ਵਿਸਾਖੀ ਮਨਾਉਣ ਲਈ 1949 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਅੰਮ੍ਰਿਤਸਰ (ਸਮਾਜ ਵੀਕਲੀ):  ਗੁਰਦੁਆਰਾ ਪੰਜਾ ਸਾਹਿਬ (ਹਸਨ ਅਬਦਾਲ) ਪਾਕਿਸਤਾਨ ਵਿਖੇ ਵਿਸਾਖੀ ਮਨਾਉਣ ਅਤੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਅੱਜ ਭਾਰਤ ਤੋਂ 1949 ਮੈਂਬਰੀ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਰਵਿੰਦਰ ਸਿੰਘ ਖਾਲਸਾ ਦੀ ਅਗਵਾਈ ਹੇਠ ਅਟਾਰੀ-ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ। ਵਾਹਗਾ ਪੁੱਜਣ ’ਤੇ ਪੀਐਸਜੀਪੀਸੀ ਦੇ ਪ੍ਰਧਾਨ ਅਮੀਰ ਸਿੰਘ ਤੇ ਹੋਰ ਪਾਕਿਸਤਾਨੀ ਸਿੱਖਾਂ ਵੱਲੋਂ ਜਥੇ ਦਾ ਸਵਾਗਤ ਕੀਤਾ ਗਿਆ।

ਪਾਕਿਸਤਾਨੀ ਸਫਾਰਤਖਾਨੇ ਵੱਲੋਂ 2200 ਸ਼ਰਧਾਲੂਆਂ ਨੂੰ ਵੀਜ਼ਾ ਦਿੱਤਾ ਸੀ ਪਰ 1949 ਸ਼ਰਧਾਲੂ ਹੀ ਪਾਕਿਸਤਾਨ ਗਏ ਹਨ। ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਲਗਪਗ 705 ਸ਼ਰਧਾਲੂ ਪਾਕਿਸਤਾਨ ਗਏ। ਇਸ ਜਥੇ ਵਿਚ ਬਲਵਿੰਦਰ ਸਿੰਘ ਵੇਈਂਪੂਈਂ, ਭੁਪਿੰਦਰ ਸਿੰਘ ਭਲਵਾਨ, ਜੋਗਿੰਦਰ ਕੌਰ ਅਤੇ ਜਨਰਲ ਪ੍ਰਬੰਧਕ ਵਜੋਂ ਵਰਿੰਦਰ ਸਿੰਘ ਠਰੂ ਆਦਿ ਰਵਾਨਾ ਹੋਏ ਹਨ। ਪਾਕਿਸਤਾਨ ਸਰਕਾਰ ਵੱਲੋਂ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਵਾਹਗਾ ਰੇਲਵੇ ਸਟੇਸ਼ਨ (ਪਾਕਿਸਤਾਨ) ਤੋਂ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਗੁਰਦੁਆਰਾ ਪੰਜਾ ਸਾਹਿਬ ਦੇ ਦਰਸ਼ਨਾਂ ਵਾਸਤੇ ਲਿਜਾਇਆ ਗਿਆ।

ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਅਕਾਲੀ ਦਲ (ਸਰਨਾ), ਜੰਮੂ-ਕਸ਼ਮੀਰ ਤੋਂ ਸਿੱਖ ਜਥਾ, ਰਾਜਸਥਾਨ, ਉੱਤਰ ਪ੍ਰਦੇਸ਼ ਦੇ ਸਿੱਖ ਜਥਿਆਂ ਤੋਂ ਇਲਾਵਾ ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਫਿਰੋਜ਼ਪੁਰ, ਖਾਲੜਾ ਮਿਸ਼ਨ ਕਮੇਟੀ, ਨਨਕਾਣਾ ਸਾਹਿਬ ਸਿੱਖ ਯਾਤਰੀ ਜਥਾ ਪੁਤਲੀਘਰ ਆਦਿ ਦੇ ਮੈਂਬਰ ਸ਼ਾਮਲ ਸਨ। ਇਸ ਦੌਰਾਨ ਇੱਕ ਪਾਲਕੀ ਭੇਜੀ ਗਈ ਹੈ ਜਿਸ ਨੂੰ ਗੁਰਦੁਆਰਾ ਸ੍ਰੀ ਸ਼ਿਕਾਰਪੁਰ ਸਾਹਿਬ ਵਿਖੇ ਸੁਸ਼ੋਭਿਤ ਕੀਤਾ ਜਾਵੇਗਾ।

ਜਥੇ ਦੇ ਪਾਕਿਸਤਾਨ ਲਈ ਰਵਾਨਾ ਹੋਣ ਤੋਂ ਪਹਿਲਾਂ ਰਵਿੰਦਰ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਪੰਜਾ ਸਾਹਿਬ ਵਿਖੇ 14 ਅਪਰੈਲ ਨੂੰ ਵਿਸਾਖੀ (ਖਾਲਸੇ ਦਾ ਸਾਜਨਾ ਦਿਵਸ) ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਉਪਰੰਤ 15 ਅਪਰੈਲ ਨੂੰ ਜਥਾ ਨਨਕਾਣਾ ਸਾਹਿਬ ਪਹੁੰਚੇਗਾ। 16 ਅਪਰੈਲ ਨੂੰ ਜਥਾ ਨਨਕਾਣਾ ਸਾਹਿਬ ਤੋਂ ਗੁਰਦਆਰਾ ਸੱਚਾ ਸੌਦਾ (ਫਾਰੂਕਾਬਾਦ) ਦੇ ਦਰਸ਼ਨ ਕਰ ਕੇ ਸ਼ਾਮ ਨੂੰ ਮੁੜ ਨਨਕਾਣਾ ਸਾਹਿਬ ਪਰਤੇਗਾ। 17 ਅਪਰੈਲ ਨੂੰ ਜਥਾ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪੁੱਜੇਗਾ। 19 ਅਪਰੈਲ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਜਥਾ ਵਾਪਸ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਪਰਤ ਆਵੇਗਾ। 20 ਅਪਰੈਲ ਨੂੰ ਸਿੱਖ ਜਥਾ ਗੁਰਦੁਆਰਾ ਰੋੜੀ ਸਾਹਿਬ ਦੇ ਦਰਸ਼ਨ ਕਰ ਕੇ ਲਾਹੌਰ ਪਰਤੇਗਾ। 21 ਅਪਰੈਲ ਨੂੰ ਜਥਾ ਸਵੇਰੇ ਵਾਹਗਾ-ਅਟਾਰੀ ਸਰਹੱਦ ਰਸਤੇ ਵਤਨ ਪਰਤ ਆਵੇਗਾ।

ਇਸ ਮੌਕੇ ਸਰਵਣ ਸਿੰਘ ਸੰਗਰੂਰ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਭਾਰਤੀ ਸਿੱਖ ਸ਼ਰਧਾਲੂਆਂ ਦੇ ਵੀਜ਼ੇ ਰੱਦ ਨਹੀਂ ਕਰਨੇ ਚਾਹੀਦੇ ਸਗੋਂ ਵੀਜ਼ਿਆਂ ਦੀ ਗਿਣਤੀ ਵਧਾਉਣੀ ਚਾਹੀਦੀ ਹੈ। ਇਸ ਨਾਲ ਦੂਰੀਆਂ ਘਟਣਗੀਆਂ ਅਤੇ ਸਬੰਧ ਬਿਹਤਰ ਹੋਣਗੇ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿੱਚ ਵੀਜ਼ਾ ਸੈਂਟਰ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਹਰਪਾਲ ਸਿੰਘ ਭੁੱਲਰ ਨੇ ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਤੋਂ ਮੰਗ ਕੀਤੀ ਕਿ ਦੋਹਾਂ ਮੁਲਕਾਂ ਵਿਚਾਲੇ ਸਮਝੌਤਾ ਐਕਸਪ੍ਰੈਸ ਮੁੜ ਚਲਾਈ ਜਾਵੇ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਾਰਤ ’ਚ ਮਨੁੱਖੀ ਹੱਕਾਂ ਦੇ ਘਾਣ ’ਤੇ ਸਾਡੀ ਨਜ਼ਰ: ਬਲਿੰਕਨ
Next articleਜਿੰਨਾ ਤੇਲ ਅਸੀਂ ਰੂਸ ਤੋਂ ਮਹੀਨੇ ’ਚ ਖਰੀਦਦੇ ਹਾਂ, ਯੂਰੋਪ ਇਕ ਦੁਪਹਿਰ ਨੂੰ ਖਰੀਦ ਲੈਂਦੈ: ਜੈਸ਼ੰਕਰ