ਹੁਸ਼ਿਆਰਪੁਰ /ਗੜ੍ਹਸ਼ੰਕਰ (ਸਮਾਜ ਵੀਕਲੀ) ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਆਪਣੇ ਲੋਕਾਂ ਨਾਲ ਸਿੱਧੇ ਸੰਪਰਕ ਅਤੇ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਜਾਰੀ ਰੱਖਦਿਆਂ ਪਿੰਡ ਐਮਾ ਜੱਟਾਂ ਵਿਖੇ ਵਿਸ਼ੇਸ਼ ਲੋਕ ਮਿਲਣੀ ਪ੍ਰੋਗਰਾਮ ਕੀਤਾ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਦੇ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਲੋਕ ਮਿਲਣੀ ਦੌਰਾਨ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਦੇ ਨੌਜਵਾਨਾਂ ਲਈ ਵੱਡਾ ਤੋਹਫ਼ਾ ਦਿੰਦਿਆਂ 33 ਲੱਖ ਰੁਪਏ ਦੀ ਲਾਗਤ ਨਾਲ ਖੇਡ ਮੈਦਾਨ ਦੇ ਨਵਨੀਕਰਨ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ, ਕਿਉਂਕਿ ਸਿਹਤਮੰਦ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਅਤੇ ਹਰ ਵਰਗ ਦੇ ਲੋਕਾਂ ਤੱਕ ਵਿਕਾਸ ਦੀ ਰੌਸ਼ਨੀ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਸਿੱਖਿਆ, ਸਿਹਤ, ਖੇਡਾਂ, ਸੜਕਾਂ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਚਲਾਏ ਜਾ ਰਹੇ ਹਨ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਸਰਕਾਰ ਅਤੇ ਲੋਕਾਂ ਵਿਚਕਾਰ ਦੂਰੀ ਘਟਾਉਣਾ ਹੈ ਤਾਂ ਜੋ ਆਮ ਨਾਗਰਿਕ ਨੂੰ ਆਪਣੇ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕਾ ਗੜ੍ਹਸ਼ੰਕਰ ਦਾ ਹਰ ਪਿੰਡ ਵਿਕਾਸ ਦੇ ਪੱਖੋਂ ਇੱਕ ਮਿਸਾਲ ਬਣੇਗਾ ਅਤੇ ਲੋਕਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਪਿੰਡ ਵਾਸੀਆਂ ਨੇ ਖੇਡ ਮੈਦਾਨ ਦੇ ਨਵਨੀਕਰਨ ਲਈ 33 ਲੱਖ ਰੁਪਏ ਦੀ ਮਨਜ਼ੂਰੀ ਦੇਣ ‘ਤੇ ਡਿਪਟੀ ਸਪੀਕਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਪਿੰਡ ਦੇ ਨੌਜਵਾਨਾਂ ਨੂੰ ਉੱਚ ਪੱਧਰੀ ਖੇਡ ਸਹੂਲਤਾਂ ਮਿਲਣਗੀਆਂ ਅਤੇ ਉਹ ਰਾਜ ਅਤੇ ਦੇਸ਼ ਪੱਧਰ ਦੀਆਂ ਖੇਡਾਂ ਵਿੱਚ ਆਪਣਾ ਨਾਮ ਰੌਸ਼ਨ ਕਰਨ ਦੇ ਯੋਗ ਬਣਨਗੇ।ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਿੰਡਾਂ ਦੀ ਪੰਚਾਇਤਾਂ ਵੀ ਹਾਜ਼ਰ ਰਹੀਆ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly






