ ਜਨਰਲ ਸਕੱਤਰ ਸਾਥੀ ਕਰਨ ਸਿੰਘ ਰਾਣਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਭਾਜਪਾ ਅਤੇ ਆਮ ਆਦਮੀ ਪਾਰਟੀ ‘ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਹਿੰਦੂ ਭਾਈਚਾਰੇ ਨੂੰ ਪ੍ਰਭਾਵਿਤ ਕਰਨ ਅਤੇ ਵੋਟਾਂ ਬਟੋਰਨ ਲਈ ਦੋਵਾਂ ਪਾਰਟੀਆਂ ਵੱਲੋਂ ਜੋ ਹੱਥਕੰਡੇ ਵਰਤੇ ਜਾ ਰਹੇ ਹਨ, ਉਹ ਪੰਜਾਬ ਅਤੇ ਪੰਜਾਬੀਆਂ ਦੇ ਹਿੱਤ ਵਿੱਚ ਬਿਲਕੁਲ ਨਹੀਂ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਸ਼ੁਰੂ ਕੀਤੇ ‘ਇੱਕ ਸ਼ਾਮ ਸ਼ਿਵ ਕੇ ਨਾਮ’ ਪ੍ਰੋਗਰਾਮਾਂ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਇਨ੍ਹਾਂ ਜਗਰਾਤਿਆਂ ਅਤੇ ਭਜਨ ਕੀਰਤਨਾਂ ਦੇ ਨਾਂ ‘ਤੇ ਪੰਜਾਬ ਦੇ ਲੋਕਾਂ ਦੀ ਮਿਹਨਤ ਦੀ ਕਮਾਈ ਨੂੰ ਬੇਦਰਦੀ ਨਾਲ ਉਡਾਇਆ ਜਾ ਰਿਹਾ ਹੈ। ਉਨ੍ਹਾਂ ਮਿਸਾਲ ਦਿੰਦਿਆਂ ਦੱਸਿਆ ਕਿ ਪਿਛਲੇ ਦਿਨੀਂ ਗੁਰਦਾਸਪੁਰ ਵਿਖੇ ਹੋਏ ਪ੍ਰੋਗਰਾਮ ਦੌਰਾਨ ਹਿਮਾਚਲੀ ਗਾਇਕ ਹੰਸ ਰਾਜ ਰਘੂਬੰਸ਼ੀ ਨੇ ਆਪਣੀ 40 ਲੱਖ ਰੁਪਏ ਦੀ ਮੋਟੀ ਫੀਸ ਐਡਵਾਂਸ ਮੰਗ ਕੇ ਪ੍ਰਸ਼ਾਸਨ ਨੂੰ ਭਾਜੜਾਂ ਪਾ ਦਿੱਤੀਆਂ ਅਤੇ ਇਹ ਭਾਰੀ ਰਕਮ ਪੰਜਾਬ ਦੇ ਲੋਕਾਂ ਦੇ ਖ਼ਜ਼ਾਨੇ ਵਿੱਚੋਂ ਦਿਵਾਈ ਗਈ, ਜੋ ਕਿ ਬੇਹੱਦ ਚਿੰਤਾਜਨਕ ਹੈ। ਕਿਸਾਨ ਆਗੂ ਨੇ ਅੱਗੇ ਕਿਹਾ ਕਿ ਅਜਿਹੇ ਹੀ ਮਹਿੰਗੇ ਅਤੇ ਫ਼ਜ਼ੂਲਖ਼ਰਚੀ ਵਾਲੇ ਪ੍ਰੋਗਰਾਮ ਹੁਣ ਭਾਰਤੀ ਜਨਤਾ ਪਾਰਟੀ ਵੱਲੋਂ ਵੀ ਉਲੀਕੇ ਜਾ ਰਹੇ ਹਨ, ਜਿਸ ਵਿੱਚ ਮਹਿੰਗੇ ਗਾਇਕ ਕਨ੍ਹਈਆ ਮਿੱਤਲ ਨੂੰ ਸ਼ਾਮਲ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਦੋਵੇਂ ਸਿਆਸੀ ਪਾਰਟੀਆਂ ਸਿਰਫ਼ ਆਪਣੀਆਂ ਵੋਟਾਂ ਪੱਕੀਆਂ ਕਰਨ ਲਈ ਧਾਰਮਿਕ ਆਯੋਜਨਾਂ ਦਾ ਸਹਾਰਾ ਲੈ ਕੇ ਪੰਜਾਬੀਆਂ ਦੀ ਖ਼ੂਨ-ਪਸੀਨੇ ਦੀ ਕਮਾਈ ਨੂੰ ਬਰਬਾਦ ਕਰ ਰਹੀਆਂ ਹਨ। ਕਰਨ ਸਿੰਘ ਰਾਣਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੇਜਰੀਵਾਲ ਅਤੇ ਭਾਜਪਾ ਦੀ ਇਸ ਪਖੰਡ ਦੀ ਰਾਜਨੀਤੀ ਦਾ ਸਮਾਂ ਰਹਿੰਦੇ ਵਿਰੋਧ ਨਾ ਕੀਤਾ ਗਿਆ, ਤਾਂ ਇਹ ਪਾਰਟੀਆਂ ਪੰਜਾਬੀਆਂ ਨੂੰ ਆਰਥਿਕ ਤੌਰ ‘ਤੇ ਕੰਗਾਲ ਕਰ ਦੇਣਗੀਆਂ। ਇਸ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਦੇ ਨਾਲ ਭਾਈ ਲਾਲੋ ਲੋਕ ਮੰਚ ਦੇ ਸੂਬਾਈ ਆਗੂ ਬੀਬੀ ਚਰਨਜੀਤ ਕੌਰ ਅਤੇ ਜੋਗਾ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






