ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਿੰਡ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਦੇ ਦਿੱਤੇ ਨਿਰਦੇਸ਼
ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਅਤੇ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਨੇ ਹੁਸ਼ਿਆਰਪੁਰ ਉਪ ਮੰਡਲ ਦੇ ਪਿੰਡ ਬਹੇੜਾ, ਬੜੀ ਖੱਡ ਤੇ ਕੁਕਾਨੇਟ ਦਾ ਦੌਰਾ ਕੀਤਾ। ਇਹ ਦੌਰਾ ਪਿੰਡਾਂ ਵਿਚ ਪਿਛਲੇ ਦਿਨੀ ਆਈ ਭਾਰੀ ਬਾਰਿਸ਼ ਦੇ ਕਾਰਨ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਦੀਆਂ ਸਮੱਸਿਆਵਾਂ ਦਾ ਹੱਲ ਤੁਰੰਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿਚ ਪਏ ਮੀਂਹ ਦੇ ਕਾਰਨ ਸੜਕਾਂ ਦੇ ਟੁੱਟਣ ਅਤੇ ਬਿਜਲੀ ਦੇ ਖੰਭਿਆਂ ਦੇ ਡਿੱਗਣ ਨਾਲ ਪਿੰਡ ਵਾਸੀਆਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕਾਂ ਟੁੱਟਣ ਨਾਲ ਪਿੰਡਾਂ ਵਿਚ ਆਵਾਜਾਈ ਵਿਵਸਥਾ ਪ੍ਰਭਾਵਿਤ ਹੋਈ ਹੈ, ਜੋ ਕਿ ਬਿਜਲੀ ਦੇ ਖੰਭਿਆ ਦੇ ਡਿੱਗਣ ਨਾਲ ਬਿਜਲੀ ਸਪਲਾਈ ਠੱਪ ਹੋ ਗਈ ਹੈ। ਇਸ ਤੋਂ ਇਲਾਵਾ ਪਿੰਡਾਂ ਦੇ ਚਾਰੇ ਪਾਸੇ ਚੋਅ ਹੋਣ ਕਾਰਨ ਭਾਰੀ ਨੁਕਸਾਨ ਹੋਇਆ ਹੈ। ਏ.ਡੀ.ਸੀ ਨੇ ਲੋਕ ਨਿਰਮਾਣ ਵਿਭਾਗ ਨੂੰ ਸੜਕਾਂ ਦੀ ਮੁਰੰਮਤ ਦਾ ਕੰਮ ਤੁਰੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਪਾਵਰ ਕਾਰਪੋਰੇਸ਼ਨ ਨੂੰ ਡਿੱਗੇ ਬਿਜਲੀ ਦੇ ਖੰਭਿਆਂ ਨੂੰ ਫਿਰ ਤੋਂ ਖੜ੍ਹਾ ਕਰਕੇ ਬਿਜਲੀ ਸਪਲਾਈ ਨੂੰ ਚਾਲੂ ਕਰਨ ਦੇ ਨਿਰਦੇਸ਼ ਦਿੱਤੇ ਗਏ। ਭੂਮੀ ਸੰਭਾਲ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਜਲ ਨਿਕਾਸੀ ਅਤੇ ਭੂਮੀ ਸੰਭਾਲ ਦੇ ਜ਼ਰੂਰੀ ਕਦਮ ਚੁੱਕਣ ਦੀ ਸਲਾਹ ਦਿੱਤੀ ਗਈ ਹੈ। ਨਿਰਦੇਸ਼ਾਂ ਮੁਤਾਬਿਕ ਸਾਰੇ ਵਿਭਾਗਾਂ ਨੇ ਕੰਮ ਸ਼ੁਰੂ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹੁਸ਼ਿਆਰਪੁਰ ਆਮਦ ’ਤੇ ਹੁਸ਼ਿਆਰਪੁਰ ਉਪ ਮੰਡਲ ਦੇ ਪਿੰਡ ਬਹੇੜਾ, ਬੜੀ ਖੱਡ ਤੇ ਕੁਕਾਨੇਟ ਦੇ ਲੋਕਾਂ ਵੱਲੋਂ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਭੇਟ ਕੀਤਾ ਗਿਆ ਸੀ, ਜਿਸ ਵਿਚ ਉਨ੍ਹਾਂ ਭਾਰੀ ਬਾਰਿਸ਼ ਦੇ ਕਾਰਨ ਉਕਤ ਪਿੰਡਾਂ ਵਿਚ ਹੋਏ ਨੁਕਸਾਨ ਦੇ ਬਾਰੇ ਵਿਚ ਦੱਸਿਆ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly