ਬਰਨਾਲਾ (ਸਮਾਜ ਵੀਕਲੀ) (ਗੁਰਭਿੰਦਰ ਸਿੰਘ ਗੂਰੀ) ਧਾਰਮਿਕ ਚੇਤਨਾ ਦੇ ਪ੍ਰਚਾਰ-ਪ੍ਰਸਾਰ ਅਤੇ ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਨਿਰੰਤਰ ਯਤਨਸ਼ੀਲ ਗਿਆਨੀ ਕਰਮ ਸਿੰਘ ਭੰਡਾਰੀ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਰਨਾਲਾ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਵਤਾਰ ਸਿੰਘ ਰਾਏਸਰ ਨੇ ਕਿਹਾ ਕਿ ਗਿਆਨੀ ਕਰਮ ਸਿੰਘ ਭੰਡਾਰੀ ਧਾਰਮਿਕ, ਸਮਾਜਿਕ ਅਤੇ ਵਿਦਿਅਕ ਖੇਤਰ ਵਿੱਚ ਅਣਮੁੱਲਾ ਯੋਗਦਾਨ ਪਾਉਣ ਵਾਲੀ ਵਿਲੱਖਣ ਸ਼ਖ਼ਸੀਅਤ ਹਨ। ਉਹ ਪਿਛਲੇ ਲੰਬੇ ਸਮੇਂ ਤੋਂ ਗੁਰੂ ਸਾਹਿਬਾਨ ਦੇ ਜੀਵਨ, ਗੁਰਬਾਣੀ ਅਤੇ ਸਿੱਖ ਇਤਿਹਾਸ ਸਬੰਧੀ ਖੋਜ-ਅਧਾਰਿਤ ਅਤੇ ਪ੍ਰਮਾਣਿਕ ਜਾਣਕਾਰੀ ਲੋਕਾਂ ਤੱਕ ਪਹੁੰਚਾ ਕੇ ਸਮਾਜ ਨੂੰ ਸਹੀ ਦਿਸ਼ਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਗਿਆਨੀ ਕਰਮ ਸਿੰਘ ਭੰਡਾਰੀ ਵੱਲੋਂ ਤਿਆਰ ਕੀਤਾ ਗਿਆ ਪੈਂਫਲਿਟ “ਮਾਨਵਤਾ ਦੇ ਰਹਿਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਮੁੱਢਲੀ ਜਾਣਕਾਰੀ” ਬਹੁਤ ਹੀ ਲਾਹੇਵੰਦ ਅਤੇ ਗਿਆਨਵਰਧਕ ਪ੍ਰਕਾਸ਼ਨ ਹੈ, ਜਿਸ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਰਨਾਲਾ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਹੈ। ਇਹ ਪੈਂਫਲਿਟ ਵਿਦਿਆਰਥੀਆਂ ਅਤੇ ਆਮ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਤਿਹਾਸ, ਮਹੱਤਵ ਅਤੇ ਸਿੱਖੀ ਦੇ ਮੂਲ ਸਿਧਾਂਤਾਂ ਨਾਲ ਜਾਣੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਰਾਏਸਰ ਨੇ ਦੱਸਿਆ ਕਿ ਗਿਆਨੀ ਕਰਮ ਸਿੰਘ ਭੰਡਾਰੀ ਨੇ ਮਿਆਰੀ ਪੱਤਰਕਾਰੀ ਦੇ ਖੇਤਰ ਵਿੱਚ ਵੀ ਲੰਮਾ ਸਮਾਂ ਸੇਵਾ ਨਿਭਾਈ ਹੈ ਅਤੇ ਆਪਣੇ ਵਿਦਵਤਾਪੂਰਨ ਲੇਖਾਂ ਰਾਹੀਂ ਸਮਾਜ ਨੂੰ ਜਾਗਰੂਕ ਕਰਨ ਦਾ ਮਹੱਤਵਪੂਰਨ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਭੰਡਾਰੀ ਆਪਣੇ ਆਪ ਵਿੱਚ ਇੱਕ ਸੰਸਥਾ ਦਾ ਰੂਪ ਧਾਰ ਚੁੱਕੇ ਹਨ ਅਤੇ ਉਨ੍ਹਾਂ ਦੀਆਂ ਰਚਨਾਵਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਸਰੋਤ ਬਣਨਗੀਆਂ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸ ਪੈਂਫਲਿਟ ਨੂੰ ਇਲਾਕੇ ਦੇ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਤੱਕ ਪਹੁੰਚਾਇਆ ਜਾਵੇਗਾ। ਇਸ ਨੂੰ ਪੜ੍ਹਨ ਤੋਂ ਬਾਅਦ ਵਿਦਿਆਰਥੀਆਂ ਦੇ ਗਿਆਨ ਦੀ ਪਰਖ ਲਈ ਮੁਕਾਬਲੇ ਦੇ ਟੈਸਟ ਕਰਵਾਏ ਜਾਣਗੇ ਅਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ, ਤਾਂ ਜੋ ਬੱਚਿਆਂ ਵਿੱਚ ਧਾਰਮਿਕ ਇਤਿਹਾਸ ਪ੍ਰਤੀ ਰੁਚੀ ਅਤੇ ਪੜ੍ਹਨ ਦੀ ਆਦਤ ਨੂੰ ਹੋਰ ਉਤਸ਼ਾਹ ਮਿਲੇ। ਗਿਆਨੀ ਕਰਮ ਸਿੰਘ ਭੰਡਾਰੀ ਵੱਲੋਂ ਤਿਆਰ ਕੀਤੇ 15 ਪੰਨਿਆਂ ਦੇ ਇਸ ਵਿਸਥਾਰਪੂਰਵਕ ਲੇਖ ਵਿੱਚ ਇਹ ਵੀ ਬਹੁਤ ਹੀ ਸਰਲ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂਆਂ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਰੂਪ ਵਿੱਚ ਕਦੋਂ, ਕਿਉਂ ਅਤੇ ਕਿਵੇਂ ਸੰਕਲਿਤ ਕੀਤਾ। ਇਸ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ, ਸਰਬ-ਸਾਂਝੀਵਾਲਤਾ ਅਤੇ ਮਾਨਵਤਾ ਨੂੰ ਦਿੱਤੇ ਸੰਦੇਸ਼ ਬਾਰੇ ਵੀ ਪ੍ਰਮਾਣਿਕ ਜਾਣਕਾਰੀ ਪ੍ਰਦਾਨ ਕੀਤੀ ਗਈ ਹੈ। ਇਸ ਮੌਕੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਰਨਾਲਾ ਵਿਖੇ ਅਵਤਾਰ ਸਿੰਘ ਰਾਏਸਰ, ਸ੍ਰੀ ਰਜਿੰਦਰ ਸਿੰਘ ਦਰਾਕਾ, ਮੈਨੇਜਰ ਗੁਰਦੀਪ ਸਿੰਘ ਛੀਨੀਵਾਲ ਅਤੇ ਕਾਲਾ ਸਿੰਘ ਨੇ ਗਿਆਨੀ ਕਰਮ ਸਿੰਘ ਭੰਡਾਰੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਧਾਰਮਿਕ, ਸਾਹਿਤਕ ਅਤੇ ਸਮਾਜਿਕ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ। ਬੁਲਾਰਿਆਂ ਨੇ ਆਸ ਪ੍ਰਗਟਾਈ ਕਿ ਗਿਆਨੀ ਕਰਮ ਸਿੰਘ ਭੰਡਾਰੀ ਭਵਿੱਖ ਵਿੱਚ ਵੀ ਆਪਣੀ ਕਲਮ ਰਾਹੀਂ ਸਿੱਖ ਇਤਿਹਾਸ ਅਤੇ ਗੁਰਬਾਣੀ ਦੇ ਅਮੁੱਲੇ ਖ਼ਜ਼ਾਨੇ ਨੂੰ ਲੋਕਾਂ ਤੱਕ ਪਹੁੰਚਾਉਂਦੇ ਰਹਿਣਗੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






