ਸ੍ਰੀ ਅਨੰਦਪੁਰ ਸਾਹਿਬ, (ਸਮਾਜ ਵੀਕਲੀ) — ਵਾਤਾਵਰਣ ਨੂੰ ਸਮਰਪਿਤ ਸੰਸਥਾਵਾਂ ਅਲਾਇੰਸ ਕਲੱਬ ਇੰਟਰਨੈਸ਼ਨਲ ਸ੍ਰੀ ਅਨੰਦਪੁਰ ਸਾਹਿਬ ਅਤੇ ਆਸਰਾ ਫਾਊਂਡੇਸ਼ਨ (ਰਜਿ:) ਵੱਲੋਂ ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਲਈ ਚਲਾਈ ਜਾ ਰਹੀ ‘ਘਰ-ਘਰ ਹਰਿਆਵਲ’ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਭਾਈ ਰਜਿੰਦਰ ਸਿੰਘ ਰਾਹੀ, ਮਹੱਲਾ ਕਿਲਾ ਫਤਿਹਗੜ੍ਹ ਸਾਹਿਬ ਵਿਖੇ ਵੱਖ-ਵੱਖ ਕਿਸਮਾਂ ਦੇ ਫਲਦਾਰ ਅਤੇ ਛਾਂ-ਦਾਰ ਬੂਟੇ ਲਗਾਏ ਗਏ। ਇਸ ਮੌਕੇ ਅਲਾਇੰਸ ਕਲੱਬ ਇੰਟਰਨੈਸ਼ਨਲ ਦੇ ਸਾਬਕਾ ਗਵਰਨਰ ਡਾ. ਹਰਦਿਆਲ ਸਿੰਘ ਪੰਨੂ, ਅਲਾਇੰਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਦਵਿੰਦਰਪਾਲ ਸਿੰਘ ਅਤੇ ਆਸਰਾ ਫਾਊਂਡੇਸ਼ਨ ਦੇ ਪ੍ਰਧਾਨ ਜਸਦੀਪ ਸਿੰਘ ਧਾਰੀਵਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਡਾ. ਹਰਦਿਆਲ ਸਿੰਘ ਪੰਨੂ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰ ਵਿਅਕਤੀ ਨੂੰ ਆਪਣੇ ਜੀਵਨ ਵਿੱਚ ਵੱਧ ਤੋਂ
ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਹਰਿਆਵਲ ਹੀ ਸਿਹਤਮੰਦ ਅਤੇ ਸੁਖਦਾਈ ਜੀਵਨ ਦਾ ਆਧਾਰ ਹੈ। ਭਾਈ ਰਜਿੰਦਰ ਸਿੰਘ ਰਾਹੀ ਨੇ ਕਿਹਾ ਕਿ ਆਪਣੇ ਘਰ ਅਤੇ ਆਲੇ-ਦੁਆਲੇ ਬੂਟੇ ਲਗਾਉਣ ਨਾਲ ਵਾਤਾਵਰਣ ਸੁੰਦਰ ਹੋਣ ਦੇ ਨਾਲ-ਨਾਲ ਸਾਨੂੰ ਸਾਫ਼ ਅਤੇ ਸ਼ੁੱਧ ਹਵਾ ਵੀ ਮਿਲਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨਾਲ ਜੁੜ ਕੇ ਆਪਣੇ ਘਰਾਂ ਅਤੇ ਆਲੇ-ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ। ਅਲਾਇੰਸ ਕਲੱਬ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਦਵਿੰਦਰਪਾਲ ਸਿੰਘ ਨੇ ਕਿਹਾ ਕਿ ‘ਘਰ-ਘਰ ਹਰਿਆਵਲ’ ਮੁਹਿੰਮ ਨੂੰ ਹੋਰ ਵੱਡੇ ਪੱਧਰ ’ਤੇ ਲਿਜਾਇਆ ਜਾਵੇਗਾ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਕਰਨਾ ਵੀ ਸਾਡਾ ਫਰਜ਼ ਹੈ। ਆਸਰਾ ਫਾਊਂਡੇਸ਼ਨ ਦੇ ਪ੍ਰਧਾਨ ਜਸਦੀਪ ਸਿੰਘ ਧਾਰੀਵਾਲ ਨੇ ਕਿਹਾ ਕਿ ਆਸਰਾ ਫਾਊਂਡੇਸ਼ਨ ਵੱਲੋਂ ਵਾਤਾਵਰਣ ਦੀ ਸੰਭਾਲ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਦੇਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਹਾਜ਼ਰ ਸਮੂਹ ਮੈਂਬਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਨਿਯਮਤ ਤੌਰ ’ਤੇ ਸੰਭਾਲ ਕਰਨ, ਤਾਂ ਜੋ ਸ੍ਰੀ ਅਨੰਦਪੁਰ ਸਾਹਿਬ ਨੂੰ ਹੋਰ ਵੀ ਹਰਾ-ਭਰਾ ਅਤੇ ਸੁੰਦਰ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਬੂਟੇ ਲਗਵਾਉਣ ਦੇ ਚਾਹਵਾਨ ਸਾਡੀ ਸੰਸਥਾ ਨਾਲ ਸੰਪਰਕ (99157-13231) ਕਰ ਸਕਦੇ ਹਨ ਬੂਟੇ ਸਾਡੇ ਵਲੋਂ ਫਰੀ ਲਗਾਏ ਜਾਣਗੇ। ਇਸ ਮੌਕੇ ਅੰਕੁਸ਼ ਕੁਮਾਰ, ਗੁਰਪ੍ਰੀਤ ਸਿੰਘ ਗੋਲਡੀ, ਮਾਸਟਰ ਸੰਜੀਵ ਧਰਮਾਣੀ, ਧੀਰਜ ਘਈ, ਪੁਸ਼ਪਿੰਦਰ ਸਿੰਘ, ਦੁਰੋਹਿਨ ਘਈ, ਰਾਜ ਘਈ ਆਦਿ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly






