ਚੰਡੀਗੜ੍ਹ (ਸਮਾਜ ਵੀਕਲੀ) :ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਸਮੇਤ ਹੋਰਨਾਂ ਰਾਜਾਂ ਵਿੱਚ ਪਾਰਟੀ ਦੇ ਵਿਸਥਾਰ ਲਈ ‘ਆਪ’ ਵੱਲੋਂ ਲਾਪ੍ਰਵਾਹੀ ਨਾਲ ਸਰਕਾਰੀ ਖ਼ਜ਼ਾਨੇ ਦੀ ਵਰਤੋਂ ਕੀਤੀ ਗਈ ਹੈ। ਇਸ ਮੌਕੇ ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਵੱਲੋਂ 2016 ਵਿੱਚ ਕਥਿਤ ਤੌਰ ’ਤੇ ਸਿਆਸੀ ਇਸ਼ਤਿਹਾਰਾਂ ਨੂੰ ਸਰਕਾਰੀ ਇਸ਼ਤਿਹਾਰਾਂ ਵਜੋਂ ਪ੍ਰਕਾਸ਼ਿਤ ਕਰਨ ਲਈ ਦਿੱਲੀ ਦੇ ਮੁੱਖ ਸਕੱਤਰ ਨੂੰ ‘ਆਪ’ ਤੋਂ 97 ਕਰੋੜ ਰੁਪਏ ਵਸੂਲਣ ਸਬੰਧੀ ਦਿੱਤੇ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਸ੍ਰੀ ਬਾਜਵਾ ਨੇ ਮੰਗ ਕੀਤੀ ਹੈ ਕਿ ‘ਆਪ’ ਸਰਕਾਰ ਵੱਲੋਂ ਗੁਜਰਾਤ ਤੇ ਹਿਮਾਚਲ ਚੋਣਾਂ ਦੌਰਾਨ ਇਸ਼ਤਿਹਾਰਾਂ ਲਈ ਸੂਬੇ ਦੇ ਖ਼ਜ਼ਾਨੇ ਵਿੱਚੋਂ ਕੀਤਾ ਗਿਆ ਖਰਚ ਹੁਣ ਪਾਰਟੀ ਦੇ ਖਾਤੇ ਵਿੱਚੋਂ ਮੋੜਿਆ ਜਾਵੇ।
ਸ੍ਰੀ ਬਾਜਵਾ ਨੇ ਕਿਹਾ ਕਿ ਪੰਜਾਬ ਦੀ ਆਰਥਿਕ ਹਾਲਤ ਪਹਿਲਾਂ ਹੀ ਬੁਰੇ ਦੌਰ ’ਚੋਂ ਲੰਘ ਰਹੀ ਹੈ। ਇਸ ਲਈ ਸਰਕਾਰ ਨੂੰ ਅਜਿਹੇ ਬੇਲੋੜੇ ਖਰਚਿਆਂ ਤੋਂ ਬਚਦੇ ਹੋਏ ਸੂਬੇ ਦੇ ਵਿਕਾਸ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਨਿਵੇਸ਼ ਕਰਵਾਉਣ ਦੇ ਉਦੇਸ਼ ਹਿਤ ਬਾਹਰਲੇ ਸੂਬਿਆਂ ਦੇ ਸਨਅਤਕਾਰਾਂ ਨੂੰ ਰਾਜ਼ੀ ਕਰਵਾਉਣ ਤੋਂ ਪਹਿਲਾਂ ਸੂਬੇ ’ਚ ਪਹਿਲਾਂ ਤੋਂ ਮੌਜੂਦ ਸਨਅਤਕਾਰਾਂ ਦੇ ਹੱਕਾਂ ਦੀ ਰਾਖੀ ਦਾ ਖ਼ਿਆਲ ਕਰਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly