ਨਵੀਂ ਦਿੱਲੀ (ਸਮਾਜ ਵੀਕਲੀ):ਕੇਂਦਰੀ ਵਿਦੇਸ਼ ਮੰਤਰਾਲੇ ਨੇ ਚੀਨ ਵੱਲੋਂ ਪੂਰਬੀ ਲੱਦਾਖ ਨੇੜੇ ਆਪਣੀਆਂ ਫੌਜਾਂ ਦੇ ਵੱਡੇ ਪੱਧਰ ’ਤੇ ਇਕੱਠ ਅਤੇ ਹਥਿਆਰਾਂ ਦਾ ਜ਼ਖੀਰਾ ਇਕੱਠਾ ਕਰਨ ਦੀ ਨਿੰਦਾ ਕਰਦਿਆਂ ਚੀਨ ਦੇ ਵਿਦੇਸ਼ ਮੰਤਰਾਲੇ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਜ਼ਾਓ ਲਿਜੀਆਨ ਨੇ ਹਾਲ ਹੀ ਵਿੱਚ ਦਿੱਤੇ ਬਿਆਨ ਵਿੱਚ ਕਿਹਾ ਸੀ ਕਿ ਲੱਦਾਖ ਦੀ ਸਰਹੱਦ ਨੇੜੇ ਇਕੱਠੀ ਕੀਤੀ ਗਈ ਫੌਜ ਅਤੇ ਜਮ੍ਹਾਂ ਕੀਤਾ ਗਿਆ ਅਸਲਾ ਚੀਨ ’ਤੇ ਕਿਸੇ ਵੀ ਸੰਭਾਵੀ ਹਮਲੇ ਜਾਂ ਚੀਨੀ ਜ਼ਮੀਨ ਨੂੰ ਹੜਪਣ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਸਬੰਧੀ ਕਾਰਵਾਈ ਹੈ।
ਇਸ ਬਿਆਨ ’ਤੇ ਪ੍ਰਤੀਕਿਰਿਆ ਦਿੰਦਿਆਂ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਚੀਨ ਦੀ ਇਹ ਕਾਰਵਾਈ ਲੱਦਾਖ ਖੇਤਰ ਵਿੱਚ ਸ਼ਾਂਤੀ ਨੂੰ ਭੰਗ ਕਰਨ ਵਾਲੀ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਚੀਨ ਵੱਲੋਂ ਅਸਲ ਕੰਟਰੋਲ ਰੇਖਾ ਸਬੰਧੀ ਨਿਯਮਾਂ ਦੀ ਵੀ ਉਲੰਘਣਾ ਕੀਤੀ ਜਾ ਰਹੀ ਹੈ। ਇਸੇ ਦੌਰਾਨ ਭਾਰਤ ਤੇ ਚੀਨ ਵਿਚਾਲੇ ਇਸ ਹਫਤੇ ਹੋਣ ਵਾਲੀ ਸੰਭਾਵੀ ਗੱਲਬਾਤ ਬਾਰੇ ਭਾਰਤੀ ਵਿਦੇਸ਼ ਮੰਤਰਾਲੇ ਨੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly