ਰੇਤ ਮਾਫ਼ੀਆ ਖਿ਼ਲਾਫ਼ ਰਾਜਪਾਲ ਨੂੰ ਮਿਲਿਆ ‘ਆਪ’ ਦਾ ਵਫ਼ਦ

 

  • ਰਾਘਵ ਚੱਢਾ ਨੇ ਕੀਤੀ ਵਫ਼ਦ ਦੀ ਅਗਵਾਈ

ਚੰਡੀਗੜ੍ਹ (ਸਮਾਜ ਵੀਕਲੀ):  ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਦੀ ਅਗਵਾਈ ਹੇਠ ਪਾਰਟੀ ਵਫ਼ਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਰੇਤ ਮਾਫ਼ੀਆ ਮਾਮਲੇ ’ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਰਾਜਪਾਲ ਨੂੰ ਮੰਗ ਪੱਤਰ ਸੌਂਪਦਿਆਂ ਰੇਤ ਦੇ ਗ਼ੈਰਕਾਨੂੰਨੀ ਕਾਰੋਬਾਰ ਮਾਮਲੇ ’ਚ ਦਖ਼ਲ ਦੇਣ ਦੀ ਵੀ ਮੰਗ ਕੀਤੀ ਹੈ। ਵਫ਼ਦ ਨੇ ਗ਼ੈਰਕਾਨੂੰਨੀ ਰੇਤ ਖਣਨ ਮਾਮਲੇ ’ਚ ਮੁੱਖ ਮੰਤਰੀ ਦੇ ਰਿਸ਼ਤੇਦਾਰਾਂ ’ਤੇ ਈਡੀ ਦੇ ਛਾਪਿਆਂ ’ਚ ਜ਼ਬਤ ਹੋਏ ਕਰੋੜਾਂ ਰੁਪਏ ਅਤੇ ਸਨਸਨੀਖ਼ੇਜ਼ ਦਸਤਾਵੇਜ਼ ਚੰਨੀ ਦੇ ਹੀ ਦੱਸੇ ਹਨ। ਉਨ੍ਹਾਂ ਇਸ ਮਾਮਲੇ ਦੀ ਬਾਰੀਕੀ ਨਾਲ ਸਮਾਂਬੱਧ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਸ੍ਰੀ ਚੱਢਾ ਨੇ ਦੱਸਿਆ ਕਿ ਰਾਜਪਾਲ ਨੇ ‘ਆਪ’ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲਿਆ ਹੈ।

ਵਫ਼ਦ ਨੇ ਰਾਜਪਾਲ ਨੂੰ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਜਿੰਦਾਪੁਰ ਵਿੱਚ ਮਾਰੇ ਗਏ ਛਾਪੇ ਅਤੇ ਮਿਲੇ ਸਬੂਤਾਂ ਤੋਂ ਇਲਾਵਾ ਈਡੀ ਦੇ ਛਾਪੇ ਦੌਰਾਨ ਮੁੱਖ ਮੰਤਰੀ ਦੇ ਭਤੀਜੇ ਦੇ ਘਰੋਂ ਮਿਲੇ 10 ਕਰੋੜ ਰੁਪਏ, ਮਹਿੰਗੀਆਂ ਘੜੀਆਂ, 22 ਲੱਖ ਦਾ ਸੋਨਾ, ਮਹਿੰਗੀਆਂ ਗੱਡੀਆਂ, 54 ਕਰੋੜ ਦੀਆਂ ਬੈਂਕ ਦੇਣਦਾਰੀਆਂ ਅਤੇ ਜ਼ਮੀਨ-ਜਾਇਦਾਦਾਂ ਦੀਆਂ ਰਜਿਸਟਰੀਆਂ ਬਾਰੇ ਵੀ ਜਾਣਕਾਰੀ ਦਿੱਤੀ ਹੈ। ‘ਆਪ’ ਆਗੂ ਨੇ ਦੱਸਿਆ ਕਿ ਪਾਰਟੀ ਲੰਮੇ ਸਮੇਂ ਤੋਂ ਦੋਸ਼ ਲਾਉਂਦੀ ਆ ਰਹੀ ਹੈ ਕਿ ਪੰਜਾਬ ਵਿੱਚ ਰੇਤ ਮਾਫ਼ੀਆ ਮੁੱਖ ਮੰਤਰੀ ਦੀ ਸਰਪ੍ਰਸਤੀ ਹੇਠ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਚੰਨੀ ਹੀ ਰੇਤ ਮਾਫ਼ੀਆ ਚਲਾ ਰਹੇ ਹਨ ਅਤੇ ਜਦੋਂ ਚੰਨੀ ਮੰਤਰੀ ਸਨ ਉਦੋਂ ਵੀ ਕੈਪਟਨ ਨੇ ਇਸ ਮਾਮਲੇ ਵਿੱਚ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖਤੀ ਸ਼ਿਕਾਇਤ ਕੀਤੀ ਸੀ।

ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਚੰਨੀ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ’ਤੇ ਉਸ ਨੂੰ ਮੁੱਖ ਮੰਤਰੀ ਬਣਾ ਦਿੱਤਾ, ਜਿਸ ਤੋਂ ਸ਼ੱਕ ਪੈਦਾ ਹੁੰਦਾ ਹੈ ਕਿ ਪੰਜਾਬ ਵਿੱਚੋਂ ਰੇਤ ਮਾਫ਼ੀਆ ਦਾ ਪੈਸਾ ਕਾਂਗਰਸ ਹਾਈਕਮਾਨ ਤੱਕ ਜਾਂਦਾ ਹੈ। ‘ਆਪ’ ਆਗੂ ਨੇ ਮੰਗ ਕੀਤੀ ਕਿ ਰੇਤ ਮਾਫ਼ੀਆ ਅਤੇ ਈਡੀ ਦੇ ਛਾਪਿਆਂ ਦੌਰਾਨ ਮਿਲੇ ਬੇਨਾਮੀ ਜਾਇਦਾਦ ਦੇ ਮਾਮਲਿਆਂ ’ਚ ਮੁੱਖ ਮੰਤਰੀ ਅਤੇ ਉਸ ਦੇ ਰਿਸ਼ਤੇਦਾਰਾਂ ਖ਼ਿਲਾਫ਼ ਕੇਸ ਦਰਜ ਕਰਕੇ ਨਿਰਪੱਖ ਜਾਂਚ ਕਰਵਾਈ ਜਾਵੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleUkraine welcomes EU decision on new 1.2bn euro aid
Next articleਹਾਈ ਕੋਰਟ ਵੱਲੋਂ ਮਜੀਠੀਆ ਦੀ ਅਗਾਊਂ ਜ਼ਮਾਨਤ ਰੱਦ