– ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਦੇ 10 ਸਾਲ ਹੋਏ ਪੂਰੇ, 667 ਗਰਭਵਤੀ ਔਰਤਾਂ ਨੇ ਲਿਆ ਮੁਫ਼ਤ ਸਿਹਤ ਸੇਵਾਵਾਂ ਦਾ ਲਾਭ
– ਸੁਰੱਖਿਅਤ ਮਾਤ੍ਰਤਵ ਲਈ ਜ਼ਿਲ੍ਹਾ ਸਿਹਤ ਵਿਭਾਗ ਦੀ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ
ਨਵਾਂਸ਼ਹਿਰ (ਸਮਾਜ ਵੀਕਲੀ) ( ਮਨੋਰੰਜਨ ਕਾਲੀਆ) : ਮਾਤਾ ਅਤੇ ਬੱਚੇ ਦੀ ਸਿਹਤ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਦੇ 10 ਸਾਲ ਪੂਰੇ ਹੋਣ ਮੌਕੇ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵਿਸ਼ੇਸ਼ ਐਂਟੀਨੇਟਲ ਜਾਂਚ ਕੈਂਪ ਲਗਾਏ ਗਏ। ਮਾਣਯੋਗ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਿਹਤ ਸੰਸਥਾਨਾਂ ਵਿੱਚ ਗਰਭਵਤੀ ਔਰਤਾਂ ਨੂੰ ਮਾਹਰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਭਿਆਨ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਬਲਾਕਾਂ ਵਿੱਚ ਕੁੱਲ 667 ਗਰਭਵਤੀ ਔਰਤਾਂ ਦੀ ਐਂਟੀਨੇਟਲ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 166 ਔਰਤਾਂ ਨੂੰ ਹਾਈ ਰਿਸਕ ਗਰਭ ਅਵਸਥਾ ਵਾਲਾ ਪਾਇਆ ਗਿਆ। ਇਨ੍ਹਾਂ ਮਹਿਲਾਵਾਂ ਨੂੰ ਵਿਸ਼ੇਸ਼ ਮੈਡੀਕਲ ਨਿਗਰਾਨੀ ਅਤੇ ਲੋੜੀਂਦੀਆਂ ਸਿਹਤ ਸੇਵਾਵਾਂ ਨਾਲ ਜੋੜਿਆ ਗਿਆ। ਇਸ ਤੋਂ ਇਲਾਵਾ 161 ਗਰਭਵਤੀ ਔਰਤਾਂ ਦੇ ਮੁਫ਼ਤ ਅਲਟਰਾਸਾਊਂਡ ਸਕੈਨ ਵੀ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਦਾ ਉਦੇਸ਼ ਹਰ ਗਰਭਵਤੀ ਮਹਿਲਾ ਤੱਕ ਗੁਣਵੱਤਾ ਭਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪਹੁੰਚਾਉਣਾ ਹੈ। ਕੈਂਪਾਂ ਦੌਰਾਨ ਐਂਟੀਨੇਟਲ ਜਾਂਚ, ਅਲਟਰਾਸਾਊਂਡ, ਖੂਨ ਦੀ ਜਾਂਚ, ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਯੂਰਿਨ ਟੈਸਟਾਂ ਦੇ ਨਾਲ-ਨਾਲ ਟੀ.ਟੀ. ਟੀਕਾਕਰਨ, ਆਇਰਨ-ਫੋਲਿਕ ਐਸਿਡ, ਕੈਲਸ਼ੀਅਮ ਅਤੇ ਹੋਰ ਜ਼ਰੂਰੀ ਦਵਾਈਆਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਗਈਆਂ। ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਹਾਈ ਰਿਸਕ ਗਰਭਵਤੀਆਂ ਦੀ ਸਮੇਂ ਸਿਰ ਪਛਾਣ ਨਾਲ ਗਰਭ ਅਵਸਥਾ ਦੌਰਾਨ ਪੈਦਾ ਹੋਣ ਵਾਲੀਆਂ ਜਟਿਲਤਾਵਾਂ ਨੂੰ ਘੱਟ ਕਰਨ ਅਤੇ ਮਾਂ ਤੇ ਬੱਚੇ ਦੀ ਮੌਤ ਦਰ ਵਿੱਚ ਕਮੀ ਲਿਆਉਣ ਵਿੱਚ ਮਹੱਤਵਪੂਰਨ ਮਦਦ ਮਿਲਦੀ ਹੈ। ਉਨ੍ਹਾਂ ਗਰਭਵਤੀ ਔਰਤਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬੱਧ ਮੁਫ਼ਤ ਜੱਚਾ ਬੱਚਾ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ “ਸਿਹਤਮੰਦ ਮਾਂ ਹੀ ਸਿਹਤਮੰਦ ਪਰਿਵਾਰ ਅਤੇ ਸਿਹਤਮੰਦ ਸਮਾਜ ਦੀ ਨੀਂਹ ਹੈ” ਅਤੇ ਜ਼ਿਲ੍ਹਾ ਸਿਹਤ ਵਿਭਾਗ ਮਾਤਾ ਅਤੇ ਬਾਲ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



