ਤਹਿਸੀਲਦਾਰ ਪਰਮਜੀਤ ਸਿੰਘ ਰਾਹੀਂ ਘਰਾਂ, ਦੁਕਾਨਾਂ, ਫਸਲਾਂ ਆਦਿਕ ਮੁਆਵਜ਼ੇ ਦੀ ਮੰਗ
ਫਰੀਦਕੋਟ/ ਭਲੂਰ 31 ਜੁਲਾਈ (ਬੇਅੰਤ ਗਿੱਲ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ, ਨਵਦੀਪ ਸਿੰਘ ਬੱਬੂ ਬਰਾੜ ਜਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਜੈ ਪ੍ਰਕਾਸ਼ ਸ਼ਰਮਾ, ਦਿਹਾਤੀ ਪ੍ਰਧਾਨ ਅਮਰਜੀਤ ਸਿੰਘ ਸੁੱਖਾ ਖਾਰਾ ਦੀ ਅਗਵਾਈ ਹੇਠ ਭਾਰੀ ਗਿਣਤੀ ਵਿੱਚ ਪਾਰਟੀ ਆਗੂਆਂ ਤੇ ਵਰਕਰਾਂ ਨੇ ਤਹਿਸੀਲਦਾਰ ਪਰਮਜੀਤ ਸਿੰਘ ਬਰਾੜ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਸੌਂਪ ਕੇ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਮੁਆਵਜਾ ਜਾਰੀ ਕਰਾਉਣ ਦੀ ਮੰਗ ਕੀਤੀ। ਉਹਨਾਂ ਆਖਿਆ ਕਿ ਪੰਜਾਬ ਵਿੱਚ ਆਏ ਭਿਆਨਕ ਹੜਾਂ ਕਾਰਨ ਪੰਜਾਬ ਭਰ ਵਿੱਚ ਜੋ ਤਬਾਹੀ ਹੋਈ ਹੈ, ਉਸ ਸਾਰੇ ਨੁਕਸਾਨ ਦੀ ਭਰਪਾਈ ਲਈ ਸਰਕਾਰ ਵਲੋਂ ਤੁਰੰਤ ਰਾਹਤ ਦੀ ਲੋੜ ਹੈ। ਇਸ ਮੌਕੇ ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਭੁਪਿੰਦਰ ਸਿੰਘ ਸੱਗੂ ਸਮੇਤ ਵੱਖ ਵੱਖ ਵਾਰਡਾਂ ਦੇ ਕੌਂਸਲਰ, ਪਿੰਡਾਂ ਦੇ ਪੰਚ-ਸਰਪੰਚ, ਬਲਾਕ ਕਾਂਗਰਸੀ ਕਮੇਟੀ ਸ਼ਹਿਰੀ ਅਤੇ ਦਿਹਾਤੀ ਦੇ ਅਹੁਦੇਦਾਰ, ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਦੇ ਕਾਂਗਰਸੀ ਆਗੂ ਤੇ ਵਰਕਰ ਭਾਰੀ ਗਿਣਤੀ ਵਿੱਚ ਹਾਜ਼ਰ ਸਨ। ਉਹਨਾਂ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾ ਨੂੰ ਘੱਟੋ ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਦਿੱਤਾ ਜਾਵੇ, ਕਿਉਂਕਿ ਪੰਜਾਬ ਵਿੱਚ ਲਗਭਗ ਪੰਜ ਲੱਖ ਏਕੜ ਵਿੱਚ ਫਸਲਾਂ ਪੂਰੀ ਤਰਾਂ ਤਬਾਹ ਹੋ ਗਈਆਂ ਹਨ, ਜਿਸ ਨਾਲ ਕਿਸਾਨ ਭਾਈਚਾਰੇ ਦਾ ਭਾਰੀ ਨੁਕਸਾਨ ਹੋਇਆ ਹੈ। ਉਹਨਾਂ ਨੁਕਸਾਨੇ ਗਏ ਘਰਾਂ/ਮਕਾਨਾ ਲਈ ਪੰਜ ਲੱਖ ਰੁਪਏ ਪ੍ਰਤੀ ਪਰਿਵਾਰ ਮੁਆਵਜਾ, ਹੜ੍ਹਾਂ ਦੀ ਭੇਂਟ ਚੜੇ ਪਰਿਵਾਰਾਂ ਦੇ ਮੁੱਖੀ ਦੀ ਮੌਤ ’ਤੇ 10 ਲੱਖ ਰੁਪਏ ਪ੍ਰਤੀ ਵਿਅਕਤੀ ਜਦਕਿ ਜਖਮੀ ਹੋਏ ਲੋਕਾਂ ਨੂੰ ਪੰਜ ਲੱਖ ਰੁਪਏ ਪ੍ਰਤੀ ਵਿਅਕਤੀ ਮੱਦਦ ਦਿੱਤੀ ਜਾਵੇ। ਉਹਨਾ ਆਖਿਆ ਕਿ ਜਿੰਨਾ ਦੁਕਾਨਦਾਰਾਂ ਦਾ ਭਾਰੀ ਨੁਕਸਾਨ ਹੋਇਆ ਹੈ, ਉਹਨਾਂ ਨੂੰ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ, ਕੁਦਰਤੀ ਆਫਤ ਵਿੱਚ ਮਾਰੇ ਗਏ ਪਸ਼ੂਆਂ ਦੇ ਮਾਲਕਾਂ ਨੂੰ 50 ਹਜਾਰ ਰੁਪਏ ਪ੍ਰਤੀ ਪਸ਼ੂ ਆਰਥਿਕ ਮੱਦਦ ਮੁਹੱਈਆ ਕਰਵਾਈ ਜਾਵੇ। ਉਹਨਾ ਕਿਹਾ ਕਿ ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਦੀ ਮੁਰੰਮਤ ਅਤੇ ਪੁਨਰ ਨਿਰਮਾਣ ਸ਼ੁਰੂ ਕਰਨ ਲਈ ਵੀ ਵਿੱਤੀ ਸਹਾਇਤਾ ਦੀ ਲੋੜ ਹੈ, ਜਿਸ ਵਿੱਚ ਸੜਕਾਂ, ਪੁਲਾਂ, ਸਕੂਲਾਂ, ਹਸਪਤਾਲਾਂ ਆਦਿ ਦੇ ਹੜਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਕਰਵਾਈ ਜਾਵੇ। ਕਾਂਗਰਸੀ ਆਗੂਆਂ ਨੇ ਮੈਡਮ ਵੀਰਪਾਲ ਕੌਰ ਐਸਡੀਐਮ ਦੀ ਗੈਰ ਹਾਜਰੀ ਵਿੱਚ ਤਹਿਸੀਲਦਾਰ ਪਰਮਜੀਤ ਸਿੰਘ ਬਰਾੜ ਨੂੰ ਮੰਗ ਪੱਤਰ ਸੌਂਪਦਿਆਂ ਆਖਿਆ ਕਿ ਉਕਤ ਸਾਰੇ ਕੰਮਾਂ ਨੂੰ ਨੇਪਰੇ ਚਾੜਨ ਅਤੇ ਲੋਕਾਂ ਦੀ ਜਿੰਦਗੀ ਨੂੰ ਮੁੜ ਲੀਹ ’ਤੇ ਲਿਆਉਣ ਲਈ ਸਰਕਾਰ ਵਲੋਂ ਲੋੜੀਂਦੇ ਫੰਡ ਜਾਰੀ ਕਰਵਾਉਣ ਦੀ ਸਾਡੀ ਮੰਗ ਨੂੰ ਤੁਹਾਡੇ ਦਫਤਰ ਰਾਹੀਂ ਸਰਕਾਰ ਤੱਕ ਪਹੁੰਚਾਉਣ ਲਈ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਤਹਿਸੀਲਦਾਰ ਪਰਮਜੀਤ ਸਿੰਘ ਬਰਾੜ ਨੇ ਵਿਸ਼ਵਾਸ਼ ਦਿਵਾਇਆ ਕਿ ਡਿਪਟੀ ਕਮਿਸ਼ਨਰ ਫਰੀਦਕੋਟ ਦੇ ਦਫਤਰ ਰਾਹੀਂ ਉਕਤ ਪੱਤਰ ਜਲਦ ਮੁੱਖ ਮੰਤਰੀ ਪੰਜਾਬ ਦੇ ਚੰਡੀਗੜ ਵਿਖੇ ਸਥਿੱਤ ਦਫਤਰ ਵਿੱਚ ਭੇਜ ਦਿੱਤਾ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly